ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸਤਾਂ ਤੁਰੰਤ ਜਾਰੀ ਕੀਤੀਆਂ ਜਾਣ : ਡੀ ਟੀ ਐੱਫ

ਚੰਡੀਗੜ੍ਹ, 18 ਅਕਤੂਬਰ (ਖ਼ਬਰ ਖਾਸ ਬਿਊਰੋ)

ਕਿਸੇ ਸਮੇਂ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਤਨਖਾਹ ਲੈਣ ਵਾਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਕੇਂਦਰ ਦੇ ਮੁਲਾਜ਼ਮਾਂ ਅਤੇ ਅਨੇਕਾਂ ਸੂਬਿਆਂ ਦੇ ਮੁਲਾਜ਼ਮਾਂ ਤੋਂ ਘੱਟ ਤਨਖਾਹ ਤੇ ਗੁਜ਼ਾਰਾ ਕਰਨਾ ਪੈ ਰਿਹਾ ਹੈ ਕਿਉਂਕਿ ਕੇਂਦਰ ਸਰਕਾਰ ਨੇ ਪਿਛਲੇ ਦਿਨੀਂ ਕੇਂਦਰ ਦੇ ਮੁਲਾਜ਼ਮਾਂ ਲਈ 3 ਫੀਸਦੀ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰ ਦਿੱਤੀ ਹੈ। ਹੁਣ ਜਿੱਥੇ ਪੰਜਾਬ ਦੇ ਮੁਲਾਜ਼ਮ 38 ਫੀਸਦੀ ਮਹਿੰਗਾਈ ਭੱਤਾ ਲੈ ਰਹੇ ਹਨ, ਉੱਥੇ ਕੇਂਦਰ ਦੇ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ 53 ਫੀਸਦੀ ਹੋ ਗਿਆ ਜਿਸ ਨਾਲ ਇਹ ਪਾੜਾ 15 ਫੀਸਦੀ ਦਾ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਮਹਿੰਗਾਈ ਨਾਲ ਨਜਿੱਠਣ ਲਈ ਮਹਿੰਗਾਈ ਭੱਤਾ ਦਿੱਤਾ ਜਾਂਦਾ ਹੈ। ਪਰ ਪੰਜਾਬ ਸਰਕਾਰ ਵੱਲੋਂ 15 ਫੀਸਦੀ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਨੂੰ ਪਛਾੜ ਦੇਣਾ ਮੁਲਾਜ਼ਮਾਂ ਨੂੰ ਰਾਸ ਨਹੀਂ ਆ ਰਿਹਾ ਹੈ ਜਿਸ ਕਾਰਨ ਉਹ ਦਿਨੋਂ ਦਿਨ ਵੱਧ ਰਹੀ ਮਹਿੰਗਾਈ ਨਾਲ ਨਜਿੱਠਣ ਤੋਂ ਅਸਮਰੱਥ ਹੋ ਰਹੇ ਹਨ।

ਹੋਰ ਪੜ੍ਹੋ 👉  10 ਕਿਲੋ ਹੈਰੋਇਨ ਸਮੇਤ ਦੋ ਪੇਸ਼ੇਵਰ ਨਸ਼ਾ ਤਸਕਰ ਕਾਬੂ

ਡੀ ਟੀ ਐੱਫ ਦੇ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਕੀਤੇ ਹਰ ਵਾਅਦੇ ਤੋਂ ਮੁੱਕਰਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚੋਂ ਸਰਕਾਰ ਚਲਾਉਣ ਦੇ ਦਾਅਵੇ ਕਰਨ ਵਾਲੀ ਸਰਕਾਰ ਨੇ ਜਿੱਥੇ ਮੁਲਾਜ਼ਮਾਂ ਦਾ ਪੇਂਡੂ ਭੱਤਾ ਰੋਕਿਆ ਹੋਇਆ ਹੈ ਉੱਥੇ ਹੀ ਅਨੇਕਾਂ ਮੁਲਾਜ਼ਮਾਂ ਦੇ 37 ਪ੍ਰਕਾਰ ਦੇ ਭੱਤੇ ਰੋਕੇ ਹੋਏ ਹਨ, ਨਾ ਹੀ ਪੰਜਾਬ ਸਰਕਾਰ ਵੱਲੋਂ ਤਨਖਾਹ ਕਮਿਸ਼ਨ ਦਾ ਬਕਾਇਆ ਜਾਰੀ ਕੀਤਾ ਗਿਆ ਹੈ, ਹੁਣ ਮਹਿੰਗਾਈ ਭੱਤੇ ਵਿੱਚ ਵੀ ਪੰਜਾਬ ਦੇ ਮੁਲਾਜ਼ਮ ਕੇਂਦਰ ਦੇ ਮੁਲਾਜ਼ਮਾਂ ਤੋਂ 15 ਫੀਸਦੀ ਪੱਛੜ ਗਏ ਹਨ ਜਿਸ ਕਾਰਨ ਉਹ ਕੇਂਦਰ ਦੇ ਮੁਲਾਜ਼ਮਾਂ ਨਾਲੋਂ ਤਨਖਾਹ ਵਿਚਲੇ ਵਧ ਰਹੇ ਪਾੜੇ ਤੋਂ ਬਹੁਤ ਨਿਰਾਸ਼ ਹਨ। ਆਗੂਆਂ ਨੇ ਦੱਸਿਆ ਕਿ ਪੰਜਾਬ ਦੀਆਂ ਆਰਥਿਕ ਅਤੇ ਭੂਗੋਲਿਕ ਹਾਲਤਾਂ ਨੂੰ ਦੇਖਦੇ ਹੋਏ ਪੰਜਾਬ ਦੇ ਮੁਲਾਜ਼ਮ ਦੇਸ਼ ਭਰ ਵਿੱਚੋਂ ਸਭ ਤੋਂ ਵੱਧ ਤਨਖਾਹ ਲੈਂਦੇ ਰਹੇ ਹਨ, ਪਰ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਈ ਹੈ, ਉਦੋਂ ਤੋਂ ਹੀ ਮੁਲਾਜ਼ਮਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤੇ ਜਾਣ ਕਰਕੇ ਉਹ ਖੁਦ ਨੂੰ ਠੱਗੇ ਹੋਏ ਮਹਿਸੂਸ ਕਰ ਰਹੇ ਹਨ।

ਹੋਰ ਪੜ੍ਹੋ 👉  ਐਕਸਪੋ ਵਿੱਚ 30 ਵੱਖ-ਵੱਖ ਨਸਲਾਂ ਦੇ 500 ਤੋਂ ਵੱਧ ਕੁੱਤੇ ਕੀਤੇ ਜਾਣਗੇ ਪ੍ਰਦਰਸ਼ਿਤ

ਡੀ ਟੀ ਐੱਫ ਦੇ ਮੀਤ ਪ੍ਰਧਾਨਾਂ ਰਾਜੀਵ ਬਰਨਾਲਾ, ਜਗਪਾਲ ਬੰਗੀ, ਗੁਰਪਿਆਰ ਕੋਟਲੀ, ਬੇਅੰਤ ਫੂਲੇਵਾਲਾ, ਹਰਜਿੰਦਰ ਵਡਾਲਾ ਬਾਂਗਰ ਅਤੇ ਰਘਵੀਰ ਭਵਾਨੀਗੜ੍ਹ, ਸੰਯੁਕਤ ਸਕੱਤਰਾਂ ਮੁਕੇਸ਼ ਕੁਮਾਰ, ਕੁਲਵਿੰਦਰ ਜੋਸ਼ਨ ਅਤੇ ਜਸਵਿੰਦਰ ਔਜਲਾ, ਪ੍ਰੈੱਸ ਸਕੱਤਰ ਪਵਨ ਕੁਮਾਰ, ਸਹਾਇਕ ਵਿੱਤ ਸਕੱਤਰ ਤਜਿੰਦਰ ਸਿੰਘ ਅਤੇ ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਦੀਵਾਲੀ ਤੋਂ ਪਹਿਲਾਂ ਪਹਿਲਾਂ ਮਹਿੰਗਾਈ ਭੱਤੇ ਦਾ 15 ਫੀਸਦੀ ਦਾ ਪਾੜਾ ਤੁਰੰਤ ਖਤਮ ਕੀਤਾ ਜਾਵੇ ਅਤੇ ਪਿਛਲੇ ਸਮਿਆਂ ਦੀ ਮਹਿੰਗਾਈ ਭੱਤੇ ਦੀਆਂ ਕਿਸਤਾਂ ਦਾ ਬਣਦਾ ਬਕਾਇਆ ਵੀ ਜਾਰੀ ਕੀਤਾ ਜਾਵੇ।

ਹੋਰ ਪੜ੍ਹੋ 👉  ਪੰਜੇ ਨੇ ਝਾੜੂ ਖਿਲਾਰਿਆ, ਪਿੰਕੀ ਕੌਰ 368 ਵੋਟਾਂ ਦੇ ਅੰਤਰ ਨਾਲ ਜੈਤੂ

Leave a Reply

Your email address will not be published. Required fields are marked *