ਮੋਹਾਲੀ 5 ਅਕਤੂਬਰ (ਖ਼ਬਰ ਖਾਸ ਬਿਊਰੋ)
ਪਟਿਆਲਾ ਜੇਲ੍ਹ ਵਿਚ ਬੰਦ ਆਮ ਆਦਮੀ ਪਾਰਟੀ (ਆਪ) ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਸਨਿੱਚਰਵਾਰ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿਚ ਵੀਡਿਓ ਕਾਨਫਰੰਸਿੰਗ ਜਰੀਏ ਪੇਸ਼ੀ ਹੋਈ। ਗੱਜਣਮਾਜਰਾ 40.92 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਨਿਆਂਇਕ ਹਿਰਾਸਤ ਵਿਚ ਹਨ।
ਉਧਰ ਈਡੀ ਨੇ ਗੱਜਣਮਾਜਰਾ ਦੇ ਭਰਾ ਬਲਵੰਤ ਸਿੰਘ ਗੱਜਣਮਾਜਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਿਛਲੀ ਸੁਣਵਾਈ ਦੌਰਾਨ ਈਡੀ ਦੇ ਵਕੀਲ ਏਪੀਐਸ ਪਠਾਨੀਆ ਨੇ ਗੱਜਣਮਾਜਰਾ ਦੇ ਭਰਾ ਬਲਵੰਤ ਸਿੰਘ ਨੂੰ 7 ਦਿਨਾਂ ਲਈ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਲਈ ਅਰਜ਼ੀ ਦਾਇਰ ਕੀਤੀ ਸੀ। ਇਸ ਮਾਮਲੇ ‘ਚ ਅਦਾਲਤ ਨੇ ਉਸ ਨੂੰ ਹਿਰਾਸਤ ‘ਚ ਲੈ ਕੇ 4 ਦਿਨ ਦਾ ਰਿਮਾਂਡ ਵੀ ਦੇ ਦਿੱਤਾ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 9 ਅਕਤੂਬਰ ਨੂੰ ਹੋਵੇਗੀ।
ਸ਼ਨੀਵਾਰ ਨੂੰ ਸੁਣਵਾਈ ਦੌਰਾਨ ਈਡੀ ਦੇ ਵਕੀਲ ਏਪੀਐਸ ਪਠਾਨੀਆ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਜੇਕਰ ਈਡੀ ਮਾਮਲੇ ਦੌਰਾਨ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕਰਦੀ ਤਾਂ ਅਦਾਲਤ ਵਿੱਚ ਆਉਂਦੇ ਹੀ ਉਸ ਨੂੰ ਜ਼ਮਾਨਤ ਮਿਲ ਜਾਵੇਗੀ। ਇਸ ਮਾਮਲੇ ਦੀ ਜਾਂਚ ਦੌਰਾਨ ਗੱਜਣਮਾਜਰਾ ਨੂੰ ਈਡੀ ਨੇ ਨਵੰਬਰ 2023 ਵਿੱਚ ਜਾਂਚ ਵਿੱਚ ਸ਼ਾਮਲ ਨਾ ਹੋਣ ਕਾਰਨ ਗ੍ਰਿਫ਼ਤਾਰ ਕੀਤਾ ਸੀ। ਈਡੀ ਦੁਆਰਾ ਚਾਰਜਸ਼ੀਟ ਦਾਇਰ ਕਰਨ ਤੋਂ ਬਾਅਦ, ਉਸਨੇ ਅਦਾਲਤ ਵਿੱਚ ਆ ਕੇ ਬਾਂਡ ਦਾ ਭੁਗਤਾਨ ਕੀਤਾ। ਇਸ ‘ਤੇ ਈਡੀ ਨੇ ਅਰਜ਼ੀ ਦਾਇਰ ਕਰਕੇ ਕਿਹਾ ਕਿ ਜਾਂਚ ਲਈ ਉਨ੍ਹਾਂ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਜਾਵੇ। ਇਸ ‘ਤੇ ਅਦਾਲਤ ਨੇ ਉਸ ਨੂੰ ਹਿਰਾਸਤ ‘ਚ ਲੈਣ ਦੀ ਇਜਾਜ਼ਤ ਦੇ ਦਿੱਤੀ। ਇਸ ਤੋਂ ਬਾਅਦ ਉਸ ਦੇ ਰਿਮਾਂਡ ਨੂੰ ਲੈ ਕੇ ਬਹਿਸ ਹੋਈ ਅਤੇ ਈਡੀ ਨੇ 7 ਦਿਨ ਦਾ ਰਿਮਾਂਡ ਮੰਗਿਆ, ਜਿਸ ‘ਤੇ ਅਦਾਲਤ ਨੇ 4 ਦਿਨ ਦਾ ਰਿਮਾਂਡ ਦਿੱਤਾ।
ਈਡੀ ਨੇ ਪਹਿਲੀ ਵਾਰ ਜੁਆਇਨ ਕਰਨ ਅਤੇ ਬਾਂਡ ਭਰਨ ਤੋਂ ਬਾਅਦ ਅਦਾਲਤ ਤੋਂ ਰਿਮਾਂਡ ਲਿਆ।ਈਡੀ ਦੇ ਵਕੀਲ ਪਠਾਨੀਆ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੈ ਜਦੋਂ ਕੇਸ ਵਿੱਚ ਸ਼ਾਮਲ ਹੋਣ ਅਤੇ ਅਦਾਲਤ ਵਿੱਚ ਬਾਂਡ ਭਰਨ ਤੋਂ ਬਾਅਦ ਈਡੀ ਅਦਾਲਤ ਨੇ ਕਿਸੇ ਨੂੰ ਹਿਰਾਸਤ ਵਿੱਚ ਲੈਣ ਦੇ ਹੁਕਮ ਦਿੱਤੇ ਹਨ ਅਤੇ ਰਿਮਾਂਡ ਵੀ ਮਨਜ਼ੂਰ ਕੀਤਾ ਹੈ। ਅਜੇ ਤੱਕ ਅਜਿਹੇ ਮਾਮਲਿਆਂ ਵਿੱਚ ਬਾਂਡ ਭਰਨ ਤੋਂ ਬਾਅਦ ਈਡੀ ਨੇ ਨਾ ਤਾਂ ਕਿਸੇ ਨੂੰ ਹਿਰਾਸਤ ਵਿੱਚ ਭੇਜਿਆ ਹੈ ਅਤੇ ਨਾ ਹੀ ਰਿਮਾਂਡ ਮਨਜ਼ੂਰ ਕੀਤਾ ਹੈ।