ਅਕਾਲੀ ਦਲ ਦੀ ਸਰਕਾਰ ਨੂੰ ਚਿਤਾਵਨੀ-ਝੋਨੇ ਦੀ ਖਰੀਦ ਤੇ ਲਿਫਟਿੰਗ ਨਾ ਹੋਈ ਤਾਂ ਹੋਵੇਗਾ ਰੋਸ ਪ੍ਰਦਰਸ਼ਨ

ਚੰਡੀਗੜ੍ਹ, 13 ਅਕਤੂਬਰ (ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਨੇ ਆਪ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਝੋਨੇ ਦਾ ਇਕ-ਇਕ ਦਾਣਾ ਨਾ ਖਰੀਦਿਆ ਗਿਆ ਅਤੇ ਮੰਡੀਆਂ ਵਿਚੋਂ 72 ਘੰਟਿਆਂ ਦੇ ਅੰਦਰ-ਅੰਦਰ ਝੋਨੇ ਦੀ ਲਿਫਟਿੰਗ ਨਾ ਕੀਤੀ ਗਈ ਤਾਂ ਅਕਾਲੀ ਦਲ  ਰੋਸ ਪ੍ਰਦਰਸ਼ਨ ਕਰੇਗਾ।

ਐਤਵਾਰ ਨੂੰ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ। ਮੀਟਿੰਗ ਦੀ  ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ। ਕੋਰ ਕਮੇਟੀ ਨੇ ਇਸ ਗੱਲ ਦਾ ਨੋਟਿਸ ਲਿਆ ਕਿ ਸਰਕਾਰ ਮੰਡੀਆਂ ਵਿਚ ਝੋਨੇ ਦੀ ਖਰੀਦ ਕਰਨ ਵਿਚ ਅਤੇ ਕੇਂਦਰ ਸਰਕਾਰ ਨਾਲ ਤਾਲਮੇਲ ਕਰ ਕੇ ਝੋਨੇ ਦੀ ਲਿਫਟਿੰਗ ਕਰਵਾਉਣ ਵਿਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਕਮੇਟੀ ਨੇ ਕਿਹਾ ਕਿ ਅਜਿਹੇ ਹਾਲਾਤ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਵੇਖਣ ਨੂੰ ਮਿਲੇ ਹਨ ਤੇ ਕਮੇਟੀ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਕੁੰਭਕਰਨੀ ਨੀਂਦ ਵਿਚੋਂ ਜਾਗਣ ਅਤੇ ਯਕੀਨੀ ਬਣਾਉਣ ਵਿਚ ਕਿਸਾਨਾਂ ਨੂੰ ਕੋਈ ਤਕਲੀਫ ਨਾ ਹੋਵੇ ਨਹੀਂ ਤਾਂ ਫਿਰ ਆਪਣੇ ਅਹੁਦੇ ਤੋਂ ਅਸਤੀਫਾ ਦੇਣ।
ਕੋਰ ਕਮੇਟੀ ਦੇ ਫੈਸਲਿਆਂ ਦੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੋਰ ਕਮੇਟੀ ਨੇ ਆਪ ਸਰਕਾਰ ਵੱਲੋਂ ਪੰਚਾਇਤ ਚੋਣਾਂ ਦੌਰਾਨ ਲੋਕਤੰਤਰ ਦਾ ਕਤਲ ਕੀਤੇ ਜਾਣ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਉਹਨਾਂ ਕਿਹਾ ਕਿ ਅਜਿਹੇ ਸੈਂਕੜੇ ਉਦਾਹਰਣ ਹਨ ਜਿਥੇ ਵਿਰੋਧੀ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਹੀ ਦਾਖਲ ਨਹੀਂ ਕਰਨ ਦਿੱਤਾ ਗਿਆ ਤੇ ਉਹਨਾਂ ਨੂੰ ਭਜਾ ਦਿੱਤਾ ਗਿਆ, ਜਾਂ ਕਾਗਜ਼ ਫੜ ਕੇ ਫਾੜ ਦਿੱਤੇ ਗਏ ਜਾਂ ਫਿਰ ਉਹਨਾਂ ਨੂੰ ਰਿਟਰਨਿੰਗ ਅਫਸਰਾਂ ਦੇ ਦਫਤਰਾਂ ਤੋਂ ਦੂਰ ਰੱਖਣ ਲਈ ਹਿੰਸਾ ਦੀ ਵਰਤੋਂ ਕੀਤੀ ਗਈ। ਉਹਨਾਂ ਕਿਹਾ ਕਿ ਸੂਬਾਈ ਚੋਣ ਕਮਿਸ਼ਨ ਸਰਕਾਰ ਦੇ ਦਬਾਅ ਹੇਠ ਹੈ ਤੇ ਉਹ ਉਸ ਅੱਗੇ ਦਾਇਰ ਸ਼ਿਕਾਇਤਾਂ ’ਤੇ ਫੈਸਲੇ ਨਹੀਂ ਲੈ ਰਿਹਾ ਜਿਸ ਕਾਰਣ ਨਿਆਂ ਲੈਣ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਾ ਪੈ ਰਿਹਾ ਹੈ। ਉਹਨਾਂ ਨੇ ਹਾਈ ਕੋਰਟ ਦਾ ਧੰਨਵਾਦ ਕੀਤਾ ਜਿਸਨੇ 321 ਪਟੀਸ਼ਨਾਂ ’ਤੇ ਨਾਮਜ਼ਦਗੀਆਂ ਬਹਾਲ ਕੀਤੀਆਂ। ਡਾ. ਚੀਮਾ ਨੇ ਕਿਹਾ ਕਿ ਇਸ ਮਗਰੋਂ ਸੂਬਾਈ ਚੋਣ ਕਮਿਸ਼ਨ ਗਿੱਦੜਬਾਹਾ ਦੀਆਂ 24 ਪੰਚਾਇਤਾਂ ਲਈ ਚੋਣਾਂ ਰੱਦ ਕਰਨ ਵਾਸਤੇ ਮਜਬੂਰ ਹੋਇਆ ਹੈ ਜਿਥੇ ਵਿਰੋਧੀ ਧਿਰ ਦੇ ਉਮੀਦਵਾਰਾਂ ਦੇ ਕਾਗਜ਼ ਗੈਰ ਕਾਨੂੰਨੀ ਢੰਗ ਨਾਲ ਰੱਦ ਕੀਤੇ ਗਏ ਸਨ।
ਕੋਰ ਕਮੇਟੀ ਨੇ ਇਸ ਗੱਲ ਦਾ ਵੀ ਨੋਟਿਸ ਲਿਆ ਕਿ ਪੰਜਾਬ ਦੇ ਐਡਵੋਕੇਟ ਜਨਰਲ ਦੇ ਦਫਤਰ ਵੱਲੋਂ ਧੱਕੇਸ਼ਾਹੀ ਖਿਲਾਫ ਦਾਇਰ ਪਟੀਸ਼ਨਾਂ ਦਾ ਵਿਰੋਧ ਕਰ ਕੇ ਪੰਜਾਬੀਆਂ ਦੇ ਹਿੱਤਾਂ ਦੇ ਖਿਲਾਫ ਕੰਮ ਕੀਤਾ ਜਾ ਰਿਹਾ ਹੈ। ਕਮੇਟੀ ਨੇ ਕਿਹਾ ਕਿ ਸਪਸ਼ਟ ਹੈ ਕਿ ਏ ਜੀ ਦਫਤਰ ਦੀ ਦੁਰਵਰਤੋਂ ਲੋਕਾਂ ਦੇ ਹੱਕਾਂ ਦੀ ਰਾਖੀ ਕਰਨ ਦੀ ਥਾਂ ਉਹਨਾਂ ਦੇ ਲੋਕਤੰਤਰੀ ਅਧਿਕਾਰਾਂ ਨੂੰ ਕੁਚਲਣ ਵਾਸਤੇ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਇਸ ਗੱਲ ਦਾ ਜਵਾਬ ਦੇਣ ਕਿ ਕੀ ਉਹਨਾਂ ਨੇ ਹੀ ਅਜਿਹੀਆਂ ਹਦਾਇਤਾਂ ਜਾਰੀ ਕੀਤੀਆਂ ਹਨ।
ਇਸ ਦੌਰਾਨ ਇਕ ਅਹਿਮ ਘਟਨਾਕ੍ਰਮ ਵਿਚ ਡਾ. ਚੀਮਾ ਨੇ ਦੱਸਿਆ ਕਿ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਪਾਰਟੀ ਦੀ 11 ਮੈਂਬਰੀ ਕਮੇਟੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੋਲ ਪਹੁੰਚ ਕਰੇਗੀ ਅਤੇ ਉਹਨਾਂ ਨੂੰ ਅਕਾਲੀ ਦਲ ਦੇ ਪ੍ਰਧਾਨ ਤੇ ਹੋਰ ਆਗੂਆਂ ਖਿਲਾਫ ਸ੍ਰੀ ਅਕਾਲ ਤਖਤ ਨੂੰ ਦਿੱਤੀਆਂ ਸ਼ਿਕਾਇਤਾਂ ਦੇ ਮਾਮਲੇ ਵਿਚ ਅਹਿਮ ਘਟਨਾਕ੍ਰਮ ਤੋਂ ਜਾਣੂ ਕਰਵਾਏਗੀ। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਤੇ ਸਬੰਧਤ ਆਗੂ ਪਹਿਲਾਂ ਹੀ ਉਹਨਾਂ ਖਿਲਾਫ ਦਾਇਰ ਸ਼ਿਕਾਇਤਾਂ ਦੇ ਮਾਮਲੇ ਵਿਚ ਬਹੁਤ ਨਿਮਰਤਾ ਨਾਲ ਆਪੋ ਆਪਣੇ ਸਪਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪ ਚੁੱਕੇ ਹਨ। ਉਹਨਾਂ ਕਿਹਾ ਕਿ ਹੁਣ ਅਸੀਂ ਇਸ ਮਾਮਲੇ ਵਿਚ ਜਥੇਦਾਰ ਸਾਹਿਬ ਤੋਂ ਮਿਲਣ ਲਈ ਸਮਾਂ ਮੰਗਾਂਗੇ। ਅਸੀਂ ਸਾਡੇ ਕੋਲ ਉਪਲਬਧ ਸੂਚਨਾ ਦੇ ਆਧਾਰ ’ਤੇ ਉਹਨਾਂ ਨੂੰ ਅਹਿਮ ਅਪੀਲ ਕਰਾਂਗੇ।
ਕੋਰ ਕਮੇਟੀ ਨੇ ਬਟਾਲਾ ਵਿਚ ਪੱਤਰਕਾਰ ਰਮੇਸ਼ ਬਹਿਲ ’ਤੇ ਜਾਨਲੇਵਾ ਹਮਲੇ ਦੀ ਜ਼ੋਰਦਾਰ ਨਿਖੇਧੀ ਕੀਤੀ। ਪੱਤਰਕਾਰ ਨੇ ਦਾਅਵਾ ਕੀਤਾ ਹੈ ਕਿ ਉਸ ’ਤੇ ਹਮਲਾ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਦੀ ਸ਼ਹਿ ’ਤੇ ਹੋਇਆ ਹੈ। ਪਾਰਟੀ ਨੇ ਮੰਗ ਕੀਤੀ ਕਿ ਵਿਧਾਇਕ ਤੇ ਹੋਰ ਦੋਸ਼ੀ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਜਾਵੇ ਅਤੇ ਉਸਨੇ ਸਿਵਲ ਸਮਾਜ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰੈਸ ਦੀ ਆਜ਼ਾਦੀ ਦੇ ਹੱਕ ਵਿਚ ਡੱਟ ਕੇ ਖੜ੍ਹਾ ਹੋਵੇ। ਕਮੇਟੀ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਪ੍ਰਧਾਨ ਸਰਦਾਰ ਮਹਿੰਦਰ ਸਿੰਘ ਰੋਮਾਣਾ ਅਤੇ ਟਾਟਾ ਗਰੁੱਪ ਦੇ ਚੇਅਰਮੈਨ ਰਤਨ ਟਾਟਾ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ।
ਮੀਟਿੰਗ ਦੀ ਪ੍ਰਧਾਨਗੀ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ। ਇਸ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ, ਹੀਰਾ ਸਿੰਘ ਗਾਬੜੀਆ, ਸੋਹਣ ਸਿੰਘ ਠੰਢਲ, ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀ.ਕੇ., ਇਕਬਾਲ ਸਿੰਘ ਝੂੰਦਾ, ਵਿਰਸਾ ਸਿੰਘ ਵਲਟੋਹਾ, ਐਨ ਕੇ ਸ਼ਰਮਾ, ਮਨਤਾਰ ਸਿੰਘ ਬਰਾੜ ਅਤੇ ਹਰਮੀਤ ਸਿੰਘ ਸੰਧੂ ਅਤੇ ਸਪੈਸ਼ਲ ਇਨਵਾਇਟੀ ਵਿਚ ਹਰਚਰਨ ਬੈਂਸ, ਸਰਬਜੀਤ ਸਿੰਘ ਝਿੰਜਰ ਤੇ ਅਰਸ਼ਦੀਪ ਸਿੰਘ ਕਲੇਰ ਨੇ ਵੀ ਸ਼ਮੂਲੀਅਤ ਕੀਤੀ।

ਹੋਰ ਪੜ੍ਹੋ 👉  ਮੋਹਾਲੀ 'ਚ ਬਹੁਮੰਜ਼ਲੀ ਇਮਾਰਤ ਡਿੱਗਣ ਦਾ ਮਾਮਲਾ, ਸਮਾਂਬੱਧ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ

Leave a Reply

Your email address will not be published. Required fields are marked *