ਪੰਜਾਬ ਯੂਨੀਵਰਸਿਟੀ ਦੀ ਸੈਨੇਟ ਖ਼ਤਮ ਕਰਨ ਦੀ ਤਜਵੀਜ਼ ਨੂੰ ਵਾਪਸ ਲਵੇ ਕੇਂਦਰ ਸਰਕਾਰ: ਅਕਾਲੀ ਦਲ

ਚੰਡੀਗੜ੍ਹ, 5 ਨਵੰਬਰ (ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਖ਼ਤਮ ਕਰਨ ਦੀ ਕੇਂਦਰ ਸਰਕਾਰ ਦੀ ਤਜਵੀਜ਼ ’ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਤੇ ਤਜਵੀਜ਼ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਇਸ ਮਾੜੇ ਮਨਸੂਬੇ ਨੂੰ ਵਾਪਸ ਲੈਣ ਜੋ ਪੰਜਾਬ ਪੁਨਰਗਠਨ ਐਕਟ 1966 ਦੀ ਭਾਵਨਾ ਦੇ ਖਿਲਾਫ ਹੈ। ਉਹਨਾਂ ਕਿਹਾ ਕਿ ਐਕਟ ਮੁਤਾਬਕ ਪੀ ਯੂ ਇਕ ਇੰਟਰਸਟੇਟ ਬਾਡੀ ਕਾਰਪੋਰੇਟ ਹੈ ਤੇ ਇਸਦੀ ਸੈਨੇਟ ਨਾਲ ਕੋਈ ਵੀ ਛੇੜਛਾੜ ਉਕਤ ਐਕਟ ਦੀ ਉਲੰਘਣਾ ਮੰਨੀ ਜਾਵੇਗੀ ਤੇ ਇਹ ਪੰਜਾਬ ਤੇ ਪੰਜਾਬੀਆਂ ਨਾਲ ਇਕ ਹੋਰ ਗੰਭੀਰ ਅਨਿਆਂ ਹੋਵੇਗੀ।
ਅਕਾਲੀ ਦਲ ਨੇ ਮੰਗ ਕੀਤੀ ਕਿ ਯੂਨੀਵਰਸਿਟੀ ਦੇ ਵਿਰਾਸਤੀ ਸਰੂਪ ਨੂੰ ਹਰ ਹਾਲਤ ਵਿਚ ਬਚਾਇਆ ਜਾਵੇ। ਪਾਰਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਅਪੀਲ ਕੀਤੀ ਕਿ ਉਹ ਦੱਸਣ ਕਿ ਕੀ ਉਹਨਾਂ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਆਪਣੀ ਸਹਿਮਤੀ ਦਿੱਤੀ ਹੈ ਤੇ ਉਹਨਾਂ ਨੇ ਮਾਮਲੇ ’ਤੇ ਉਹਨਾਂ ਦੀ ਚੁੱਪੀ ’ਤੇ ਸਵਾਲ ਵੀ ਕੀਤਾ ਹੈ।
ਡਾ. ਚੀਮਾ ਨੇ ਕਿਹਾ ਕਿ ਪਹਿਲਾਂ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਥਾਂ ਅਲਾਟ ਕਰਨ ਦੇ ਯਤਨ ਕੀਤੇ ਗਏ ਤਾਂ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਵਿਰੋਧੀ ਤਜਵੀਜ਼ ਨਾਲ ਇਸਦੀ ਤਰੀਕੇ ਨਾਲ ਹਮਾਇਤ ਕਰ ਦਿੱਤੀ ਪਰ ਅਕਾਲੀ ਦਲ ਨੇ ਇਸ ਤਜਵੀਜ਼ ਦਾ ਪੁਰਜ਼ੋਰ ਵਿਰੋਧ ਕੀਤਾ। ਉਹਨਾਂ ਕਿਹਾ ਕਿ ਇਸ ਮਗਰੋਂ ਹਰਿਆਣਾ ਦੇ ਕਾਲਜਾਂ ਦੀ ਯੂਨੀਵਰਸਿਟੀ ਤੋਂ ਮਾਨਤਾ ਕਰਵਾਉਣ ਦੇ ਯਤਨ ਕੀਤੇ ਗਏ ਜਿਸਦਾ ਅਸੀਂ ਪੁਰਜ਼ੋਰ ਵਿਰੋਧ ਕੀਤਾ।
ਅਕਾਲੀ ਆਗੂ ਨੇ ਕਿਹਾ ਕਿ ਪਾਰਟੀ ਇਸ ਮਾੜੇ ਮਨਸੂਬੇ ਨੂੰ ਸਫਲ ਨਹੀਂ ਹੋਣ ਦੇਵੇਗੀ ਅਤੇ ਉਹਨਾਂ ਨੇ ਅਜਿਹੇ ਪੰਜਾਬ ਵਿਰੋਧੀ ਕਦਮ ਚੁੱਕਣ ਵਿਰੁੱਧ ਕੇਂਦਰ ਸਰਕਾਰ ਨੂੰ ਚੇਤਾਵਨੀ ਵੀ ਦਿੱਤੀ।

ਹੋਰ ਪੜ੍ਹੋ 👉  ਐਕਸਪੋ ਵਿੱਚ 30 ਵੱਖ-ਵੱਖ ਨਸਲਾਂ ਦੇ 500 ਤੋਂ ਵੱਧ ਕੁੱਤੇ ਕੀਤੇ ਜਾਣਗੇ ਪ੍ਰਦਰਸ਼ਿਤ

Leave a Reply

Your email address will not be published. Required fields are marked *