ਕੇਜਰੀਵਾਲ ਵੱਲੋਂ ਦਿੱਲੀ ‘ਚ ਅਧਿਕਾਰੀਆਂ ਨਾਲ ਮੀਟਿੰਗ ਕਰਨ ‘ਤੇ ਮਜੀਠੀਆ ਨੂੰ ਇਤਰਾਜ਼, ਰਾਜਪਾਲ ਤੋਂ ਦਖਲ ਦੀ ਮੰਗ 

ਚੰਡੀਗੜ੍ਹ 2 ਨਵੰਬਰ (ਖ਼ਬਰ ਖਾਸ ਬਿਊਰੋ)

 ਸ਼੍ਰੋਮਣੀ ਅਕਾਲੀ ਦਲ ਨੇ  ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ  ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸੰਵਿਧਾਨਕ ਨਿਯਮਾਂ ਨੂੰ ਛਿੱਕੇ ਟੰਗ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਮੀਟਿੰਗਾਂ ਲਈ ਦਿੱਲੀ ਤਲਬ ਕਰਨ ਤੋਂ ਰੋਕਣ ਦੀ ਅਪੀਲ ਕੀਤੀ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੀਨੀਅਰ ਆਗੂ  ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਦਿੱਲੀ ਤੋਂ ਰਿਮੋਰਟ ਕੰਟਰੋਲ ਰਾਹੀਂ ਚਲਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹੁਣ ਤਾਂ ਸ੍ਰੀ ਅਰਵਿੰਦ ਕੇਜਰੀਵਾਲ ਅਸਿੱਧੇ ਤੌਰ ’ਤੇ ਪੰਜਾਬ ਦੇ ਮੁੱਖ ਮੰਤਰੀ ਬਣ ਗਏ ਹਨ ਜੋ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੀਨੀਅਰ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਆਪਣੀ ਮਰਜ਼ੀ ਮੁਤਾਬਕ ਦਿੱਲੀ ਤਲਬ ਕਰ ਰਹੇ ਹਨ। ਉਹਨਾਂ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਮਾਮਲੇ ਵਿਚ ਦਖਲ ਦੇਣ ਅਤੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਮੁੱਖ ਮੰਤਰੀ ਵੱਲੋਂ ਚੁੱਕੀ ਅਹੁਦੇ ਦੇ ਭੇਦ ਗੁਪਤ ਰੱਖਣ ਦੀ ਸਹੁੰ ਦੀ ਉਲੰਘਣਾ ਹਨ।
ਵੇਰਵੇ ਸਾਂਝੇ ਕਰਦਿਆਂ ਮਜੀਠੀਆ ਨੇ ਕਿਹਾ ਕਿ ਸ੍ਰੀ ਕੇਜਰੀਵਾਲ ਨੇ ਦੱਸਿਆ ਕਿ ਸ੍ਰੀ ਕੇਜਰੀਵਾਲ ਨੇ ਹਾਲ ਹੀ ਵਿਚ ਪੰਜਾਬ ਦੇ ਮੁੱਖ ਮੰਤਰੀ, ਸੀਨੀਅਰ ਅਧਿਕਾਰੀਆਂ ਤੇ ਆਪ ਦੇ ਵਿਧਾਇਕਾਂ ਨਾਲ ਦਿੱਲੀ ਵਿਚ ਕਪੂਰਥਲਾ ਹਾਊਸ ਵਿਚ ਤਿੰਨ ਮੀਟਿੰਗਾਂ ਕੀਤੀਆਂ ਹਨ। ਉਹਨਾਂ ਦੱਸਿਆ ਕਿ 28 ਅਕਤੂਬਰ ਨੂੰ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਨਾਲ ਹੀ ਸੂਬੇ ਦੇ ਡੀ ਜੀ ਪੀ ਅਤੇ ਜਲੰਧਰ, ਅੰਮ੍ਰਿਤਸਰ ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੂੰ ਤਲਬ ਕੀਤਾ ਤੇ ਨਾਲ ਹੀ ਤਿੰਨਾਂ ਸ਼ਹਿਰਾਂ ਤੋਂ ਆਪ ਦੇ ਵਿਧਾਇਕ ਵੀ ਤਲਬ ਕੀਤੇ।
ਅਕਾਲੀ ਆਗੂ ਨੇ ਦੱਸਿਆ ਕਿ ਇਸੇ ਤਰੀਕੇ 29 ਅਕਤੂਬਰ ਨੂੰ ਕੇਜਰੀਵਾਲ ਨੇ ਦਿੱਲੀ ਵਿਚ ਕਪੂਰਥਲਾ ਹਾਊਸ ਵਿਚ ਦੋ ਮੀਟਿੰਗਾਂ ਕੀਤੀਆਂ ਜਿਹਨਾਂ ਵਿਚ ਪਹਿਲੀ ਮੀਟਿੰਗ ਸਵੇਰ ਵੇਲੇ ਹੋਈ ਜਿਸ ਵਿਚ ਮੁੱਖ ਮੰਤਰੀ, ਸੂਬੇ ਦੇ ਡੀ ਜੀ ਪੀ ਤੇ ਕਪੂਰਥਲਾ ਦੇ ਡੀ ਸੀ ਤੇ ਐਸ ਐਸ ਪੀ,  ਫਾਜ਼ਿਲਕਾ ਦੇ ਡੀ ਸੀ ਤੇ ਐਸ ਐਸ ਪੀ, ਬਠਿੰਡਾ ਦੇ ਡੀ ਸੀ ਤੇ ਐਸ ਐਸ ਪੀ ਅਤੇ ਇਹਨਾਂ ਹਲਕਿਆਂ ਤੋਂ ਆਪ ਵਿਧਾਇਕਾਂ ਨੂੰ ਤਲਬ ਕੀਤਾ ਹੋਇਆ ਸੀ। ਉਹਨਾਂ ਦੱਸਿਆ ਕਿ ਉਸੇ ਦਿਨ ਦੂਜੀ ਸ਼ਿਫਟ ਵਿਚ ਕੇਜਰੀਵਾਲ ਨੇ ਮੁਹਾਲੀ ਦੇ ਡੀ ਸੀ ਅਤੇ ਐਸ ਐਸ ਪੀ ਤੋਂ ਇਲਾਵਾ ਮੁੱਖ ਮੰਤਰੀ ਤੇ ਸੂਬੇ ਦੇ ਡੀ ਜੀ ਪੀ ਨਾਲ ਮੀਟਿੰਗ ਕੀਤੀ।
ਮਜੀਠੀਆ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਵਿਚ ਤੁਰੰਤ ਸਖ਼ਤ ਕਾਰਵਾਈ ਕਰਨ। ਉਹਨਾਂ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਕੇਜਰੀਵਾਲ ਵੱਲੋਂ ਦਿੱਲੀ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿਚ ਸ਼ਾਮਲ ਹੋਣ ਤੋਂ ਸਿਵਲ ਤੇ ਪੁਲਿਸ ਨੂੰ ਤੁਰੰਤ ਰੋਕਣ ਦੀਆਂ ਹਦਾਇਤਾਂ ਜਾਰੀ ਕਰਨ।

ਹੋਰ ਪੜ੍ਹੋ 👉  ਮੋਹਾਲੀ 'ਚ ਬਹੁਮੰਜ਼ਲੀ ਇਮਾਰਤ ਡਿੱਗਣ ਦਾ ਮਾਮਲਾ, ਸਮਾਂਬੱਧ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ

Leave a Reply

Your email address will not be published. Required fields are marked *