ਸਮੂਹ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ, ਗ੍ਰੰਥੀ ਸਿੰਘਾਂ ਤੇ ਸੇਵਾਦਾਰਾਂ ਨੂੰ ਪੁਖਤਾ ਪ੍ਰਬੰਧ ਵਰਤਣ ਦੇ ਦਿੱਤੇ ਹੁਕਮ
ਅੰਮ੍ਰਿਤਸਰ,19 ਅਪ੍ਰੈਲ (ਖ਼ਬਰ ਖਾ੍ਸ ਬਿਊਰੋ)
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਮੂਹ ਗੁਰਦੁਆਰਾ ਸਾਹਿਬਾਨਾਂ ਦੀਆਂ ਪ੍ਰਬੰਧਕ ਕਮੇਟੀਆਂ, ਗ੍ਰੰਥੀ ਸਿੰਘਾਂ ਅਤੇ ਸੇਵਾਦਾਰਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ-ਸਤਿਕਾਰ ਨੂੰ ਕਾਇਮ ਰੱਖਣ ਲਈ ਪੁਖਤਾ ਪ੍ਰਬੰਧ ਰੱਖਣ ਅਤੇ ਗੁਰਦੁਆਰਾ ਸਾਹਿਬ ਵਿਖੇ 24 ਘੰਟੇ ਪਹਿਰੇਦਾਰੀ ਨੂੰ ਯਕੀਨੀ ਬਣਾਉਣ ਦਾ ਹੁਕਮ ਜਾਰੀ ਕੀਤਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪਿੰਡ ਪੋਤਾ ਚੀਮਾ (ਹੁਸ਼ਿਆਰਪੁਰ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ-ਜੋਤਿ ਇਸ਼ਟ ਹਨ। ਜਦੋਂ ਕਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਘਟਨਾ ਵਾਪਰਦੀ ਹੈ ਤਾਂ ਸਮੁੱਚੇ ਸੰਸਾਰ ਵਿਚ ਵੱਸਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਅਸਹਿਣਯੋਗ ਠੇਸ ਪੁੱਜਦੀ ਹੈ। ਉਨ੍ਹਾਂ ਆਖਿਆ ਕਿ ਸਰਕਾਰਾਂ ਦੀ ਢਿੱਲੀ ਕਾਨੂੰਨ ਅਤੇ ਨਿਆਂ ਪ੍ਰਣਾਲੀ ਕਾਰਨ ਬੇਅਦਬੀਆਂ ਦੇ ਨਿੰਦਣਯੋਗ ਵਰਤਾਰੇ ਨੂੰ ਠੱਲ੍ਹ ਨਹੀਂ ਪੈ ਰਹੀ। ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਜਦੋਂ ਵਾਰ-ਵਾਰ ਗੁਰੂ-ਘਰਾਂ ਵਿਚ ਬੇਅਦਬੀਆਂ ਹੋ ਰਹੀਆਂ ਹੋਣ ਤਾਂ ਸਿਰਫ਼ ਸਰਕਾਰਾਂ ਕੋਲੋਂ ਹੀ ਇਨਸਾਫ ਦੀ ਟੇਕ ਰੱਖਣ ਦੀ ਬਜਾਇ ਸਿੱਖ ਸੰਗਤਾਂ ਨੂੰ ਵੀ ਆਪਣੀ ਜ਼ਿੰਮੇਵਾਰੀ ਸਮਝਣ ਦੀ ਲੋੜ ਹੈ। ਉਨ੍ਹਾਂ ਸਖ਼ਤ ਲਹਿਜ਼ੇ ਵਿਚ ਆਖਿਆ ਕਿ ਭਵਿੱਖ ਵਿਚ ਕਿਸੇ ਵੀ ਬੇਅਦਬੀ ਦੀ ਘਟਨਾ ਲਈ ਸਬੰਧਿਤ ਗੁਰਦੁਆਰਾ ਪ੍ਰਬੰਧਕਾਂ ਤੇ ਗ੍ਰੰਥੀ ਸਿੰਘਾਂ ਖ਼ਿਲ਼ਾਫ਼ ਵੀ ਧਾਰਮਿਕ ਤੇ ਕਾਨੂੰਨੀ ਕਾਰਵਾਈ ਹੋਵੇਗੀ।
>ਇਹ ਨਾ ਕੀਤਾ ਜਾਵੇ –
ਗਿਆਨੀ ਰਘਬੀਰ ਸਿੰਘ ਨੇ ਨਾਲ ਹੀ ਗਰਮੀਆਂ ਦੇ ਮੌਸਮ ਦੇ ਮੱਦੇਨਜ਼ਰ ਗੁਰਦੁਆਰਾ ਪ੍ਰਬੰਧਕਾਂ ਤੇ ਗ੍ਰੰਥੀ ਸਿੰਘਾਂ ਨੂੰ ਵਧੇਰੇ ਅਹਿਤਿਆਤ ਰੱਖਣ ਦੇ ਆਦੇਸ਼ ਦਿੰਦਿਆਂ ਆਖਿਆ ਹੈ ਕਿ ਪ੍ਰਕਾਸ਼ ਅਸਥਾਨਾਂ ਅਤੇ ਸੁੱਖ-ਆਸਨ ਅਸਥਾਨਾਂ ‘ਤੇ ਪਲਾਸਟਿਕ ਦੇ ਪੱਖੇ, ਕੂਲਰ ਆਦਿ ਲਗਾਉਣ ਤੋਂ ਗੁਰੇਜ਼ ਕੀਤਾ ਜਾਵੇ, ਕਿਉਂਕਿ ਗਰਮੀ ਵਿਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਇਹ ਅੱਗ ਲੱਗਣ ਦਾ ਜ਼ੋਖਮ ਵਧਾਉਂਦੇ ਹਨ।
>ਭਵਿੱਖ ਵਿਚ ਵਾਪਰੀ ਘਟਨਾ ਤਾਂ ਗ੍ਰੰਥੀ ਸਿੰਘ ਵੀ ਹੋਣਗੇ ਸਜ਼ਾ ਦੇ ਹੱਕਦਾਰ
ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਪ੍ਰਚਾਰਕਾਂ ਨੂੰ ਵੀ ਆਪਣੇ ਹਲਕਿਆਂ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ-ਸਤਿਕਾਰ ਲਈ ਜਾਗਰੂਕਤਾ ਪੈਦਾ ਕਰਨ ਵਾਸਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਗ੍ਰੰਥੀ ਸਿੰਘਾਂ ਦੀ ਕੌਂਸਲਿੰਗ ਕਰਨ ਅਤੇ ਇਸ ਸਬੰਧੀ ਆਪੋ-ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ ਦੇ ਵੀ ਆਦੇਸ਼ ਕੀਤੇ ਹਨ। ਉਨ੍ਹਾਂ ਆਖਿਆ ਕਿ ਹਰੇਕ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ-ਸਤਿਕਾਰ ਨੂੰ ਮੁੱਖ ਰੱਖਦਿਆਂ 24 ਘੰਟੇ ਪਹਿਰੇਦਾਰੀ ਯਕੀਨੀ ਬਣਾਉਣ ਲਈ ਗੁਰਦੁਆਰਾ ਕਮੇਟੀਆਂ ਤੇ ਗ੍ਰੰਥੀ ਸਿੰਘ ਆਪਣੀ ਜ਼ਿੰਮੇਵਾਰੀ ਸੰਭਾਲਣ ਅਤੇ ਭਵਿੱਖ ਵਿਚ ਬੇਅਦਬੀ ਵਰਗੀ ਮਾੜੀ ਘਟਨਾ ਲਈ ਗੁਰਦੁਆਰਾ ਪ੍ਰਬੰਧਕ ਅਤੇ ਗ੍ਰੰਥੀ ਸਿੰਘ ਵੀ ਜ਼ਿੰਮੇਵਾਰ ਹੋਣਗੇ ਅਤੇ ਸਿੱਖ ਰਵਾਇਤਾਂ ਅਨੁਸਾਰ ਸਖ਼ਤ ਧਾਰਮਿਕ ਸਜ਼ਾ ਦੇ ਹੱਕਦਾਰ ਹੋਣਗੇ।