ਚੰਡੀਗੜ੍ਹ 8 ਸਤੰਬਰ (ਖ਼ਬਰ ਖਾਸ ਬਿਊਰੋ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅਕਾਲੀ ਦਲ ਸੁਧਾਰ ਲਹਿਰ ਦੇ ਪ੍ਰੋਜੀਡੀਅਮ ਮੈਂਬਰ ਦੇ ਅਹੁੱਦੇ ਤੋਂ ਅਸਤੀਫ਼ਾ ਦੇ ਦਿੱਤਾ। ਦੋਵੇਂ ਸਾਬਕਾ ਮੰਤਰੀਆਂ ਨੇ ਆਪਣਾ ਅਸਤੀਫ਼ਾ ਦਲ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਬਡਾਲਾ ਨੂੰ ਭੇਜ ਦਿੱਤਾ ਹੈ।
ਦੋਵੇਂ ਬਾਗੀ ਅਕਾਲੀ ਆਗੂ ਅਕਾਲੀ ਦਲ, ਭਾਜਪਾ ਗਠਜੋੜ ਸਰਕਾਰ ਵਿਚ ਕੈਬਨਿਟ ਮੰਤਰੀ ਰਹੇ ਹਨ, ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਅਕਾਲੀ ਸਰਕਾਰ ਵਿਚ ਕੈਬਨਿਟ ਮੰਤਰੀ ਰਹੇ ਸਿੱਖ ਆਗੂਆਂ ਨੂੰ ਆਪਣਾ ਸਪਸ਼ਟੀਕਰਨ ਦੇਣ ਦੇ ਹੁਕਮ ਦਿੱਤੇ ਹਨ। ਬੀਬੀ ਜਗੀਰ ਕੌਰ ਅਤੇ ਢੀਂਡਸਾ ਸੌਮਵਾਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣਗੇ। ਇਸ ਲਈ ਦੋਵਾਂ ਆਗੂਆਂ ਨੇ ਅਕਾਲ ਤਖ਼ਤ ਸਾਹਿਬ ਉਤੇ ਪੇਸ਼ ਹੋਣ ਤੋਂ ਪਹਿਲਾਂ ਆਪਣੇ ਅਸਤੀਫ਼ੇ ਦੇ ਦਿੱਤੇ ਹਨ।
ਦੋਵਾਂ ਆਗੂਆਂ ਨੇ ਕਿਹਾ ਕਿ ਉਹ ਅਕਾਲ ਤਖ਼ਤ ਸਾਹਿਬ ‘ਤੇ ਸਾਰੇ ਰੁਤਬੇ, ਅਹੁੱਦੇ ਛੱਡਕੇ ਇਕ ਨਿਮਾਣੇ ਸਿੱਖ ਵਜੋਂ ਪੇਸ਼ ਹੋਣਾ ਚਾਹੁੰਦੇ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵਿਚ ਉਹ ਸਲਾਹਕਾਰ ਤੇ ਐਗਜੈਕਟਿਵ ਦੇ ਮੈਂਬਰ ਹਨ, ਇਸ ਲਈ ਦੋਵਾਂ ਅਹੁੱਦਿਆਂ ਤੋ ਅਸਤੀਫ਼ਾ ਦਿੰਦੇ ਹਨ।
ਉਧਰ ਸੁਧਾਰ ਲਹਿਰ ਦੇ ਆਗੂ ਤੇ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਦੋਵਾਂ ਆਗੂਆਂ ਵਲੋਂ ਦਿੱਤੇ ਅਸਤੀਫ਼ੇ ਨੂੰ ਨਿਮਰਤਾ ਤੇ ਨਿਮਾਣਾਪਣ ਦੱਸਿਆ ਹੈ।
ਜਦਕਿ ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਦੋਵਾਂ ਆਗੂਆਂ ਨੇ ਅਸਤੀਫ਼ਾ ਦੇ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਉਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਉਹ ਵੀ ਭਵਿੱਖ ਵਿਚ ਆਪਣਾ ਅਸਤੀਫ਼ਾ ਦੇ ਕੇ ਅਕਾਲ ਤਖ਼ਤ ਸਾਹਿਬ ਉਤੇ ਪੇਸ਼ ਹੋਣ। ਯਾਦ ਰਹੇ ਕਿ ਬਾਗੀ ਅਕਾਲੀ ਆਗੂਆਂ ਵਲੋਂ ਸੁਖਬੀਰ ਬਾਦਲ ਤੋ ਪਾਰਟੀ ਪ੍ਰਧਾਨਗੀ ਤੋਂ ਅਸਤੀਫ਼ਾ ਮੰਗਿਆ ਜਾ ਰਿਹਾ ਹੈ। ਸਿੱਖ ਹਲਕਿਆਂ ਵਿਚ ਚਰਚਾ ਹੈ ਕਿ ਢੀਂਡਸਾ ਤੇ ਬੀਬੀ ਜਗੀਰ ਕੌਰ ਨੇ ਆਪਣੇ ਅਹੁੱਦੇ ਤੋਂ ਅਸਤੀਫ਼ਾ ਦੇ ਕੇ ਸੁਖਬੀਰ ਬਾਦਲ ਲਈ ਚੁਣੌਤੀ ਖੜ੍ਹੀ ਕੀਤੀ ਹੈ।
ਵਰਨਣਯੋਗ ਹੈ ਕਿ ਬਾਗੀ ਅਕਾਲੀ ਆਗੂਆਂ ਨੇ ਅਤੀਤ ਵਿਚ ਹੋਈਆਂ ਗਲਤੀਆਂ ਨੂੰ ਲੈ ਕੇ ਪਸ਼ਚਾਤਾਪ ਕਰਦੇ ਹੋਏ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਸੁਖਬੀਰ ਬਾਦਲ ਖਿਲਾਫ਼ ਸ਼ਿਕਾਇਤ ਕੀਤੀ ਸੀ। ਇਸਤੋ ਬਾਅਦ ਪੰਜ ਸਿੰਘ ਸਾਹਿਬਾਨ ਨੇ ਪਾਰਟੀ ਪ੍ਰਧਾਨ ਸਮੇਤ ਅਕਾਲੀ ਦਲ ਦੀ ਸਰਕਾਰ ਵਿਚ ਰਹੇ ਕੈਬਨਿਟ ਮੰਤਰੀਆਂ ਤੋਂ ਵੀ ਸਪਸ਼ਟੀਕਰਨ ਮੰਗਿਆ ਹੋਇਆ ਹੈ।