ਚੰਡੀਗੜ੍ਹ 21 ਅਗਸਤ, (ਖ਼ਬਰ ਖਾਸ ਬਿਊਰੋ)
ਦੇਸ਼ ਦੀਆਂ ਦਲਿਤ ਅਤੇ ਆਦਿਵਾਸੀ ਸੰਗਠਨਾਂ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ਼ ‘ਭਾਰਤ ਬੰਦ’ ਦਾ ਸੱਦਾ ਦਿੱਤਾ ਹੈ। ਬੰਦ ਦਾ ਸੱਦਾ ਹਾਸ਼ੀਏ ‘ਤੇ ਪੁੱਜੇ ਭਾਈਚਾਰਿਆਂ ਦੀ ਮਜ਼ਬੂਤ ਨੁਮਾਇੰਦਗੀ ਅਤੇ ਸੁਰੱਖਿਆ ਦੀ ਮੰਗ ਲਈ ਦਿੱਤਾ ਗਿਆ ਹੈ।
ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਨੇ ਵੀ ਬੰਦ ਦਾ ਸਮਰਥਨ ਕੀਤਾ ਹੈ। ਉਹਨਾਂ ਕਿਹਾ ਕਿ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਰਾਖਵਾਂਕਰਨ ਵਿਰੁੱਧ ਸਾਜਿਸ਼ ਰਚ ਰਹੀ ਹੈ। ਉਨਾਂ ਕਿਹਾ ਕਿ ਸਭਤੋ ਪਹਿਲਾਂ ਕਾਂਗਰਸ ਨੇ SC ਭਾਈਚਾਰੇ ਨੂੰ ਵੰਡਣ ਲਈ ਇਹ ਸਾਜਿਸ਼ ਕੀਤੀ ਸੀ। ਉਨਾਂ ਕਿਹਾ ਕਿ ਸੁਪਰੀਮ ਕੋਰਟ ਦੇ ਕਰੀਮੀ ਲੇਅਰ ਨੂੰ ਰਾਖਵਾਂਕਰਕਨ ਦੇ ਲਾਭ ਤੋਂ ਬਾਹਰ ਕਰਨ ਨਾਲ ਐੱਸ.ਸੀ.ਬੀ.ਸੀ ਭਾਈਚਾਰੇ ਵਿਚ ਰੋਸ ਦੀ ਲਹਿਰ ਹੈ।
ਨੈਸ਼ਨਲ ਕਨਫੈਡਰੇਸ਼ਨ ਆਫ ਦਲਿਤ ਐਂਡ ਟ੍ਰਾਈਬਲ ਆਰਗੇਨਾਈਜ਼ੇਸ਼ਨ (ਐਨਏਸੀਡੀਏਓਆਰ) ਨੇ ਵੀ ਮੰਗਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਵਿੱਚ ਸਭ ਤੋਂ ਮਹੱਤਵਪੂਰਨ ਅਨੁਸੂਚਿਤ ਜਾਤੀਆਂ (SC), ਅਨੁਸੂਚਿਤ ਕਬੀਲਿਆਂ (ST) ਅਤੇ ਹੋਰ ਪੱਛੜੀਆਂ ਸ਼੍ਰੇਣੀਆਂ (OBC) ਲਈ ਨਿਆਂ ਅਤੇ ਸਮਾਨਤਾ ਦੀਆਂ ਮੰਗਾਂ ਹਨ।

ਪਿਛਲੇ ਦਿਨ ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਨੇ ਰਾਖਵਾਂਕਰਨ ਨੂੰ ਲੈ ਕੇ ਰਾਖਵਾਂਕਰਨ ਵਿਚ ਰਾਖਵਾਂਕਰਨ ਨੀਤੀ ਨੂੰ ਜਾਇਜ਼ ਦੱਸਦੇ ਹੋਏ ਕਰੀਮੀ ਲੇਅਰ ਨੂੰ ਰਾਖਵਾਂਕਰਨ ਦਾ ਲਾਭ ਨਾ ਦੇਣ ਦਾ ਫੈਸਲਾ ਕੀਤਾ ਹੈ। ਜਿਸ ਕਰਕੇ ਅਨੁਸੂਚਿਤ ਜਾਤੀ ਭਾਈਚਾਰੇ ਵਿਚ ਰੋਸ ਹੈ ਅਤੇ 21 ਅਗਸਤ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੋਇਆ ਹੈ। ਬਹੁਜਨ ਸਮਾਜ ਪਾਰਟੀ ਖੁੱਲ਼ਕੇ ਭਾਰਤ ਬੰਦ ਦਾ ਸਮਰਥਨ ਕਰਦੀ ਹੈ।