ਤਹਿਸੀਲਦਾਰ ਤੇ ਉਸਦਾ ਡਰਾਇਵਰ 50 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਕਾਬੂ

ਚੰਡੀਗੜ੍ਹ, 6 ਸਤੰਬਰ (ਖ਼ਬਰ ਖਾਸ ਬਿਊਰੋ)
ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਡੇਰਾ ਬਾਬਾ ਨਾਨਕ ਦੇ ਤਹਿਸੀਲਦਾਰ ਲਖਵਿੰਦਰ ਸਿੰਘ ਅਤੇ  ਉਸਦੇ ਡਰਾਈਵਰ ਨੂੰ 50ਹਜ਼ਾਰ  ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਖਦੇਵ ਸਿੰਘ ਸੋਹੀ ਵਾਸੀ ਪਿੰਡ ਮਨਸੂਰ, ਤਹਿਸੀਲ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ, ਜੋ ਕਿ ਹੁਣ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਮਦਾਸ ਵਿਖੇ ਰਹਿ ਰਿਹਾ ਹੈ, ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਅਜਾਇਬ ਸਿੰਘ ਵਾਸੀ ਢੰਡੋਵਾਲ ਸ਼ਾਹਕੋਟ, ਜ਼ਿਲ੍ਹਾ ਜਲੰਧਰ ਨੇ ਉਸ ਵਿਰੁੱਧ ਜ਼ਮੀਨੀ ਵਿਵਾਦ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਦੀ ਪੜਤਾਲ ਉਕਤ ਤਹਿਸੀਲਦਾਰ ਨੇ ਕਰਨੀ ਸੀ। ਇਸ ਦੌਰਾਨ ਸੁਖਦੇਵ ਸਿੰਘ ਸੋਹੀ ਨੇ ਪਿੰਡ ਰੱਤਾ ਨਿਵਾਸੀ ਦਿਲਬਾਗ ਸਿੰਘ ਨੰਬਰਦਾਰ ਨੂੰ ਨਾਲ ਲੈ ਕੇ ਉਕਤ ਤਹਿਸੀਲਦਾਰ ਤੱਕ ਪਹੁੰਚ ਕੀਤੀ ਤਾਂ ਉਕਤ ਤਹਿਸੀਲਦਾਰ ਨੇ ਆਪਣੀ ਰਿਪੋਰਟ ਵਿਚ ਸੁਖਦੇਵ ਸਿੰਘ ਸੋਹੀ ਦਾ ਪੱਖ ਪੂਰਨ ਬਦਲੇ ਦਿਲਬਾਗ ਸਿੰਘ ਰਾਹੀਂ 50 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ।
ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਜਿਸ ਵਿੱਚ ਉਕਤ ਤਹਿਸੀਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਮੌਕੇ ਉਕਤ ਤਹਿਸੀਲਦਾਰ ਨੇ ਰਿਸ਼ਵਤ ਵਜੋਂ ਹਾਸਲ ਕੀਤੀ ਰਕਮ ਆਪਣੇ ਡਰਾਈਵਰ ਨੂੰ ਫੜ੍ਹਾ ਦਿੱਤੀ ਅਤੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਡਰਾਇਵਰ ਨੂੰ ਵੀ ਰਿਸ਼ਵਤ ਦੀ ਰਕਮ ਸੰਭਾਲਣ ਲਈ ਉਕਤ ਦੇ ਸਾਥੀ ਵਜੋਂ ਦੋਸ਼ੀ ਮੰਨਦਿਆਂ ਗ੍ਰਿਫਤਾਰ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਦੋਹਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਹੋਰ ਪੜ੍ਹੋ 👉  ਮੋਹਾਲੀ ਵਿਖੇ ਬਹੁ ਮੰਜ਼ਿਲਾਂ ਇਮਰਾਤ ਡਿੱਗੀ, ਦਰਜ਼ਨਾਂ ਵਿਅਕਤੀਆਂ ਦੇ ਦੱਬੇ ਹੋਣ ਦਾ ਖਦਸ਼ਾ, ਫੌਜ ਬੁਲਾਈ

Leave a Reply

Your email address will not be published. Required fields are marked *