ਰੂਪਨਗਰ, 14 ਅਕਤੂਬਰ (ਖ਼ਬਰ ਖਾਸ ਬਿਊਰੋ)
ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ ਵੋਟਾਂ 15 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੁਆਈਆਂ ਜਾਣਗੀਆਂ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ ਤੇ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਅੱਜ ਜ਼ਿਲ੍ਹਾ ਰੂਪਨਗਰ ਦੇ ਚੋਣਾਂ ਵਾਲੇ ਪਿੰਡਾਂ ਵਿੱਚ ਪੋਲਿੰਗ ਬੂਥਾਂ ਵਿਖੇ ਵੋਟਾਂ ਪੁਆਉਣ ਲਈ ਚੋਣ ਅਮਲੇ ਦੀਆਂ ਰਵਾਨਾ ਕੀਤੀਆਂ ਪੋਲਿੰਗ ਪਾਰਟੀਆਂ ਚੋਣ ਸਮੱਗਰੀ ਨਾਲ ਆਪਣੇ ਪੋਲਿੰਗ ਸਟੇਸ਼ਨਾਂ ਵਿਖੇ ਪੁੱਜ ਗਈਆਂ ਹਨ।
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਚੋਣਾਂ ਲਈ ਸਾਰੇ ਐਸ.ਡੀ.ਐਮਜ ਵੱਲੋਂ ਚੋਣ ਅਮਲ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰੀਜ਼ਾਈਡਿੰਗ ਅਫ਼ਸਰਾਂ ਅਤੇ ਪੋਲਿੰਗ ਅਫ਼ਸਰਾਂ ਦੀਆਂ ਪਾਰਟੀਆਂ ਨੂੰ ਬੈਲੇਟ ਪੇਪਰਾਂ, ਮਤਦਾਨ ਪੇਟੀਆਂ ਤੇ ਹੋਰ ਚੋਣ ਸਮਗਰੀ ਸੌਂਪਕੇ ਸੁਰੱਖਿਆ ਦਸਤਿਆਂ ਦੀ ਜ਼ੇਰੇ ਨਿਗਰਾਨੀ ਹੇਠ ਰਵਾਨਾ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਇੱਥੇ ਸਰਕਾਰੀ ਕਾਲਜ ਵਿਖੇ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰਨ ਦੀ ਚਲ ਰਹੀ ਪ੍ਰਕ੍ਰਿਆ ਦਾ ਜਾਇਜ਼ਾ ਲਿਆ ਅਤੇ ਦੱਸਿਆ ਕਿ ਜ਼ਿਲ੍ਹੇ ਦੀਆਂ ਗ੍ਰਾਮ ਪੰਚਾਇਤ ਚੋਣਾਂ ਲਈ ਪਿੰਡਾਂ ਦੇ ਵਾਸੀ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਵੋਟਾਂ ਪਾਉਣਗੇ। ਉਨ੍ਹਾਂ ਨੇ ਅਪੀਲ ਕੀਤੀ ਕਿ ਵੋਟਰ ਬਿਨਾਂ ਕਿਸੇ ਡਰ ਭੈਅ ਤੋਂ ਆਪਣੀ ਵੋਟ ਦਾ ਭੁਗਤਾਨ ਕਰਨ ਅਤੇ ਚੋਣਾਂ ਦੌਰਾਨ ਅਮਨ ਤੇ ਸ਼ਾਂਤੀ ਬਣਾਈ ਰੱਖਣ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ।
ਡਿਪਟੀ ਕਮਿਸ਼ਨਰ ਨੇ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਰ੍ਹਾਂ ਨਿਰਪੱਖਤਾ, ਸ਼ਿੱਦਤ, ਤਨਦੇਹੀ ਤੇ ਈਮਾਨਦਾਰੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਚੋਣ ਡਿਊਟੀ ਦੌਰਾਨ ਕਿਸੇ ਕਿਸਮ ਦੀ ਕੁਤਾਹੀ ਕਰਨ ਵਾਲੇ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਅਨੁਸ਼ਾਸ਼ਨੀ ਕਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਗੱਲੋਂ ਵਚਨਬੱਧ ਹੈ ਕਿ ਇਹ ਚੋਣ ਪੁਰ ਅਮਨ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਿਆ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਵੋਟਰ ਇਹ ਫੋਟੋ ਵੋਟਰ ਸਲਿਪ ਜਾਂ ਆਪਣੀ ਪਛਾਣ ਲਈ ਐਪਿਕ ਵੋਟਰ ਆਈ.ਡੀ. ਕਾਰਡ ਵੋਟਰ ਸਮੇਤ ਸਬੂਤ ਵੱਜੋਂ 11 ਹੋਰ ਦਸਤਾਵੇਜਾਂ ਪਾਸਪੋਰਟ, ਡਰਾਈਵਿੰਗ ਲਾਇਸੰਸ, ਆਧਾਰ ਕਾਰਡ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁਕ, ਪੈਨ ਕਾਰਡ, ਮਨਰੇਗਾ ਜੌਬ ਕਾਰਡ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਸਮਾਰਟ ਕਾਰਡ, ਸਿਹਤ ਬੀਮਾ ਕਾਰਡ, ਫੋਟੋ ਸਹਿਤ ਪੈਨਸ਼ਨ ਦਸਤਾਵੇਜ ਤੇ ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।
ਇਸੇ ਦੌਰਾਨ ਐਸ.ਐਸ.ਪੀ. ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਪੁਲਿਸ ਨੇ ਪੁਖ਼ਤਾ ਇੰਤਜਾਮ ਕੀਤੇ ਹਨ ਤੇ ਇਸ ਲਈ ਲੋੜੀਂਦੀ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ। ਜਦਕਿ ਪੈਟਰੌਲਿੰਗ ਪਾਰਟੀਆਂ ਵੀ ਵਾਇਰਲੈਸ ਨਾਲ ਲੈਸ ਕਰਕੇ ਤਾਇਨਾਤ ਹਨ। ਜ਼ਿਲ੍ਹੇ ਦੇ ਨਾਲ ਲੱਗਦੇ ਇਲਾਕਿਆਂ ‘ਚ ਅੰਤਰਰਾਜੀ ਨਾਕੇ ਅਤੇ ਅੰਤਰ ਜ਼ਿਲ੍ਹਾ ਨਾਕੇ ਲਗਾਏ ਗਏ ਹਨ ਅਤੇ ਸੰਵੇਦਨਸ਼ੀਲ ਤੇ ਅਤਿ ਸੰਵੇਦਨਸ਼ੀਲ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ।
ਐਸ ਐਸ ਪੀ ਨੇ ਅੱਗੇ ਕਿਹਾ ਕਿ ਕਿਸੇ ਵੀ ਗ਼ੈਰ ਸਮਾਜੀ ਅਨਸਰ ਨੂੰ ਕੋਈ ਗੜਬੜੀ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਅਜਿਹਾ ਕਰਨ ਵਾਲੇ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਨੂੰ ਮਾਹੌਲ ਖ਼ਰਾਬ ਕਰਨ ਅਤੇ ਕਾਨੂੰਨ ਵਿਵਸਥਾ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਅਜ਼ਾਦਾਨਾ ਢੰਗ ਨਾਲ ਚੋਣਾਂ ਕਰਵਾਉਣ ਲਈ ਪੁਲਿਸ, ਕਮਾਂਡੋ, ਪੀ.ਏ.ਪੀ. ਤੇ ਹੋਰ ਵਿੰਗਾਂ ਦੀ ਲੋੜੀਂਦੀ ਤਾਇਨਾਤੀ ਕੀਤੀ ਗਈ ਹੈ।