ਚੰਡੀਗੜ੍ਹ, 12 ਅਕਤੂਬਰ (ਖ਼ਬਰ ਖਾਸ ਬਿਊਰੋ)
ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਆਪਣਾ ਅਹੁਦਾ ਸੰਭਾਲਦਿਆਂ ਹੀ ਵਿਭਾਗ ਦੇ ਅਧਿਕਾਰੀਆਂ ਨੂੰ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਦੇ ਦਿੱਤੇ ਨਿਰਦੇਸ਼ਾਂ ਤਹਿਤ ਸੂਬੇ ਵਿੱਚ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ਵਿਰੁੱਧ ਮੁਹਿੰਮ ਹੋਰ ਤੇਜ਼ ਕਰ ਦਿੱਤੀ ਗਈ ਹੈ। ਅੱਜ ਵਿਭਾਗ ਦੇ ਅਧਿਕਾਰੀਆਂ ਅਤੇ ਪੁਲਿਸ ਦੀ ਸਾਂਝੀ ਟਾਸਕ ਫ਼ੋਰਸ ਨੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੱਡੀ ਪੱਧਰ ‘ਤੇ ਛਾਪੇਮਾਰੀ ਕੀਤੀ।
ਇਸ ਕਾਰਵਾਈ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਖਣਨ ਵਿਭਾਗ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਅਖ਼ਤਿਆਰ ਕੀਤੀ ਗਈ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਟੀਮ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਅਜਨਾਲਾ ਵਿਚਲੇ ਪਿੰਡ ਢਿੰਗਈ ਵਿੱਚ ਗ਼ੈਰ-ਕਾਨੂੰਨੀ ਖਣਨ ਵਾਲੀ ਥਾਂ ਦਾ ਪਤਾ ਲੱਗਿਆ। ਟੀਮ ਨੇ ਮੌਕੇ ‘ਤੇ ਛਾਪਾ ਮਾਰਿਆ ਤਾਂ ਉਥੇ ਅਣਅਧਿਕਾਰਤ ਖੁਦਾਈ ਦੇ ਸਬੂਤ ਮਿਲੇ।
ਸ੍ਰੀ ਗੋਇਲ ਨੇ ਦੱਸਿਆ ਕਿ ਟੀਮ ਨੇ ਮੌਕ ‘ਤੇ ਇੱਕ ਪੋਕਲੇਨ ਮਸ਼ੀਨ ਸਮੇਤ ਹੋਰ ਮਸ਼ੀਨਰੀ ਬਰਾਮਦ ਕੀਤੀ ਹੈ। ਅਧਿਕਾਰੀਆਂ ਨੇ ਇਸ ਮਸ਼ੀਨਰੀ ਦਾ ਤੁਰੰਤ ਦਸਤਾਵੇਜ਼ੀਕਰਨ ਕਰਕੇ ਇਸ ਨੂੰ ਜ਼ਬਤ ਕਰ ਲਿਆ।
ਇਸ ਛਾਪੇਮਾਰੀ ਦੌਰਾਨ ਦੋ ਵਿਅਕਤੀਆਂ, ਹਰਪ੍ਰੀਤ ਸਿੰਘ ਅਤੇ ਜਸਬੀਰ ਸਿੰਘ ਦਰਮਿਆਨ ਸ਼ੱਕੀ ਸਮਝੌਤਾ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਮਿੱਟੀ ਦੀ ਖੁਦਾਈ ਸਬੰਧੀ ਮਨਜ਼ੂਰੀ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਸਮਝੌਤੇ ਦੀ ਵੈਧਤਾ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
ਕੈਬਨਿਟ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਜਿਹੀਆਂ ਅਣਅਧਿਕਾਰਤ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਅਸੀਂ ਆਪਣੇ ਕੁਦਰਤੀ ਸਰੋਤਾਂ ਨੂੰ ਸੁਰੱਖਿਅਤ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧਤਾ ਹਾਂ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪੁਲਿਸ ਵਿਭਾਗ ਨੂੰ ਖੁਦਾਈ ਕਰਨ ਵਾਲਿਆਂ ਅਤੇ ਜ਼ਮੀਨ ਮਾਲਕ ਦੋਵਾਂ ਖ਼ਿਲਾਫ਼ ਤੁਰੰਤ ਐਫ.ਆਈ.ਆਰ. ਦਰਜ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ਵਿੱਚ ਸ਼ਾਮਲ ਸਾਰੀ ਮਸ਼ੀਨਰੀ ਨੂੰ ਪੁਲਿਸ ਨੇ ਜ਼ਬਤ ਕਰ ਲਿਆ ਹੈ।
ਸ੍ਰੀ ਗੋਇਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਸ-ਪਾਸ ਕੋਈ ਵੀ ਸ਼ੱਕੀ ਖਣਨ ਗਤੀਵਿਧੀ ਵੇਖਣ ‘ਤੇ ਇਸ ਦੀ ਸੂਚਨਾ ਤੁਰੰਤ ਅਧਿਕਾਰੀਆਂ ਨੂੰ ਦੇਣ। ਉਨ੍ਹਾਂ ਕਿਹਾ ਕਿ ਗ਼ੈਰ-ਕਾਨੂੰਨੀ ਖਣਨ ਵਿਰੁੱਧ ਇਹ ਮੁਹਿੰਮ ਨਵੇਂ ਜੋਸ਼ ਨਾਲ ਜਾਰੀ ਰਹੇਗੀ।
ਦੱਸ ਦੇਈਏ ਕਿ ਛਾਪੇਮਾਰੀ ਦੀ ਇਸ ਸਾਰੀ ਮੁਹਿੰਮ ਦੀ ਨਿਗਰਾਨੀ ਅਫ਼ਸਰਾਂ ਦੀਆਂ ਵਰਦੀਆਂ ‘ਤੇ ਲੱਗੇ ਬਾਡੀ ਕੈਮਰਿਆਂ ਰਾਹੀਂ ਕੀਤੀ ਗਈ। ਇਨ੍ਹਾਂ ਕੈਮਰਿਆਂ ਰਾਹੀਂ ਲਾਈਵ ਫੁਟੇਜ ਨੂੰ ਸਿੱਧੇ ਚੰਡੀਗੜ੍ਹ ਸਥਿਤ ਸਟੇਟ ਹੈੱਡਕੁਆਰਟਰ ਵਿਖੇ ਉਚ ਅਧਿਕਾਰੀਆਂ ਨੇ ਮਾਨੀਟਰ ਕੀਤਾ ਅਤੇ ਇਸ ਨਵੀਨਤਮ ਉਪਾਅ ਸਦਕਾ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ।