ਪਟਿਆਲਾ, 10 ਨਵੰਬਰ ( ਖ਼ਬਰ ਖਾਸ ਬਿਊਰੋ)
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਬਿਆਨ ਤੋਂ ਪੰਜਾਬ ਦੇ ਕਿਸਾਨ-ਆਗੂ ਨਾਰਾਜ਼ ਹਨ। ਰਵਨੀਤ ਸਿੰਘ ਬਿੱਟੂ ਨੇ ਕਿਸਾਨਾਂ ਨੂੰ ਤਾਲਿਬਾਨ ਕਿਹਾ। ਜਿਸ ਕਾਰਨ ਕਿਸਾਨਾਂ ਵੱਲੋਂ ਭਾਰੀ ਰੋਸ ਜਤਾਇਆ ਜਾ ਰਿਹਾ ਹੈ। ਬਿੱਟੂ ਨੇ ਦੋਸ਼ ਲਾਇਆ ਕਿ ਭਾਜਪਾ ਦਾ ਵਿਰੋਧ ਕਰਨ ਵਾਲੇ ਅਸਲ ਕਿਸਾਨ ਨਹੀਂ ਹਨ, ਸਗੋਂ ਕਿਸਾਨ ਆਗੂ ਹੀ ਧਰਨਿਆਂ ਵਿੱਚ ਸਰਗਰਮ ਭੂਮਿਕਾ ਨਿਭਾਅ ਰਹੇ ਹਨ।
ਬੀਕੇਯੂ-(ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਪ੍ਰੈੱਸ ਬਿਆਨ ਰਾਹੀਂ ਬਿੱਟੂ ਨੂੰ ਕਿਸਾਨਾਂ ਤੋਂ ਮੁਆਫ਼ੀ ਮੰਗਣ ਲਈ ਕਿਹਾ ਹੈ। ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਸ਼ਾਇਦ ਬਿੱਟੂ ਨੇ ਕੰਗਣਾ ਦਾ ਜੂਠਾ ਖਾ ਲਿਆ ਹੈ, ਜੋ ਉਹ ਲਗਾਤਾਰ ਕਿਸਾਨਾਂ ਖ਼ਿਲਾਫ਼ ਜ਼ਹਿਰ ਉਗਲ ਰਹੇ ਹਨ। ਉਹਨਾਂ ਕਿਹਾ ਕਿ ਰਵਨੀਤ ਬਿੱਟੂ ਕਿਸਾਨ ਆਗੂਆਂ ਦੀਆਂ ਜਾਇਦਾਦਾਂ ਦੀ ਜਾਂਚ ਕਰਵਾਉਣਾ ਚਾਹੁੰਦਾ ਹੈ ਅਤੇ ਇਹ ਜਾਂਚ ਜ਼ਿਮਨੀ ਚੋਣਾਂ ਤੋਂ ਬਾਅਦ ਕਰਵਾਈ ਜਾਵੇਗੀ। ਉਨ੍ਹਾਂ ਨੂੰ ਹੁਣ ਇਹ ਟੈਸਟ ਕਰਵਾਉਣਾ ਚਾਹੀਦਾ ਹੈ। ਜਦੋਂਕਿ ਕਿ ਜਥੇਬੰਦੀ ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਨੇ ਕਿਹਾ ਕਿ ਕਿਸਾਨ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਬਿੱਟੂ ਜਦੋਂ ਕਾਂਗਰਸ ਵਿੱਚ ਸੀ ਤਾਂ ਉਹ ਕਿਸਾਨਾਂ ਦੇ ਹੱਕ ਵਿੱਚ ਬੋਲਦਾ ਸੀ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਅਜਿਹਾ ਹੀ ਕਰਦੇ ਸਨ। ਪਰ ਹੁਣ ਉਹ ਕਿਸਾਨਾਂ ਨੂੰ ਹੀ ਨਿਸ਼ਾਨਾ ਬਣਾ ਰਹੇ ਹਨ।