ਚੰਡੀਗੜ੍ਹ, 21 ਅਕਤੂਬਰ (ਖ਼ਬਰ ਖਾਸ ਬਿਊਰੋ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਸੂਬੇ ਭਰ ਦੀਆਂ ਮੰਡੀਆਂ ਵਿੱਚ ਖਰੀਦੇ ਜਾ ਰਹੇ ਝੋਨੇ ਦੀ ਤੇਜੀ ਨਾਲ ਲਿਫਟਿੰਗ ਯਕੀਨੀ ਬਣਾਉਣ ਦੇ ਆਦੇਸ ਦਿੱਤੇ ਹਨ।
ਸੂਬੇ ਵਿੱਚ ਖਰੀਦ ਕਾਰਜਾਂ ਦਾ ਜਾਇਜਾ ਲੈਣ ਲਈ ਹੋਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਚੁਕਾਈ ਛੇਤੀ ਤੋਂ ਛੇਤੀ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਦੇਸ ਨੂੰ ਅੰਨ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ ਦੀ ਅਨਾਜ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਡੇ ਅੰਨ ਦਾਤਿਆਂ ਨੇ ਆਪਣੇ ਬੇਸਕੀਮਤੀ ਕੁਦਰਤੀ ਵਸੀਲੇ ਪਾਣੀ ਅਤੇ ਜਰਖੇਜ ਮਿੱਟੀ ਨੂੰ ਦਾਅ ਉੱਤੇ ਲਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਾਲ ਵੀ ਸੂਬੇ ਦੇ ਕਿਸਾਨਾਂ ਵੱਲੋਂ 185 ਲੱਖ ਮੀਟਿ੍ਰਕ ਟਨ ਝੋਨੇ ਦਾ ਯੋਗਦਾਨ ਕੌਮੀ ਭੰਡਾਰ ਵਿੱਚ ਪਾਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਸੰਜੀਦਗੀ ਨਾਲ ਜੁਟੀ ਹੋਈ ਹੈ। ਉਨ੍ਹਾਂ ਨੇ ਸਪੱਸਟ ਸਬਦਾਂ ਵਿੱਚ ਕਿਹਾ ਕਿ ਮੰਡੀਆਂ ਵਿੱਚ ਮਿਹਨਤ ਨਾਲ ਪਾਲੀ ਝੋਨੇ ਦੀ ਫਸਲ ਦੀ ਖੱਜਲ-ਖੁਆਰੀ ਹੋਣ ਦੀ ਹਰਗਿਜ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਇਸ ਲਈ ਜ਼ਿੰਮੇਵਾਰ ਪਾਏ ਗਏ ਅਧਿਕਾਰੀਆਂ ਖ਼ਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਝੋਨੇ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਹਨ ਜਿਸ ਲਈ ਸੂਬੇ ਭਰ ਵਿੱਚ 2651 ਮੰਡੀਆਂ ਸਥਾਪਿਤ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਰ.ਬੀ.ਆਈ. ਵੱਲੋਂ ਸੀ.ਸੀ.ਐਲ. ਤਹਿਤ 41,378 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਜਾਰੀ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਲਈ ਜੰਗੀ ਪੱਧਰ ’ਤੇ ਕਰਨ ਲਈ ਕਦਮ ਚੁੱਕੇ ਜਾਣ।
ਇਸ ਦੌਰਾਨ ਮੀਟਿੰਗ ਵਿੱਚ ਇਹ ਵੀ ਦੱਸਿਆ ਗਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 24.88 ਲੱਖ ਮੀਟਿ੍ਰਕ ਟਨ ਦੀ ਆਮਦ ਦਰਜ ਕੀਤੀ ਗਈ ਹੈ, ਜਿਸ ਵਿੱਚੋਂ 22.22 ਲੱਖ ਮੀਟਿ੍ਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਅਦਾਇਗੀ ਲਈ ਪਹਿਲਾਂ ਹੀ 4027 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।
——