ਅੰਮ੍ਰਿਤਸਰ,13 ਅਪ੍ਰੈਲ (ਖ਼ਬਰ ਖਾਸ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾ ਦੇ ਦਰਸ਼ਨ ਦਿਦਾਰੇ ਕਰਵਾਉਣ ਲਈ ਅੱਜ 929 ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਹੋਇਆ।
ਸ਼੍ਰੋਮਣੀ ਕਮੇਟੀ ਮੈਂਬਰ ਕੁਲਵੰਤ ਸਿੰਘ ਮੰਨਣ, ਅਮਰਜੀਤ ਸਿੰਘ ਭਲਾਈਪੁਰ, ਰਵਿੰਦਰ ਸਿੰਘ ਖਾਲਸਾ ਤੇ ਜਨਰਲ ਪ੍ਰਬੰਧਕ ਵਜੋਂ ਗਏ ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਪਰਮਜੀਤ ਸਿੰਘ ਤੇ ਰਣਜੀਤ ਸਿੰਘ ਭੋਮਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਹੋਰਨਾ ਨੇ ਸਿਰੋਪਾਓ ਅਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨ ਕੀਤਾ। ਜਥੇ ਦੇ ਆਗੂ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਹਰ ਸਿੱਖ ਦੇ ਮਨ ਅੰਦਰ ਤੀਬਰ ਤਾਂਘ ਹੁੰਦੀ ਹੈ ਅਤੇ ਦਰਸ਼ਨ ਲਈ ਸਮਾਂ ਮਿਲਣ ਤੇ ਸਿੱਖ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਦੇਖਦੇ ਹੋਏ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਖੁੱਲਦਿਲੀ ਨਾਲ ਵੀਜੇ ਦੇਣੇ ਚਾਹੀਦੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਨ੍ਹਾਂ ਨੂੰ ਜਥੇ ਦੀ ਅਗਵਾਈ ਸੌਂਪਣ ਲਈ ਧੰਨਵਾਦ ਕੀਤਾ।
ਜਥਾ ਰਵਾਨਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਜਥਾ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ ਵਿਸਾਖੀ ਦੇ ਮੁੱਖ ਸਮਾਗਮ ਵਿਚ ਸ਼ਮੂਲੀਅਤ ਕਰਕੇ 15 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪੁੱਜੇਗਾ, ਜਿਥੋਂ 17 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਸੱਚਾ ਸੌਦਾ ਸਾਹਿਬ ਦੇ ਦਰਸ਼ਨ ਕਰੇਗਾ। 18 ਅਪ੍ਰੈਲ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਾਵੇਗਾ, ਜਿਥੋਂ 20 ਅਪ੍ਰੈਲ ਨੂੰ ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਦੇ ਦਰਸ਼ਨ ਕਰਕੇ ਜਥਾ ਲਾਹੌਰ ਪੁੱਜੇਗਾ। 21 ਅਪ੍ਰੈਲ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਰੁਕਣ ਉਪਰੰਤ 22 ਅਪ੍ਰੈਲ ਨੂੰ ਇਹ ਜਥਾ ਵਾਪਸ ਭਾਰਤ ਪਰਤੇਗਾ।