ਚੰਡੀਗੜ੍ਹ 23 ਅਕਤੂਬਰ (ਖ਼ਬਰ ਖਾਸ ਬਿਊਰੋ)
ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ 13 ਨਵੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਅਕਾਲੀ ਦਲ ਨੂੰ ਛੱਡਕੇ ਬਾਕੀ ਸਿਆਸੀ ਪਾਰਟੀਆਂ ਨੇ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਸਿਆਸੀ ਪਾਰਟੀਆਂ ਦੀਆਂ ਨਜ਼ਰਾਂ ਅਕਾਲੀ ਦਲ ਉਤੇ ਟਿਕੀਆ ਹੋਈਆਂ ਹਨ, ਜਦਕਿ ਭਾਜਪਾ ਪਹਿਲੀ ਵਾਰ ਇਕੱਲੇ ਆਪਣੇ ਦਮ ਉਤੇ ਜ਼ਿਮਨੀ ਚੋਣ ਲੜ ਰਹੀ ਹੈ।
ਕਾਂਗਰਸ ਨੇ ਗਿੱਦੜਬਾਹਾ ਹਲਕੇ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮ ਪਤਨੀ ਅੰਮ੍ਰਿਤਾ ਵੜਿੰਗ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਇਸੀ ਤਰਾਂ ਡੇਰਾ ਬਾਬਾ ਨਾਨਕ ਤੋਂ ਸੁਖਜਿੰਦਰ ਸਿੰਘ ਰੰਧਾਵਾਂ ਦੀ ਧਰਮ ਪਤਨੀ ਜਤਿੰਦਰ ਕੌਰ ਰੰਧਾਵਾਂ ਨੂੰ ਟਿਕਟ ਦਿੱਤੀ ਹੈ। ਦੋਵੇਂ ਮੈਂਬਰ ਪਾਰਲੀਮੈਂਟ ਰੰਧਾਵਾਂ ਤੇ ਵੜਿੰਗ, ਜਿਨਾਂ ਨੇ ਵਿਧਾਇਕ ਦੇ ਅਹੁੱਦੇ ਤੋਂ ਅਸਤੀਫ਼ਾ ਦਿੱਤਾ ਸੀ, ਆਪਣੀਆਂ ਪਤਨੀਆਂ ਨੂੰ ਟਿਕਟਾਂ ਦਿਵਾਉਣ ਵਿਚ ਕਾਮਯਾਬ ਹੋ ਗਏ ਹਨ। ਇਸੀ ਤਰਾਂ ਕਾਂਗਰਸ ਨੇ ਬਰਨਾਲਾ ਤੋਂ ਕੇਵਲ ਸਿੰਘ ਢਿਲੋਂ ਅਤੇ ਚੱਬੇਵਾਲ ਤੋਂ ਰਣਜੀਤ ਕੁਮਾਰ ਨੂੰ ਟਿਕਟ ਦਿੱਤੀ ਹੈ।
ਆਮ ਆਦਮੀ ਪਾਰਟੀ ਨੇ ਗਿੱਦੜਬਾਹਾ ਤੋਂ ਸੁਖਬੀਰ ਬਾਦਲ ਦੇ ਖਾਸਮਖਾਸ ਰਹੇ ਹਰਦੀਪ ਸਿੰਘ ਡਿੰਪੀ ਢਿਲੋਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ, ਜਦਕਿ ਭਾਜਪਾ ਨੇ ਸਾਬਕਾ ਵਿਤ ਮੰਤਰੀ ਮਨਪ੍ਰੀਤ ਬਾਦਲ ਉਤੇ ਭਰੋਸਾ ਪ੍ਰਗਟ ਕੀਤਾ ਹੈ। ਹਾਲਾਂਕਿ ਬਾਕੀ ਸੀਟਾਂ ਤੇ ਵੀ ਜਬਰਦਸਤ ਮੁਕਾਬਲਾ ਹੋਵੇਗਾ ਪਰ ਗਿੱਦੜਬਾਹਾ ਸਭਤੋਂ ਅਹਿਮ ਸੀਟ ਬਣ ਗਈ ਹੈ। ਸਾਰੀਆਂ ਸਿਆਸੀ ਪਾਰਟੀਆਂ ਨੇ ਇੱਥੇ ਦਿਗਜ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਹਨ। ਸਭਤੋਂ ਅਹਿਮ ਗੱਲ ਹੈ ਕਿ ਮਨਪ੍ਰੀਤ ਬਾਦਲ ਦੀ ਪੰਜਾਬਾ ਦੀ ਸਿਆਸਤ ਵਿਚ ਐਂਟਰੀ ਵੀ ਗਿੱਦੜਬਾਹਾ ਦੀ ਜ਼ਿਮਨੀ ਚੋਣ ਰਾਹੀਂ ਹੋਈ ਸੀ। ਜਦੋਂ ਮਰਹੂਮ ਬੇਅੰਤ ਸਿੰਘ ਦੀ ਸਰਕਾਰ ਦੌਰਾਨ ਜ਼ਿਮਨੀ ਚੋਣ ਹੋਈ ਸੀ। ਉਸ ਸਮੇਂ ਬੇਅਤ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਟਿੱਲ ਤੱਕ ਜ਼ੋਰ ਲਾ ਦਿੱਤਾ ਸੀ, ਪਰ ਸਰਕਾਰ ਹਾਰ ਗਈ ਸੀ ਤੇ ਅਕਾਲੀ ਉਮੀਦਵਾਰ ਵਜੋਂ ਮਨਪ੍ਰੀਤ ਬਾਦਲ ਪਹਿਲੀ ਵਾਰ ਗਿੱਦੜਬਾਹਾ ਤੋਂ ਵਿਧਾਇਕ ਬਣੇ ਸਨ। ਉਸਤੋਂ ਬਾਅਦ ਹਾਲਾਤ ਬਦਲ ਗਏ। ਰਾਜਾ ਵੜਿੰਗ ਨੇ ਲਗਾਤਾਰ ਤਿੰਨ ਵਾਰ ਜਿੱਤ ਹਾਸਲ ਕੀਤੀ। ਹੁਣ ਮਨਪ੍ਰੀਤ ਬਾਦਲ, ਡਿੰਪੀ ਢਿਲੋਂ ਤੇ ਅੰਮ੍ਰਿਤਾ ਵੜਿੰਗ ਚੋਣ ਮੈਦਾਨ ਵਿਚ ਹਨ। ਅਕਾਲੀ ਦਲ ਦੇ ਉਮੀਦਵਾਰ ਦਾ ਇੰਤਜ਼ਾਰ ਹੈ। ਇੱਥੇ ਕੁੰਡੀਆਂ ਦੇ ਸਿੰਙ ਫਸਣਗੇ।
ਕੁੱਲ ਵੋਟਰਾਂ ਅਤੇ ਪੋਲਿੰਗ ਸਟੇਸ਼ਨਾਂ ਦੀ ਗਿਣਤੀ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਵਾਲੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ 10 ਅਕਤੂਬਰ, 2024 ਤੱਕ ਕੁੱਲ ਵੋਟਰਾਂ ਦੀ ਗਿਣਤੀ 6 ਲੱਖ 96 ਹਜ਼ਾਰ 316 ਹੈ ਅਤੇ ਕੁੱਲ 831 ਪੋਲਿੰਗ ਸਟੇਸ਼ਨ ਹਨ।
ਉਨ੍ਹਾਂ ਦੱਸਿਆ ਕਿ 10-ਡੇਰਾ ਬਾਬਾ ਨਾਨਕ ਵਿੱਚ ਕੁੱਲ ਵੋਟਰ 1 ਲੱਖ 93 ਹਜ਼ਾਰ 268 ਹਨ। ਇੱਥੇ 241 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਸੇ ਤਰ੍ਹਾਂ 44-ਚੱਬੇਵਾਲ (ਐਸ ਸੀ) ਵਿਧਾਨ ਸਭਾ ਹਲਕੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 59 ਹਜ਼ਾਰ 254 ਹੈ ਅਤੇ ਇੱਥੇ ਕੁੱਲ 205 ਪੋਲਿੰਗ ਸਟੇਸ਼ਨ ਬਣਾਏ ਗਏ ਹਨ।
ਸਿਬਿਨ ਸੀ ਨੇ ਦੱਸਿਆ ਕਿ 84-ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਕੁੱਲ ਵੋਟਰ 1 ਲੱਖ 66 ਹਜ਼ਾਰ 489 ਹਨ। ਇੱਥੇ ਕੁੱਲ 173 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਉੱਧਰ 103-ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਵੋਟਰਾਂ ਦੀ ਕੁੱਲ ਸੰਖਿਆ 1 ਲੱਖ 77 ਹਜ਼ਾਰ 305 ਹੈ ਅਤੇ 212 ਪੋਲਿੰਗ ਸਟੇਸ਼ਨ ਹਨ।