ਚੰਡੀਗੜ੍ਹ, 5 ਅਕਤੂਬਰ (ਖ਼ਬਰ ਖਾਸ ਬਿਊਰੋ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸੂਬਾ ਸਰਕਾਰ ਦੁਆਰਾ ਸ਼ੈਲਰ ਮਾਲਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਭਾਰਤ ਸਰਕਾਰ ਕੋਲ ਉਠਾਉਣ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਸੂਬੇ ਦੀ ਮਿੱਲਰ ਐਸੋਸੀਏਸ਼ਨ ਨੇ ਆਪਣਾ ਅੰਦੋਲਨ ਖਤਮ ਕਰ ਦਿੱਤਾ।
ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਭਾਰਤ ਸਰਕਾਰ ਕੋਲ ਫਸਲ ਦੀ ਸਟੋਰੇਜ ਦੀ ਘਾਟ ਦਾ ਮੁੱਦਾ ਉਠਾਇਆ ਹੈ ਜਿਸ ਤੋਂ ਬਾਅਦ ਕੇਂਦਰ ਸਰਕਾਰ ਦਸੰਬਰ, 2024 ਤੱਕ ਸੂਬੇ ਵਿੱਚ 40 ਲੱਖ ਟਨ ਥਾਂ ਖਾਲੀ ਕਰਨ ਅਤੇ ਮਾਰਚ, 2025 ਤੱਕ 90 ਲੱਖ ਟਨ ਜਗ੍ਹਾ ਖਾਲੀ ਕਰਨ ਲਈ ਪਹਿਲਾਂ ਹੀ ਸਹਿਮਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਇਸ ਸਬੰਧੀ ਕਣਕ ਅਤੇ ਝੋਨੇ ਦੀ ਢੋਆ-ਢੁਆਈ ਲਈ ਲਿਖਤੀ ਭਰੋਸਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਫ.ਸੀ.ਆਈ. ਨੇ ਸੂਬੇ ਵਿੱਚੋਂ ਇਸ ਮਹੀਨੇ ਦੇ ਅੰਤ ਤੱਕ 15 ਲੱਖ ਟਨ ਕਣਕ ਅਤੇ ਝੋਨੇ ਦੀ ਢੋਆ-ਢੁਆਈ ਲਈ ਯੋਜਨਾ ਪਹਿਲਾਂ ਹੀ ਸੌਂਪ ਦਿੱਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਮਾਲਕੀ/ਭਾੜੇ ਦੇ ਗੋਦਾਮਾਂ ਵਿੱਚ 48 ਲੱਖ ਕਣਕ ਭੰਡਾਰ ਕੀਤੀ ਗਈ ਸੀ ਅਤੇ ਇਸ ਦੀ ਢੋਆ-ਢੁਆਈ ਮਾਰਚ, 2025 ਤੱਕ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਖਾਲੀ ਹੋਈ ਜਗ੍ਹਾ ਦੀ ਸਟੋਰੇਜ ਲਈ ਵਰਤੋਂ ਵਾਸਤੇ ਝੋਨੇ ਨੂੰ ਢੁਕਵੇਂ ਢੰਗ ਨਾਲ ਭੰਡਾਰ ਕਰਨ ਲਈ ਕੀਤੀ ਜਾਵੇਗੀ ਜਿਸ ਦੀ ਸੰਭਾਵਨਾ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਤਿੰਨ ਮੈਂਬਰੀ ਟੀਮ ਵੱਲੋਂ ਤਲਾਸ਼ੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਮੇਟੀ ਵਿੱਚ ਐਫ.ਸੀ.ਆਈ. ਅਤੇ ਸੂਬੇ ਦੀਆਂ ਖਰੀਦ ਏਜੰਸੀਆਂ ਦੇ ਮੈਂਬਰ ਹੋਣਗੇ ਜੋ ਗੋਦਾਮਾਂ ਤੋਂ ਅਨਾਜ ਦੀ ਨਿਰਵਿਘਨ ਆਵਾਜਾਈ ਦੀ ਨਿਗਰਾਨੀ ਕਰਨਗੇ।
ਇਕ ਹੋਰ ਮੁੱਦੇ ‘ਤੇ ਵਿਚਾਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਮਿੱਲਾਂ ਕੋਲ 5000 ਟਨ ਤੋਂ ਵੱਧ ਝੋਨੇ ਦੀ ਸਟੋਰੇਜ ਸਮਰੱਥਾ ਹੈ, ਉਨ੍ਹਾਂ ਨੂੰ 5 ਫੀਸਦੀ ਐਕਵਾਇਰ ਲਾਗਤ ਦੇ ਬਰਾਬਰ ਬੈਂਕ ਗਾਰੰਟੀ ਦੇਣ ਦੀ ਲੋੜ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਹੁਣ ਤੋਂ ਮਿੱਲਰ ਤੋਂ ਬੈਂਕ ਗਾਰੰਟੀ ਲੈਣ ਦੀ ਬਜਾਏ ਮਿੱਲ ਦੀ ਜ਼ਮੀਨ ਦੇ ਰਿਕਾਰਡ ਦੇ ਆਧਾਰ ‘ਤੇ ਵਿਭਾਗ ਦੇ ਹੱਕ ਵਿੱਚ ‘ਲੀਨ’ (ਅਧਿਗ੍ਰਹਿਣ ਦਾ ਹੱਕ) ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਵੀ ਮਿੱਲਰਾਂ ਦੀਆਂ 10 ਫੀਸਦੀ ਸੀ.ਐਮ.ਆਰ ਸਕਿਓਰਿਟੀਜ਼ ਵਾਪਸ ਕਰਨ ਲਈ ਸਹਿਮਤੀ ਦਿੱਤੀ ਜੋ ਕਿ ਲੰਬੇ ਸਮੇਂ ਤੋਂ ਬਕਾਇਆ ਪਈਆਂ ਸਨ।
ਮੁੱਖ ਮੰਤਰੀ ਨੇ ਇਕ ਹੋਰ ਮਸਲੇ ਨਾਲ ਸਹਿਮਤੀ ਪ੍ਰਗਟਾਉਂਦਿਆਂ ਮਿੱਲਰਾਂ ਨੂੰ ਵੱਡੀ ਰਾਹਤ ਦਿੱਤੀ ਕਿ ਹੁਣ ਤੋਂ ਮਿੱਲਰਾਂ ਨੂੰ 10 ਰੁਪਏ ਪ੍ਰਤੀ ਟਨ ਦੇ ਹਿਸਾਬ ਨਾਲ ਸੀ.ਐਮ.ਆਰ. ਦੀ ਅਦਾਇਗੀ ਕਰਨੀ ਪਵੇਗੀ। ਮਿੱਲਰਾਂ ਦੀ ਇਕ ਹੋਰ ਮੰਗ ਨੂੰ ਪ੍ਰਵਾਨ ਕਰਦੇ ਹੋਏ ਉਨ੍ਹਾਂ ਨੇ ਮੌਜੂਦਾ ਮਿੱਲਾਂ ਦੀ ਅਲਾਟਮੈਂਟ ਲਈ ਫਿਜ਼ੀਕਲ ਵੈਰੀਫਿਕੇਸ਼ਨ ਤੋਂ ਛੋਟ ਦੇਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਸਹਿਮਤੀ ਪ੍ਰਗਟਾਉਂਦਿਆਂ ਕਿਹਾ ਕਿ ਸਾਉਣੀ ਮੰਡੀਕਰਨ ਸੀਜ਼ਨ- 2024-25 ਲਈ ਮਿਲਿੰਗ ਐਫ.ਆਰ.ਕੇ. ਟੈਂਡਰ ਤੋਂ ਬਾਅਦ ਸ਼ੁਰੂ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਫਸਲ ਦੀ ਨਮੀ ਦੇ ਮੱਦੇਨਜ਼ਰ ਝੋਨੇ ਦੀ ਵਢਾਈ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਨਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਮੰਡੀ ਬੋਰਡ ਨੂੰ ਐਫ.ਸੀ.ਆਈ. ਦੀ ਤਰਜ਼ ‘ਤੇ ਨਮੀ ਵਾਲੇ ਮੀਟਰ ਖਰੀਦਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਦੌਰਾਨ 17 ਫੀਸਦੀ ਨਮੀ ਨੂੰ ਯਕੀਨੀ ਬਣਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਕੋਲ ਸੂਬਾ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਦੇ 0.50 ਫੀਸਦੀ ਤੋਂ 1 ਫੀਸਦੀ ਤੱਕ ਝੋਨੇ ਦੀ ਸੁਕਾਈ ਬਹਾਲ ਕਰਨ, ਮਿੱਲ ਤੋਂ ਬਾਹਰ ਡਲਿਵਰ ਕੀਤੇ ਚੌਲਾਂ ਲਈ ਟਰਾਂਸਪੋਰਟੇਸ਼ਨ ਖਰਚਿਆਂ ਦੀ ਭਰਪਾਈ ਅਤੇ ਪਿਛਲੀ ਆਵਾਜਾਈ ਦੇ ਖਰਚੇ ਨਾ ਵਸੂਲਣ ਆਦਿ ਮੁੱਦੇ ਵੀ ਉਠਾਏਗੀ।