ਚੰਡੀਗੜ੍ਹ 7 ਨਵੰਬਰ (ਖ਼ਬਰ ਖਾਸ ਬਿਊਰੋ)
ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਰਮਿਆਨ ਇਕ ਗੁਪਤ ਮੀਟਿੰਗ ਹੋਣ ਦੇ ਚਰਚੇ ਹਨ। ਦੱਸਿਆ ਜਾਂਦਾ ਹੈ ਕਿ ਸਿੱਖ ਪੰਥ ਦੀਆਂ ਤਿੰਨੋ ਵੱਡੀਆ ਹਸਤੀਆਂ ਦਰਮਿਆਨ ਕਰੀਬ ਇੰਕ ਘੰਟਾਂ ਬੰਦ ਕਮਰਾ ਮੀਟਿੰਗ ਹੋਈ ਹੈ। ਇਹ ਮੀਟਿੰਗ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਗੈਸਟ ਹਾਊਸ ਵਿੱਚ ਹੋਈ ਦੱਸੀ ਜਾਂਦੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੋਈ ਬੰਦ ਕਮਰਾ ਮੀਟਿੰਗ ਹੋਣ ਦੀ ਗੱਲ ਕਹੀ ਹੈ, ਉਂਝ ਦੋਵਾਂ ਆਗੂਆਂ ਨੇ ਇਹ ਗੱਲ ਮੰਨੀ ਕਿ ਜਥੇਦਾਰ ਸਾਹਿਬ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਆਏ ਸਨ।
ਦੱਸਿਆ ਜਾਂਦਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ,ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ ਸਾਹਿਬ ਵਿਖੇ ਇੱਕ ਸੈਮੀਨਾਰ ਵਿੱਚ ਸ਼ਾਮਲ ਹੋਣ ਆਏ ਸਨ। ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਬੱਸੀ ਪਠਾਣਾਂ ਦੀ ਅਨਾਜ਼ ਮੰਡੀ ਦਾ ਦੌਰਾ ਕਰਨ ਆਏ ਸਨ। ਇਸੀ ਦੌਰਾਨ ਭੂੰਦੜ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਵੀ ਟੇਕਿਆ। ਇਸ ਮੌਕੇ ਅਕਾਲੀ ਆਗੂ ਦਰਬਾਰਾ ਸਿੰਘ ਗੁਰੂ ਤੇ ਕੁੱਝ ਸਥਾਨਕ ਆਗੂ ਵੀ ਹਾਜ਼ਰ ਸਨ।
ਇਹ ਚਰਚਾ ਹੈ ਕਿ ਮੀਟਿੰਗ ਦੌਰਾਨ ਅਕਾਲੀ ਆਗੂਆਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੁਖਬੀਰ ਸਿੰਘ ਬਾਦਲ ਸਮੇਤ ਕਈ ਹੋਰ ਪੰਥਕ ਮਾਮਲਿਆ ਨੂੰ ਸੁਲਝਾਉਣ ਦੀ ਬੇਨਤੀ ਕੀਤੀ ਹੈ। ਦੱਸਿਆ ਜਾਂਦਾ ਹੈ ਕਿ ਭੂੰਦੜ ਨੇ ਜਥੇਦਾਰ ਸਾਹਿਬ ਨੂੰ ਬੇਨਤੀ ਕੀਤੀ ਕਿ ਅਕਾਲੀ ਦਲ ਉਤੇ ਵੱਡਾ ਸੰਕਟ ਚੱਲ ਰਿਹਾ ਹੈ, ਇਸ ਲਈ ਅਕਾਲੀ ਦਲ ਅਤੇ ਪੰਥ ਨੂੰ ਬਚਾਉਣ ਅਤੇ ਪੰਥ ਨੂੰ ਮੁੜ ਇਕੱਠਾ ਕਰਨ ਲਈ ਸਿੰਘ ਸਾਹਿਬਾਨ ਅਹਿਮ ਭੂਮਿਕਾ ਨਿਭਾ ਸਕਦੇ ਹਨ। ਦੱਸਿਆ ਜਾਂਦਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਵਿਰਸਾ ਸਿੰਘ ਵਲਟੋਹਾ ਜਿਨਾਂ ਨੂੰ ਅਕਾਲੀ ਦਲ ਵਿਚੋ ਕੱਢਣ ਦੇ ਅਕਾਲ ਤਖ਼ਤ ਸਾਹਿਬ ਨੇ ਹੁਕਮ ਦਿੱਤੇ ਸਨ, ਨੂੰ ਲੈ ਕੇ ਅਕਾਲੀ ਆਗੂਆਂ ਕੋਲ ਮੁ੍ਦਾ ਚੁੱਕਿਆ। ਵਰਨਣਯੋਗ ਹੈ ਕਿ ਪਿਛਲੇ ਦਿਨ ਵਲਟੋਹਾ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਉਸਦੇ ਪਰਿਵਾਰਕ ਮੈਂਬਰਾਂ ਉਤੇ ਨਿੱਜੀ ਟਿੱਪਣੀਆਂ ਕੀਤੀਆਂ ਸਨ, ਪਰ ਅਕਾਲੀ ਲੀਡਰਸ਼ਿਪ ਨੇ ਵਲਟੋਹਾ ਪ੍ਰਤੀ ਨਰਮੀ ਵਾਲਾ ਰੁਖ਼ ਰੱਖਿਆ ਹੈ।
ਐਡਵੋਕੇਟ ਹਰਜ਼ਿੰਦਰ ਸਿੰਘ ਧਾਮੀ ਅਤੇ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਉਨਾਂ ਨੇ ਜਥੇਦਾਰ ਸਾਹਿਬ ਨਾਲ ਕੋਈ ਵੀ ਮੀਟਿੰਗ ਨਹੀਂ ਕੀਤੀ। ਭੂੰਦੜ ਨੇ ਦੱਸਿਆ ਕਿ ਜਥੇਦਾਰ ਸਾਹਿਬ ਕਿਸੇ ਕੰਮ ਦੇ ਸਬੰਧ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੇ ਪ੍ਰਿੰਸੀਪਲ ਨੂੰ ਮਿਲਣ ਗਏ ਸਨ। ਉਨਾਂ ਕਿਹਾ ਕਿ ਜਥੇਦਾਰ ਸਾਹਿਬ ਕਿਸੇ ਹੋਰ ਕਮਰੇ ਵਿਚ ਅਤੇ ਉਹ ਕਿਸੇ ਹੋਰ ਥਾਂ ਬੈਠੇ ਸਨ।
ਉਧਰ ਕਾਲਜ ਦੇ ਕੁੱਝ ਸਟਾਫ਼ ਮੈਂਬਰਾਂ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ਉਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੇ ਕਾਲਜ ਵਿਚ ਆਉਣ ਦੀ ਪੁਸ਼ਟੀ ਕੀਤੀ ਹੈ|
ਇੱਥੇ ਦੱਸਿਆ ਜਾਂਦਾ ਹੈ ਕਿ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਸਰੋਮਣੀ ਗੁਰੁਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਹੈ।
ਵਰਨਣਯੋਗ ਹੈ ਕਿ ਬੀਤੇ ਕੱਲ੍ਹ ਬੁੱਧਵਾਰ ਨੂੰ ਹੀ ਸਿੰਘ ਸਾਹਿਬਾਨ ਨੇ ਅਕਾਲ ਤਖ਼ਤ ਸਾਹਿਬ ਉਤੇ ਸਿੱਖ ਵਿਦਵਾਨਾਂ ਨਾਲ ਮੀਟਿੰਗ ਕੀਤੀ ਸੀ। ਸਿਖ ਹਲਕਿਆਂ ਵਿਚ ਚਰਚਾ ਸੀ ਕਿ ਜਥੇਦਾਰ ਸਾਹਿਬਾਨ ਸੁਖਬੀਰ ਸਿੰਘ ਬਾਦਲ ਸਬੰਧੀ ਕੋਈ ਫੈਸਲਾ ਲੈ ਸਕਦੇ ਹਨ। ਅਕਾਲ ਤਖ਼ਤ ਸਾਹਿਬ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੰ ਤਨਖਾਹੀਆ ਘੋਸ਼ਿਤ ਕੀਤਾ ਹੋਇਆ ਹੈ।