ਚੰਡੀਗੜ੍ਹ 4 ਸਤੰਬਰ (ਖ਼ਬਰ ਖਾਸ ਬਿਊਰੋ)
ਪੰਜਾਬ ਸਰਕਾਰ ਵੱਲੋਂ ਖੇਤੀ ਨੀਤੀ ਜਨਤਕ ਨਾ ਕੀਤੇ ਜਾਣ ’ਤੇ ਕਿਸਾਨ ਜਥੇਬੰਦੀਆਂ ਸੈਕਟਰ 34 ਸਥਿਤ ਦੁਸਹਿਰਾ ਗਰਾਊਂਡ ਵਿੱਚ ਪੱਕਾ ਮੋਰਚਾ ਲਾਉਣ ’ਤੇ ਅੜੀਆ ਰਹੀਆਂ। ਕਿਸਾਨਾਂ ਦਾ ਰੋਸ ਪ੍ਰਦਰਸ਼ਨ ਬੁੱਧਵਾਰ ਨੂੰ ਵੀ ਜਾਰੀ ਰਿਹਾ। ਕਿਸਾਨ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ 5 ਸਤੰਬਰ ਦਿਨ ਵੀਰਵਾਰ ਨੂੰ ਬਾਅਦ ਦੁਪਹਿਰ 3 ਵਜੇ ਮੀਟਿੰਗ ਤੈਅ ਹੋਈ ਹੈ। ਸਰਕਾਰ ਵੱਲੋਂ ਕਿਸਾਨ ਜਥੇਬੰਦੀ ਨੂੰ ਲਿਖਤੀ ਪੱਤਰ ਵੀ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਹੁਣ ਮੀਟਿੰਗ ਤੋਂ ਬਾਅਦ ਹੀ ਫੈਸਲਾ ਲਿਆ ਜਾਵੇਗਾ ਕਿ ਮੋਰਚਾ ਜਾਰੀ ਰੱਖਣਾ ਹੈ ਜਾਂ ਖਤਮ ਕਰਨਾ ਹੈ।
ਬੁੱਧਵਾਰ ਨੂੰ ਪੰਜਾਬ ਸਰਕਾਰ ਵੱਲੋਂ ਮੋਰਚਾ ਸਮਾਪਤ ਕਰਵਾਉਣ ਦੀ ਪਹਿਲਕਦਮੀ ਕੀਤੀ ਗਈ। ਕਿਸਾਨ ਜਥੇਬੰਦੀਆਂ ਨੂੰ ਇਹ ਸੁਨੇਹਾ ਦਿੱਤਾ ਗਿਆ ਕਿ ਉਨ੍ਹਾਂ ਦੀ ਸ਼ਾਮ 5 ਵਜੇ ਮੁੱਖ ਸਕੱਤਰ ਅਨੁਰਾਗ ਵਰਮਾ ਨਾਲ ਮੀਟਿੰਗ ਹੋਵੇਗੀ। ਦਰਜਨ ਦੇ ਕਰੀਬ ਕਿਸਾਨ ਆਗੂ ਸਮੇਂ ਸਿਰ ਪੰਜਾਬ ਭਵਨ ਪਹੁੰਚ ਗਏ। ਕਿਸਾਨ ਆਗੂ ਮੁੱਖ ਸਕੱਤਰ ਦਾ ਇੰਤਜ਼ਾਰ ਕਰ ਰਹੇ ਸਨ ਤਾੰ ਇਕ ਪੁਲਿਸ ਅਧਿਕਾਰੀ ਨੇ ਕਿਸਾਨ ਆਗੂਆਂ ਨੂੰ ਦੱਸਿਆ ਕਿ ਗਲਤ ਫ਼ਹਮੀ ਹੋਈ ਹੈ ਹੁਣ ਸਿੱਧੀ ਮੁੱਖ ਮੰਤਰੀ ਭਗਵੰਤ ਨਾਲ ਹੀ ਕੱਲ ਮੀਟਿੰਗ ਹੋਵੇਗੀ।
ਪੁਲਿਸ ਅਧਿਕਾਰੀ ਨੇ ਕਿਸਾਨ ਆਗੂਆਂ ਨੂੰ ਮੁੱਖ ਮੰਤਰੀ ਨਾਲ ਵੀਰਵਾਰ ਨੂੰ ਬਾਅਦ ਦੁਪਿਹਰ ਹੋਣ ਵਾਲੀ ਮੀਟਿੰਗ ਸਬੰਧੀ ਪੱਤਰ ਵੀ ਸੌਂਪਿਆ। ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਮੀਟਿੰਗ ਤੋਂ ਬਾਅਦ ਹੀ ਅਗਲਾ ਫੈਸਲਾ ਲਿਆ ਜਾਵੇਗਾ। ਵਰਨਣਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਤਰਫੋਂ 2 ਸਤੰਬਰ ਤੋਂ ਸੈਕਟਰ 34 ਦੇ ਦੁਸਹਿਰਾ ਗਰਾਊਂਡ ਵਿੱਚ ਮੋਰਚਾ ਲਾਇਆ ਗਿਆ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨਾਂ ਦੀ ਮਹਾਂਪੰਚਾਇਤ ਵੀ ਹੋਈ। ਕਿਸਾਨ ਜਥੇਬੰਦੀਆਂ ਦੀ ਮੁੱਖ ਮੰਗ ਹੈ ਕਿ ਖੇਤੀ ਨੀਤੀ ਨੂੰ ਜਨਤਕ ਕੀਤਾ ਜਾਵੇ। ਹਾਲਾਂਕਿ ਬੁੱਧਵਾਰ ਨੂੰ ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਸਪੱਸ਼ਟ ਕੀਤਾ ਕਿ ਸਰਕਾਰ ਕਿਸਾਨਾਂ ਨੂੰ ਭਰੋਸੇ ਵਿੱਚ ਲਵੇਗੀ। ਉਹਨਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਉਦਾਹਰਨ ਦਿੱਤੀ ਕਿ ਜੇਕਰ ਤਿੰਨ ਖੇਤੀ ਕਾਨੂੰਨ ਬਣਾਉਣ ਵਾਲੇ ਕਿਸਾਨਾਂ ਨਾਲ ਗੱਲ ਕੀਤੀ ਹੁੰਦੀ ਤਾਂ ਖੇਤੀ ਕਾਨੂੰਨ ਵਾਪਸ ਨਾ ਲੈਣੇ ਪੈਂਦੇ। ਹੁਣ ਦੇਖਣ ਵਾਲੀ ਗੱਲ ਹੋਵੇਗੀ ਕਿ ਮੁੱਖ ਮੰਤਰੀ ਅਤੇ ਕਿਸਾਨ ਆਗੂਆਂ ਦਰਮਿਆਨ ਮੀਟਿੰਗ ਵਿਚ ਕੋਈ ਹੱਲ ਨਿਕਲੇਗਾ।