ਚੰਡੀਗੜ੍ਹ, 20 ਅਕਤੂਬਰ (ਖ਼ਬਰ ਖਾਸ ਬਿਊਰੋ)
ਹਾਲਾਂਕਿ ਕਿਸਾਨ ਆਗੂਆਂ ਨੇ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਹੜਤਾਲ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਚਾਰ ਦਿਨਾਂ ਬਾਅਦ ਵੀ ਖਰੀਦ ਤੇ ਲਿਫਟਿੰਗ ਦੀ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਚਾਰ ਦਿਨਾਂ ਬਾਅਦ ਯਾਨੀ 24 ਅਕਤੂਬਰ ਤੋਂ ਸਖ਼ਤ ਕਦਮ ਚੁੱਕਿਆ ਜਾਵੇਗਾ।
ਉਧਰ ਮੁੱਖ ਮੰਤਰੀ ਵਲੋਂ ਸ਼ੈਲਰ ਮਾਲਕਾਂ ਨੂੰ ਮੀਲਿੰਗ ਲਈ ਪਲਾਨ ਬੀ ਦੀ ਦਿੱਤੀ ਧਮਕੀ ਬਾਅਦ ਸ਼ੈਲਰ ਮਾਲਕਾਂ ਨੇ ਸਪਸ਼ਟ ਕਿਹਾ ਕਿ ਉਹ ਜਿਥੋਂ ਚਾਹੁਣ ਮਿਲਿੰਗ ਕਰਵਾ ਸਕਦੇ ਹਨ। ਜਦਕਿ ਦੂਜੇ ਪਾਸੇ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਆਪਣਾ ਧਰਨਾ ਨਿਰੰਤਰ ਜਾਰੀ ਰੱਖਿਆ ਹੋਇਆ ਹੈ।
ਸ਼ੈਲਰ ਮਾਲਕਾਂ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਨਾ ਕੀਤੇ ਜਾਣ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਿੱਖਾ ਰਵੱਈਆ ਦਿਖਾਉਂਦੇ ਹੋਏ ਕਿਹਾ ਹੈ ਕਿ ਪੰਜਾਬ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਦੀ ਯੋਜਨਾ ਬੀ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਬਲੈਕਮੇਲਿੰਗ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਹਨਾਂ ਕਿਹਾ ਕਿ ਉਹ ਬਾਹਰਲੇ ਸੂਬਿਆਂ ਤੋਂ ਮਿਲਿੰਗ ਕਰਵਾਉਣ ਵਿਚ ਕੋਈ ਸੰਕੋਚ ਨਹੀਂ ਕਰਨਗੇ। ਦੂਜੇ ਪਾਸੇ ਮੁੱਖ ਮੰਤਰੀ ਦੀ ਇਸ ਧਮਕੀ ‘ਤੇ ਟਿੱਪਣੀ ਕਰਦਿਆਂ ਪੰਜਾਬ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਨੇ ਕਿਹਾ ਕਿ ਜਿੱਥੋਂ ਮਰਜ਼ੀ ਸਰਕਾਰ ਮਿਲਿੰਗ ਕਰਵਾਉਣਾ ਚਾਹੁੰਦੀ ਹੈ, ਕਰਵਾ ਸਕਦੀ ਹੈ।
ਸੈਣੀ ਨੇ ਕਿਹਾ ਕਿ ਸਾਨੂੰ ਬਾਹਰੋਂ ਮਿਲਿੰਗ ਕਰਵਾਉਣ ਦੀ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਹੀ ਸਾਡਾ ਵੱਡਾ ਨੁਕਸਾਨ ਹੋਇਆ ਹੈ। ਇਸ ਲਈ ਅਸੀਂ ਕੋਈ ਜੋਖਮ ਉਠਾਉਣ ਲਈ ਤਿਆਰ ਨਹੀਂ ਹਾਂ। ਉਨ੍ਹਾਂ ਕਿਹਾ ਕਿ ਪੀ.ਆਰ.126 ਦੇ ਇੱਕ ਕੁਇੰਟਲ ਝੋਨੇ ਵਿੱਚੋਂ 62 ਕਿਲੋ ਤੋਂ ਵੱਧ ਝੋਨਾ ਨਹੀਂ ਨਿਕਲਦਾ, ਸਰਕਾਰ ਮਿੱਲਰਜ਼ ਤੋਂ 67 ਕਿਲੋ ਦੀ ਮੰਗ ਕਰ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ, ਕਮਿਸ਼ਨ ਏਜੰਟ ਅਤੇ ਸ਼ੈਲਰ ਮਾਲਕ ਸੂਬੇ ਵਿੱਚ ਅਨਾਜ ਪੈਦਾ ਕਰਨ ਅਤੇ ਖਰੀਦਣ ਵਿੱਚ ਅਹਿਮ ਕੜੀ ਹਨ। ਇਸ ਲਿੰਕ ਨੂੰ ਤੋੜਿਆ ਨਹੀਂ ਜਾ ਸਕਦਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਹਿੱਸੇ ਦੀ ਬਲੈਕਮੇਲਿੰਗ ਨਹੀਂ ਹੋਣ ਦਿੱਤੀ ਜਾਵੇਗੀ।ਮੁੱਖ ਮੰਤਰੀ ਨੇ ਕਿਸਾਨਾਂ ਤੋਂ ਦੋ ਦਿਨ ਦਾ ਸਮਾਂ ਮੰਗਦਿਆਂ ਕਿਹਾ ਕਿ ਮੰਡੀਆਂ ਵਿੱਚੋਂ ਸਾਰੀ ਢੋਆ-ਢੁਆਈ ਕੀਤੀ ਜਾਵੇਗੀ ਅਤੇ ਦਾਣਾ ਦਾਣਾ ਚੁੱਕਿਆ ਜਾਵੇਗਾ। ਮੁੱਖ ਮੰਤਰੀ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਤੁਸੀਂ ਦੋ ਦਿਨਾਂ ਦੀ ਗੱਲ ਛੱਡੋ, ਅਸੀਂ ਤੁਹਾਨੂੰ ਚਾਰ ਦਿਨ ਦਾ ਸਮਾਂ ਦੇ ਰਹੇ ਹਾਂ। ਜੇਕਰ 24 ਅਕਤੂਬਰ ਤੱਕ ਹਾਲਾਤ ਨਾ ਸੁਧਰੇ ਤਾਂ ਅਗਲੇ ਵੱਡੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ। ਕਿਸਾਨਾਂ ਨੇ ਕਿਹਾ ਅੱਜ ਅਸੀਂ ਆਪਣਾ ਮੋਰਚਾ ਸਮਾਪਤ ਕਰ ਰਹੇ ਹਾਂ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕਿਹਾ ਕਿ ਚੌਲ ਮਿੱਲਾਂ ਦੇ ਮਾਲਕ ਭਾਜਪਾ ਦੇ ਪ੍ਰਭਾਵ ਹੇਠ ਹਨ ਅਤੇ ਉਨ੍ਹਾਂ ਦੇ ਇਸ਼ਾਰੇ ‘ਤੇ ਹੀ ਪੰਜਾਬ ਸਰਕਾਰ ਨੂੰ ਲੁੱਟ ਰਹੇ ਹਨ। ਜੇਕਰ ਉਹ ਝੋਨਾ ਨਹੀਂ ਚੁੱਕਣਗੇ ਤਾਂ ਅਸੀਂ ਪਲਾਨ ਬੀ ਤਿਆਰ ਕਰ ਲਿਆ ਹੈ ਅਤੇ ਝੋਨਾ ਆਪਣੇ ਪਲਿੰਥਾਂ ‘ਤੇ ਸਟੋਰ ਕਰਕੇ ਬਾਹਰੋਂ ਮਿਲਿੰਗ ਕਰਵਾਵਾਂਗੇ।
ਕਿਸਾਨਾਂ ਆਗੂ ਬਲਬੀਰ ਸਿੰਘ ਰਾਜੇਵਾਲ, ਰੁਲਦੂ ਸਿੰਘ ਮਾਨਸਾ, ਹਰਮੀਤ ਸਿੰਘ ਕਾਦੀਆਂ, ਹਰਵਿੰਦਰ ਸਿੰਘ ਲੱਖੋਵਾਲ ਅਤੇ ਪ੍ਰੇਮ ਸਿੰਘ ਭੰਗੂ ਨੇ ਅੱਜ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਖਰੀਦ ਸਬੰਧੀ ਦਿੱਤੇ ਗਏ ਅੰਕੜਿਆਂ ਵਿੱਚ ਕੋਈ ਤੁਕ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲੈਣ ਤੋਂ ਪਿੱਛੇ ਨਹੀਂ ਹਟਣਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀਆਂ ਦੁਸ਼ਮਣ ਤਾਕਤਾਂ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ ਝੋਨੇ ਦੀ ਖਰੀਦ ਦਾ ਸਿਹਰਾ ਲੈਣ ਲਈ ਇਸ ਮੁੱਦੇ ਦਾ ਸਿਆਸੀਕਰਨ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਝੋਨਾ ਖਰੀਦਣ ਲਈ ਵਚਨਬੱਧ ਹਾਂ ਅਤੇ ਸਾਡਾ ਫਰਜ਼ ਬਣਦਾ ਹੈ ਕਿ ਸਰਕਾਰ ਦੇ ਇਸ ਫੈਸਲੇ ਨੂੰ ਸਹੀ ਢੰਗ ਨਾਲ ਲਾਗੂ ਕਰਵਾਉਣ ਲਈ ਹਰ ਸੰਭਵ ਯਤਨ ਕਰੀਏ। ਭਗਵੰਤ ਮਾਨ ਨੇ ਕਿਹਾ ਕਿ ਉਹ ਖੁਦ ਝੋਨੇ ਦੀ ਖਰੀਦ ਅਤੇ ਪਿੜਾਈ ਦੇ ਕੰਮ ਦੀ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਫ਼ਸਲਾਂ ਦੀ ਮੰਡੀਆਂ ਵਿੱਚ ਪਹੁੰਚਦਿਆਂ ਹੀ ਖ਼ਰੀਦ ਲਈ ਠੋਸ ਪ੍ਰਬੰਧ ਕਰ ਰਹੀ ਹੈ।