‘ਆਪ’ ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਚੰਡੀਗੜ੍ਹ ‘ਤੇ ਪੰਜਾਬ ਦੇ ਹੱਕਾਂ ਦੀ ਰਾਖੀ ਦੀ ਕੀਤੀ ਮੰਗ

ਚੰਡੀਗੜ੍ਹ, 15 ਨਵੰਬਰ (ਖ਼ਬਰ ਖਾਸ ਬਿਊਰੋ)

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਇੱਕ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇੱਕ ਮੰਗ ਪੱਤਰ ਸੌਂਪ ਕੇ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿਖੇ ਵਿਧਾਨ ਸਭਾ ਕੰਪਲੈਕਸ ਬਣਾਉਣ ਦੇ ਪ੍ਰਸਤਾਵ ਦਾ ਸਖ਼ਤ ਵਿਰੋਧ ਦਰਜ ਕਰਵਾਇਆ। ਵਿੱਤ ਮੰਤਰੀ ਦੇ ਨਾਲ ਮੰਤਰੀ ਹਰਜੋਤ ਸਿੰਘ ਬੈਂਸ, ‘ਆਪ’ ਆਗੂ ਦੀਪਕ ਬਾਲੀ ਅਤੇ ਪਰਮਿੰਦਰ ਸਿੰਘ ਗੋਲਡੀ ਵੀ ਮੌਜੂਦ ਸਨ।

ਗਵਰਨਰ ਹਾਊਸ ਦੇ ਬਾਹਰ ਮੀਡੀਆ ਨੂੰ ਸੰਬੋਧਿਤ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਮਾਮਲਾ ਪੰਜਾਬ ਦੇ ਹੱਕ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਪੂਰੀ ਤਰ੍ਹਾਂ ਸੂਬੇ ਨਾਲ ਸਬੰਧਿਤ ਹੈ। ਇਸ ਲਈ ‘ਆਪ’ ਸਰਕਾਰ ਹਰਿਆਣਾ ਵਿਧਾਨ ਸਭਾ ਦੀ ਉਸਾਰੀ ਲਈ ਸ਼ਹਿਰ ਵਿੱਚ ਜ਼ਮੀਨ ਅਲਾਟ ਕਰਨ ਦੀ ਕਿਸੇ ਵੀ ਕੋਸ਼ਿਸ਼ ਦੀ ਸਖ਼ਤ ਵਿਰੋਧ ਕਰਦੀ ਹੈ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਕਿਸੇ ਹੋਰ ਸੂਬੇ ਨੂੰ ਇੱਥੇ ਵਿਧਾਨ ਸਭਾ ਬਣਾਉਣ ਦਾ ਅਧਿਕਾਰ ਨਹੀਂ ਹੈ।’’ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਪੰਚਕੂਲਾ ਵਿੱਚ 12 ਏਕੜ ਜ਼ਮੀਨ ਦੇ ਬਦਲੇ ਚੰਡੀਗੜ੍ਹ ਵਿੱਚ 10 ਏਕੜ ਜ਼ਮੀਨ ਮੰਗੀ ਹੈ। ਇਹ ਤਜਵੀਜ਼ ਚੰਡੀਗੜ੍ਹ ਵਿੱਚ ਆਪਣਾ ਵਿਧਾਨ ਸਭਾ ਕੰਪਲੈਕਸ ਸਥਾਪਤ ਕਰਨ ਦੇ ਉਨ੍ਹਾਂ ਦੇ ਸਪੱਸ਼ਟ ਏਜੰਡੇ ਦਾ ਹਿੱਸਾ ਹੈ। ‘ਆਪ’ ਇਸ ਕਦਮ ਦਾ ਸਖ਼ਤ ਵਿਰੋਧ ਕਰਦੀ ਹੈ ਅਤੇ ਚੰਡੀਗੜ੍ਹ ਦਾ ਇਕ ਇੰਚ ਵੀ ਹਰਿਆਣਾ ਨੂੰ ਨਹੀਂ ਜਾਣ ਦੇਵੇਗੀ।

ਚੀਮਾ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਚੰਡੀਗੜ੍ਹ ਬਾਰੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਅਸਫਲ ਰਹੀਆਂ ਹਨ। ਉਨ੍ਹਾਂ ਯਾਦ ਦਿਵਾਇਆ ਕਿ ਜਦੋਂ ਪੰਜਾਬ ਅਤੇ ਹਰਿਆਣਾ ਬਣੇ ਸਨ, ਤਾਂ ਇਹ ਸਪੱਸ਼ਟ ਤੌਰ ‘ਤੇ ਕਿਹਾ ਗਿਆ ਸੀ ਕਿ ਹਰਿਆਣਾ ਆਪਣੀ ਰਾਜਧਾਨੀ ਪੰਚਕੂਲਾ ਵਿਚ ਸਥਾਪਿਤ ਕਰੇਗਾ, ਨਾ ਕਿ ਚੰਡੀਗੜ੍ਹ ਵਿੱਚ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰਿਆਣਾ ਨੂੰ ਆਪਣੀ ਵਿਧਾਨ ਸਭਾ ਪੰਚਕੂਲਾ ਵਿੱਚ ਬਣਾਉਣੀ ਚਾਹੀਦੀ ਹੈ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

‘ਆਪ’ ਦੇ ਵਫ਼ਦ ਨੇ ਇਹ ਵੀ ਚਿੰਤਾ ਜ਼ਾਹਿਰ ਕੀਤੀ ਕਿ ਪਿਛਲੀਆਂ ਸੂਬਾ ਸਰਕਾਰਾਂ ਇਸ ਮੁੱਦੇ ’ਤੇ ਠੋਸ ਸਟੈਂਡ ਲੈਣ ਵਿੱਚ ਨਾਕਾਮ ਰਹੀਆਂ ਹਨ, ਜਿਸ ਕਾਰਨ ਸਥਿਤੀ ਸਮੇਂ ਦੇ ਨਾਲ ਹੋਰ ਗੁੰਝਲਦਾਰ ਹੋ ਗਈ। ਚੀਮਾ ਨੇ ਅੱਗੇ ਕਿਹਾ, “ਅਸੀਂ ਪੰਜਾਬ ਦੇ ਹੱਕਾਂ ਨੂੰ ਹੋਰ ਖੋਰਾ ਨਹੀਂ ਲੱਗਣ ਦੇਵਾਂਗੇ। ਪੰਜਾਬ ਇੱਕ ਅਜਿਹਾ ਸੂਬਾ ਹੈ ਜੋ ਦੇਸ਼ ਲਈ ਆਪਣੀਆਂ ਕੁਰਬਾਨੀਆਂ ਲਈ ਜਾਣਿਆ ਜਾਂਦਾ ਹੈ, ਅਤੇ ਅਸੀਂ ਅੱਜ ਵੀ ਉਸ ਹੱਕ ਲਈ ਲੜਦੇ ਰਹਾਂਗੇ ਜੋ ਅਸਲੀਅਤ ਵਿੱਚ ਸਾਡਾ ਹੈ।”

‘ਆਪ’ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਇਸ ਮੁੱਦੇ ਨੂੰ ਪੂਰੀ ਗੰਭੀਰਤਾ ਅਤੇ ਵਚਨਬੱਧਤਾ ਨਾਲ ਅੱਗੇ ਵਧਾਉਣਾ ਜਾਰੀ ਰੱਖਣਗੇ, ਇਹ ਯਕੀਨੀ ਬਣਾਉਂਦੇ ਹੋਏ ਕਿ ਪੰਜਾਬ ਦੀ ਆਵਾਜ਼ ਉੱਚੀ ਅਤੇ ਸਪੱਸ਼ਟ ਸੁਣੀ ਜਾਵੇ। ਹਰਪਾਲ ਸਿੰਘ ਚੀਮਾ ਨੇ ਕਿਹਾ, “ਅਸੀਂ ਪਿੱਛੇ ਨਹੀਂ ਹਟਾਂਗੇ। ਅਸੀਂ ਆਪਣੇ ਹੱਕਾਂ ਲਈ ਲੜਾਂਗੇ ਅਤੇ ਇਹ ਯਕੀਨੀ ਬਣਾਵਾਂਗੇ ਕਿ ਚੰਡੀਗੜ੍ਹ ਪੰਜਾਬ ਦੀ ਅਣਵੰਡਿਆ ਰਾਜਧਾਨੀ ਬਣਿਆ ਰਹੇ।”

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

‘ਆਪ’ ਵਫ਼ਦ ਦੇ ਮੈਮੋਰੰਡਮ ਪਾਰਟੀ ਦੇ ਦ੍ਰਿੜ੍ਹ ਸਟੈਂਡ ਦੀ ਰੂਪ ਰੇਖਾ ਨੂੰ ਦੱਸਦਾ ਹੈ ਕਿ ਚੰਡੀਗੜ੍ਹ ਵਿੱਚ ਕੋਈ ਵੀ ਜ਼ਮੀਨ ਹਰਿਆਣਾ ਨੂੰ ਅਲਾਟ ਨਹੀਂ ਕੀਤੀ ਜਾਣੀ ਚਾਹੀਦੀ, ਚੰਡੀਗੜ੍ਹ ਪੰਜਾਬ ਦਾ ਅਨਿੱਖੜਵਾਂ ਅੰਗ ਹੈ।

Leave a Reply

Your email address will not be published. Required fields are marked *