ਚੰਡੀਗੜ੍ਹ, 6 ਸਤੰਬਰ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਵਲੋਂ 100 ਕਰੋੜ ਰੁਪਏ ਦੇ ਸਾਈਬਰ ਫਰਾਡ ਦੇ ਮਾਮਲੇ ਸਬੰਧੀ ਪੰਜਾਬ ਪੁਲਿਸ ਦੇ ਮੁਖੀ ਨੂੰ ਦਿੱਤੀ ਸ਼ਿਕਾਇਤ ਦੀ ਸੀ ਬੀ ਆਈ ਜਾਂਚ ਕਰਵਾਉਣ।
ਸ਼ੁੱਕਰਵਾਰ ਨੂੰ ਅਕਾਲੀ ਦਲ ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਜੀਠੀਆ ਨੇ ਕਿਹਾ ਕਿ ਇਸ ਮਾਮਲੇ ਦਾ ਖੁਲ੍ਹਾਸਾ ਇੰਸਪੈਕਟਰ ਅਮਨਜੋਤ ਕੌਰ ਨੇ ਕੀਤਾ ਹੈ ਜਿਹਨਾਂ ਨੇ ਮੰਤਰੀ ਤੇ ਉਹਨਾਂ ਦੀ ਪਤਨੀ ਜਯੋਤੀ ਯਾਦਵ ’ਤੇ ਮੁਹਾਲੀ ਵਿਚ ਇਕ ਬੇਸਮੈਂਟ ਤੋਂ ਚਲਾਏ ਜਾ ਰਹੇ ਕਾਲ ਸੈਂਟਰ ਦੇ ਮਾਮਲੇ ਦੀ ਜਾਂਚ ਵਿਚ ਰੁਕਾਵਟ ਪਾਉਣ ਅਤੇ ਮੁਲਜ਼ਮਾਂ ਨੂੰ ਬਚਾਉਣ ਦੇ ਦੋਸ਼ ਲਾਏ ਹਨ। ਮਜੀਠੀਆ ਨੇ ਕਿਹਾ ਕਿ ਹਰਜੋਤ ਬੈਂਸ ਨੇ ਸਾਰੇ ਮਾਮਲੇ ਦੀ ਜਾਂਚ ਦਾ ਸਵਾਗਤ ਕੀਤਾ ਹੈ ਤਾਂ ਮੁੱਖ ਮੰਤਰੀ ਨੂੰ ਹੁਣ ਬੈਂਸ ਦੇ ਐਲਾਨ ਦਾ ਮਾਣ ਰੱਖਦਿਆਂ ਆਪਣੇ ਮੰਤਰੀ ਦੇ ਕਹੇ ਮੁਤਾਬਕ ਸਾਰੇ ਮਾਮਲੇ ਦੀ ਸੀ. ਬੀ. ਆਈ ਜਾਂਚ ਕਰਵਾਉਣ ਦੇ ਹੁਕਮ ਦੇਣੇ ਚਾਹੀਦੇ ਹਨ।
ਮਜੀਠੀਆ ਨੇ ਕਿਹਾ ਕਿ ਸੀ.ਬੀ.ਆਈ ਜਾਂ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਹੀ ਮਾਮਲੇ ਵਿਚ ਜ਼ਰੂਰੀ ਹੈ ਕਿਉਂਕਿ ਪੰਜਾਬ ਪੁਲਿਸ ਤੋਂ ਕੇਸ ਵਿਚ ਨਿਆਂ ਦੀ ਆਸ ਨਹੀਂ ਕੀਤੀ ਜਾ ਸਕਦੀ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਨੇ ਅੱਠ ਮਹੀਨੇ ਪਹਿਲਾਂ ਮਹਿਲਾ ਪੁਲਿਸ ਇੰਸਪੈਕਟਰ ਵੱਲੋਂ ਮਾਮਲਾ ਉਸਦੇ ਧਿਆਨ ਵਿਚ ਲਿਆਉਣ ਦੇ ਬਾਵਜੂਦ ਵੀ ਮਾਮਲੇ ਦੀ ਸਹੀ ਜਾਂਚ ਨਹੀਂ ਕੀਤੀ ਗਈ।
ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ ਵਿੱਤੀ ਐਮਰਜੰਸੀ ਲੱਗੀ ਹੈ ਤੇ ਕਾਨੂੰਨ ਵਿਵਸਥਾ ਦੇ ਮਾਮਲੇ ’ਤੇ ਵੀ ਐਮਰਜੰਸੀ ਲੱਗੀ ਹੈ। ਉਹਨਾਂ ਕਿਹਾ ਕਿ ਪਿਛਲੇ ਢਾਈ ਸਾਲਾਂ ਵਿਚ ਸੂਬੇ ਸਿਰ ਕਰਜ਼ਾ ਇਕ ਲੱਖ ਕਰੋੜ ਰੁਪਏ ਵੱਧ ਗਿਆ ਹੈ ਤੇ ਆਪ ਸਰਕਾਰ ਨੂੰ ਹੁਣ ਮੁਲਾਜ਼ਮਾਂ ਦੀਆਂ ਤਨਖਾਹਾਂ ਦੇਣੀਆਂ ਵੀ ਔਖੀਆਂ ਲੱਗ ਰਹੀਆਂ ਹਨ।
ਉਹਨਾਂ ਕਿਹਾ ਕਿ ਸਰਕਾਰ ਨੇ ਹਾਲ ਹੀ ਵਿਚ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਧਾ ਦਿੱਤਾ ਹੈ ਤੇ ਪੈਸੇ ਇਕੱਠੇ ਕਰਨ ਵਾਸਤੇ 11 ਲੱਖ ਬਿਜਲੀ ਖਪਤਕਾਰਾਂ ਸਿਰ 2 ਹਜ਼ਾਰ ਕਰੋੜ ਰੁਪਏ ਦਾ ਵਿੱਤੀ ਬੋਝ ਪਾ ਦਿੱਤਾ ਹੈ। ਉਹਨਾਕਿਹਾ ਕਿ ਬਜਾਏ ਆਮ ਆਦਮੀ ਨੂੰ ਮਾਰ ਪਾਉਣ ਅਤੇ ਡੀਜ਼ਲ ’ਤੇ ਵੈਟ ਵਧਾ ਕੇ ਮਹਿੰਗਾਈ ਵਧਾਉਣ ਤੇ ਖੇਤੀਬਾੜੀ ਦੀ ਲਾਗਤ ਨੂੰ ਹੋਰ ਵਧਾਉਣ ਦੇ ਆਪ ਸਰਕਾਰ ਨੂੰ ਇਸ਼ਤਿਹਾਰਬਾਜ਼ੀ, ਜਨਤਕ ਪ੍ਰੋਗਰਾਮਾਂ ਤੇ ਹੋਰ ਰਾਜਾਂ ਵਿਚ ਪ੍ਰਚਾਰ ਮੁਹਿੰਮਾਂ ’ਤੇ ਫਾਲਤੂ ਖਰਚਾ ਕਰਨ ਤੋਂ ਬਚਣਾ ਚਾਹੀਦਾ ਹੈ।
ਮਜੀਠੀਆ ਨੇ ਦੱਸਿਆ ਕਿ ਕਿਵੇਂ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਠੀਕ ਨਹੀਂ ਹੈ। ਰੋਜ਼ਾਨਾ ਹੀ ਗੁੰਡਾਗਰਦੀ ਤੇ ਲੁੱਟਮਾਰ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਮੌਕੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੀ ਹਾਜ਼ਰ ਸਨ।