ਚੰਡੀਗੜ੍ਹ,20 ਅਕਤੂਬਰ (ਖ਼ਬਰ ਖਾਸ ਬਿਊਰੋ)
ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀਆਂ ਨਗਰ ਨਿਗਮ, ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਪਣਾਉਂਦੇ ਹੋਏ ਪੰਜਾਬ ਸਰਕਾਰ ਨੂੰ ਚੋਣ ਪ੍ਰੋਗਰਾਮ ਨੂੰ ਨੋਟੀਫਾਈ ਕਰਕੇ ਚੋਣਾਂ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ।
ਹਾਈ ਕੋਰਟ ਨੇ ਆਪਣੇ ਹੁਕਮ ਵਿਚ ਸਰਕਾਰ ਨੂੰ ਹੁਕਮ ਕੀਤਾ ਹੈ ਕਿ ਬਿਨਾਂ ਕਿਸੇ ਹੱਦਬੰਦੀ ਦੇ ਚੋਣਾਂ ਕਰਵਾਉਣ ਲਈ 15 ਦਿਨਾਂ ਦੀ ਸਮਾਂ ਸੀਮਾ ਤੈਅ ਕੀਤੀ ਹੈ। ਇੱਥੇ ਦੱਸਿਆ ਜਾਂਦਾ ਹੈ ਕਿ ਸੂਬੇ ਦੀਆਂ ਪੰਜ ਨਗਰ ਨਿਗਮਾਂ ਫਗਵਾੜਾ, ਅੰਮ੍ਰਿਤਸਰ, ਪਟਿਆਲਾ, ਜਲੰਧਰ, ਲੁਧਿਆਣਾ ਅਤੇ 42 ਨਗਰ ਕੌਂਸਲਾਂ-ਨਗਰ ਪੰਚਾਇਤਾਂ ਦੀਆਂ ਚੋਣਾਂ ਹੋਣੀਆਂ ਹਨ, ਜਿੱਥੇ ਪੰਜ ਸਾਲ ਦੀ ਮਿਆਦ ਖਤਮ ਹੋਣ ਤੋਂ ਬਾਅਦ ਸਰਕਾਰ ਚੋਣਾਂ ਨਹੀਂ ਕਰਵਾ ਸਕੀ।
ਹਾਈ ਕੋਰਟ ਨੇ ਹੁਕਮ ਦਿੱਤਾ ਹੈ ਕਿ, “ਇਹ ਅਦਾਲਤ ਪੰਜਾਬ ਰਾਜ ਚੋਣ ਕਮਿਸ਼ਨ ਅਤੇ ਪੰਜਾਬ ਰਾਜ ਨੂੰ ਸੰਵਿਧਾਨਕ ਹੁਕਮਾਂ ਦੀ ਪਾਲਣਾ ਕਰਨ ਲਈ ਨਿਰਦੇਸ਼ ਦੇਣ ਵਿੱਚ ਕੋਈ ਝਿਜਕ ਨਹੀਂ ਰੱਖਦੀ। ਹਾਈਕੋਰਟ ਨੇ ਕਿਹਾ ਕਿ ਇਹ ਹੁਕਮ ਜਾੈਰੀ ਹੋਣ ਦੀ ਮਿਤੀ ਤੋਂ 15 ਦਿਨਾਂ ਦੇ ਅੰਦਰ ਸਾਰੀਆਂ ਨਗਰ ਪਾਲਿਕਾਵਾਂ ਅਤੇ ਨਗਰ ਨਿਗਮਾਂ ਵਿੱਚ ਚੋਣ ਸ਼ੁਰੂ ਕਰ ਦੇਵੇ। ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਨਿਲ ਖੇਤਰਪਾਲ ਦੇ ਬੈਂਚ ਨੇ ਚੋਣ ਪ੍ਰੋਗਰਾਮ ਨੂੰ ਨੋਟੀਫਾਈ ਕੀਤੇ ਬਿਨਾਂ ਚੋਣਾਂ ਕਰਵਾਉਣ ਦੀ ਪ੍ਰਕਿਰਿਆ ਨੂੰ ਨਵੇਂ ਸਿਰੇ ਤੋਂ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ।ਵਾਰਡਾਂ ਦੀ ਹੱਦਬੰਦੀ ਦੀ ਪੈਂਡਿੰਗ ਪ੍ਰਕਿਰਿਆ ਕਾਰਨ ਨਗਰ ਪਾਲਿਕਾਵਾਂ/ਸਿਟੀ ਕੌਂਸਲਾਂ/ਨਗਰ ਨਿਗਮਾਂ/ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣੀਆਂ ਪਈਆਂ ਹਨ।
ਪੰਜਾਬ ਦੇ ਐਡਵੋਕੇਟ ਜਨਰਲ (ਏ.ਜੀ.) ਨੇ ਦਲੀਲ ਦਿੰਦਿਆਂ ਕਿਹਾ ਕਿ ਚੋਣਾਂ ਕਰਵਾਉਣ ਲਈ ਨਵਾਂ ਹੱਦਬੰਦੀ ਬੋਰਡ ਗਠਨ ਕਰਨਾ ਜ਼ਰੂਰੀ ਹੈ। ਇਸ ਬੋਰਡ ਵਲੋਂ ਸ਼ਹਿਰ ਦਾ ਇੱਕ ਨਕਸ਼ਾ ਤਿਆਰ ਕਰਨਾ ਅਤੇ ਵਾਰਡਾਂ ਦੀ ਹੱਦਬੰਦੀ ਤੈਅ ਕਰਨ ਲਈ ਕਿਹਾ ਗਿਆ ਸੀ। ਉਨਾਂ ਕਿਹਾ ਕਿ 47 ਨਗਰਪਾਲਿਕਾਵਾਂ ਵਿੱਚੋਂ ਬਹੁਤ ਸਾਰਿਆਂ ਵਿਚ ਵਾਰਡਬੰਦੀ ਸਬੰਧੀ ਪ੍ਰੀਕਿਰਿਆ ਸ਼ੁਰੂ ਹੋ ਚੁੱਕੀ ਹੈ। ਏਜੀ ਨੇ ਇਹ ਵੀ ਕਿਹਾ ਕਿ ਵਾਰਡਾਂ ਦੀ ਹੱਦਬੰਦੀ ਦੀ ਪੂਰੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਕੁੱਲ 16 ਹਫ਼ਤਿਆਂ ਦੀ ਮਿਆਦ ਦੀ ਲੋੜ ਹੈ। ਉਨ੍ਹਾਂ ਇਹ ਵੀ ਦਲੀਲ ਦਿੱਤੀ ਕਿ 17 ਅਕਤੂਬਰ, 2023 ਨੂੰ ਹੱਦਬੰਦੀ ਕਰਨ ਦਾ ਪਿਛਲਾ ਫੈਸਲਾ ਰੱਦ ਕਰ ਦਿੱਤਾ ਗਿਆ ਸੀ, ਇਸ ਲਈ ਵਾਰਡਾਂ ਦੀ ਨਵੇਂ ਸਿਰਿਓਂ ਹੱਦਬੰਦੀ ਕਰਨੀ ਜ਼ਰੂਰੀ ਸੀ। ਹਾਈਕੋਰਟ ਨੇ ਦਲੀਲਾਂ ਸੁਣਨ ਤੋਂ ਬਾਅਦ ਸਰਕਾਰ ਨੂੰ ਹੱਦਬੰਦੀ ਪ੍ਰਕਿਰਿਆ ਤੋਂ ਬਿਨਾਂ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਹਨ।
ਇਸ ਮਾਮਲੇ ਵਿੱਚ ਮਲੇਰਕੋਟਲਾ ਵਾਸੀ ਬੇਅੰਤ ਸਿੰਘ ਨੇ ਦਾਇਰ ਜਨਹਿਤ ਪਟੀਸ਼ਨ ਵਿੱਚ ਹਾਈਕੋਰਟ ਵਿੱਚ ਦੱਸਿਆ ਕਿ ਪੰਜਾਬ ਦੀਆਂ 42 ਨਗਰ ਕੌਂਸਲਾਂ ਦਾ ਕਾਰਜਕਾਲ ਕਈ ਮਹੀਨੇ ਪਹਿਲਾਂ ਖਤਮ ਹੋ ਗਿਆ ਸੀ, ਜਿਨ੍ਹਾਂ ਵਿੱਚੋਂ ਕਈਆਂ ਦਾ ਕਾਰਜਕਾਲ ਖਤਮ ਹੋਏ ਦੋ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ, ਜਿਸ ਕਾਰਨ ਸਾਰੇ ਵਿਕਾਸ ਕਾਰਜ ਠੱਪ ਪਏ ਹਨ।
ਪਟੀਸ਼ਨ ਮੁਤਾਬਕ ਰਾਜ ਦੀਆਂ ਜ਼ਿਆਦਾਤਰ ਨਗਰ ਕੌਂਸਲਾਂ ਦਾ ਕਾਰਜਕਾਲ ਦਸੰਬਰ 2022 ਵਿੱਚ ਖਤਮ ਹੋ ਗਿਆ ਹੈ। ਪਰ ਅਜੇ ਤੱਕ ਚੋਣਾਂ ਨਹੀਂ ਕਰਵਾਈਆਂ ਗਈਆਂ। ਅਦਾਲਤ ਨੂੰ ਦੱਸਿਆ ਗਿਆ ਕਿ 1 ਅਗਸਤ 2023 ਨੂੰ ਸਥਾਨਕ ਸਰਕਾਰਾਂ ਵਿਭਾਗ ਨੇ ਨਗਰ ਕੌਂਸਲ ਚੋਣਾਂ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਜੋ ਕਿ 1 ਨਵੰਬਰ 2023 ਨੂੰ ਹੋਣੀਆਂ ਸਨ। ਪਰ ਅੱਜ ਤੱਕ ਚੋਣਾਂ ਨਹੀਂ ਕਰਵਾਈਆਂ ਗਈਆਂ। ਪਟੀਸ਼ਨ ਮੁਤਾਬਕ ਉਨ੍ਹਾਂ ਨੇ 5 ਜੁਲਾਈ ਨੂੰ ਸਰਕਾਰ ਨੂੰ ਚੋਣਾਂ ਕਰਵਾਉਣ ਲਈ ਕਾਨੂੰਨੀ ਨੋਟਿਸ ਭੇਜਿਆ ਸੀ ਪਰ ਅਜੇ ਤੱਕ ਉਨ੍ਹਾਂ ਨੂੰ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਮਿਲਿਆ। ਇਸ ਲਈ ਹੁਣ ਉਹ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸਰਕਾਰ ਨੂੰ ਚੋਣਾਂ ਕਰਵਾਉਣ ਲਈ ਹਦਾਇਤਾਂ ਦੀ ਮੰਗ ਕਰਨ ਲਈ ਮਜਬੂਰ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਅਨੁਸਾਰ ਨਗਰ ਕੌਂਸਲ ਚੋਣਾਂ ਆਪਣੀ ਮਿਆਦ ਪੁੱਗਣ ਤੋਂ ਪਹਿਲਾਂ ਕਰਵਾਉਣੀਆਂ ਜ਼ਰੂਰੀ ਹਨ ਪਰ ਸਰਕਾਰ ਨੇ ਅਜੇ ਤੱਕ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ, ਇਕ ਹੋਰ ਪਟੀਸ਼ਨ ਵਿਚ ਅਦਾਲਤ ਨੂੰ ਇਹ ਵੀ ਕਿਹਾ ਗਿਆ ਕਿ ਅੰਮ੍ਰਿਤਸਰ, ਲੁਧਿਆਣਾ, ਜਲੰਧਰ , ਸਰਕਾਰ ਨੇ ਪਟਿਆਲਾ ਅਤੇ ਫਗਵਾੜਾ ਨਗਰ ਨਿਗਮ ਦੀਆਂ ਚੋਣਾਂ ਵੀ ਨਹੀਂ ਕਰਵਾਈਆਂ। ਪਟੀਸ਼ਨਰਾਂ ਦੇ ਵਕੀਲ ਨੇ ਕਿਹਾ ਕਿ ਇਹ ਚੋਣਾਂ ਜਨਵਰੀ, 2023 ਵਿੱਚ ਮਿਉਂਸਪਲ ਕਾਰਪੋਰੇਸ਼ਨਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੋਣੀਆਂ ਚਾਹੀਦੀਆਂ ਹਨ,। ਭਾਰਤ ਦੇ ਸੰਵਿਧਾਨ ਦੇ ਅਨੁਛੇਦ 249-ਯੂ ਦੇ ਨਾਲ-ਨਾਲ ਪੰਜਾਬ ਮਿਉਂਸਪਲ ਕਾਰਪੋਰੇਸ਼ਨ ਦੀ ਧਾਰਾ 7 ਦੇ ਤਹਿਤ ਚੋਣਾਂ ਸਮੇਂ ਤੇ ਕਰਵਾਉਣੀਆਂ ਜਰੂਰੀ ਹੈ। ਪਟੀਸ਼ਨਰ ਨੇ ਕਿਹਾ ਕਿ ਚੋਣਾਂ ਨਾ ਕਰਵਾ ਕੇ ਸਰਕਾਰ ਨੇ ਵੋਟਰਾਂ ਨੂੰ ਆਪਣੇ ਹੇਠਲੇ ਜਮਹੂਰੀ ਅਦਾਰਿਆਂ ਵਿੱਚ ਆਪਣੇ ਨੁਮਾਇੰਦੇ ਚੁਣਨ ਦੇ ਕੀਮਤੀ ਜਮਹੂਰੀ ਹੱਕ ਤੋਂ ਲਗਭਗ ਇੱਕ ਸਾਲ ਤੱਕ ਵਾਂਝਾ ਰੱਖਿਆ ਹੈ।
ਹਾਈਕੋਰਟ ਨੇ ਸਾਰੀਆਂ ਦਲੀਲਾਂ ਸੁਣਨ ਬਾਅਦ ਸਰਕਾਰ ਨੂੰ ਨਗਰ ਨਿਗਮ ਤੇ ਨਗਰ ਕੌਂਸਲ ਜਿਥੇ ਚੋਣਾਂ ਪੈਡਿੰਗ ਹਨ, ਵਿਖੇ ਹੁਕਮ ਜਾਰੀ ਹੋਣ ਦੇ 15 ਦਿਨਾਂ ਤੱਕ ਚੋਣਾਂ ਕਰਵਾਉਣ ਦਾ ਅਮਲ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ
ਮਾਲੀ ਦੀ ਪਟੀਸ਼ਨ ‘ਤੇ ਸਰਕਾਰ ਨੂੰ ਨੋਟਿਸ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਿਆਸੀ ਟਿੱਪਣੀਕਾਰ, ਲੇਖਕ, ਪੱਤਰਕਾਰ ਮਾਲਵਿੰਦਰ ਸਿੰਘ ਮਾਲੀ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਮਾਲੀ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਆਪਣੇ ਖਿਲਾਫ ਦਰਜ ਕੀਤੇ ਗਏ ਮਾਮਲੇ ਅਤੇ ਉਸ ਦੀ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਹੈ।
ਮਾਲੀ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਸਰਕਾਰ ਨੇ ਇੱਕ ਸਿਆਸੀ ਸਾਜ਼ਿਸ਼ ਤਹਿਤ ਉਸ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਹੈ ਕਿਉਂਕਿ ਉਹ ਲਗਾਤਾਰ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਆਵਾਜ਼ ਚੁੱਕ ਰਹੇ ਹਨ। ਪਟੀਸ਼ਨਰ ਨੇ ਕਿਹਾ ਕਿ ਉਸ ਖ਼ਿਲਾਫ਼ 16 ਸਤੰਬਰ ਨੂੰ ਮੁਹਾਲੀ ਵਿੱਚ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਕੇਸ ਦਰਜ ਹੋਇਆ ਸੀ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਉਦੋਂ ਤੋਂ ਉਹ ਹਿਰਾਸਤ ਵਿੱਚ ਹੈ। ਸ਼ਨੀਵਾਰ ਨੂੰ ਹਾਈਕੋਰਟ ਨੇ ਮਾਲੀ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 21 ਅਕਤੂਬਰ ਤੱਕ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।
ਉਧਰ ਮਾਲੀ ਖਿਲਾਫ਼ ਦਰਜ਼ ਕੀਤੇ ਝੂਠੇ ਕੇਸ ਨੂੰ ਰੱਦ ਕਰਵਾਉਣ ਦੀ ਲੜਾਈ ਲੜ ਰਹੇ ਵੱਖ ਵੱਖ ਸੰਗਠਨਾਂ ਨਾਲ ਜੁੜੇ ਨੁਮਾਇੰਦਿਆ ਨੇ 28 ਅਕਤੂਬਰ ਨੂੰ ਜਿਲਾ ਪੱਧਰ ਉਤੇ ਰੋਸ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ।