ਰੂਪਨਗਰ, 19 ਨਵੰਬਰ (ਖ਼ਬਰ ਖਾਸ ਬਿਊਰੋ)
ਪਿੰਡਾਂ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਚਾਇਤਾਂ ਸਖ਼ਤ ਮਿਹਨਤ ਕਰਨ ਤਾਂ ਜੋ ਪਿੰਡਾਂ ਦੀ ਕਾਇਆ-ਕਲਪ ਕਰਕੇ ਰੰਗਲੇ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਲੋਕ ਸੰਪਰਕ, ਸਕੂਲੀ ਸਿੱਖਿਆ, ਉਚੇਰੀ ਤੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਰੂਪਨਗਰ ਦੇ 3410 ਪੰਚਾਂ ਨੂੰ ਸਹੁੰ ਚੁੱਕਣ ਲਈ ਪੁਲਿਸ ਲਾਈਨ ਗਰਾਊਂਡ ਰੂਪਨਗਰ ਵਿਖੇ ਰੱਖੇ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਚਾਇਤਾਂ ਨੂੰ ‘ਲੋਕਤੰਤਰ ਦੇ ਥੰਮ੍ਹ’ ਵਜੋਂ ਜਾਣਿਆ ਜਾਂਦਾ ਹੈ ਕਿਉਂਕਿ ਉਨ੍ਹਾਂ ਕੋਲ ਅਥਾਹ ਸ਼ਕਤੀ ਹੁੰਦੀ ਹੈ ਅਤੇ ਉਸ ਦੇ ਫੈਸਲੇ ਨੂੰ ਪੂਰਾ ਪਿੰਡ ਸਤਿਕਾਰ ਨਾਲ ਮੰਨਦਾ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸੂਬੇ ਦੇ ਲੋਕਾਂ ਨੇ ਸਰਪੰਚਾਂ ਤੇ ਪੰਚਾਂ ਨੂੰ ਇਹ ਸ਼ਕਤੀਆਂ ਦਿੱਤੀਆਂ ਹਨ ਤਾਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਦੀਆਂ ਇੱਛਾਵਾਂ ਦੀ ਕਦਰ ਕਰਨਾ ਪੰਚਾਇਤਾਂ ਦਾ ਮੁੱਢਲਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੀ ਲਗਭਗ 70 ਫੀਸਦੀ ਆਬਾਦੀ ਪਿੰਡਾਂ ਵਿੱਚ ਰਹਿੰਦੀ ਹੈ, ਜਿਸ ਕਾਰਨ ਪੰਚਾਇਤੀ ਰਾਜ ਸੰਸਥਾਵਾਂ ਨੂੰ ਲੋਕਤੰਤਰ ਦੇ ਚਾਨਣ ਮੁਨਾਰੇ ਵਜੋਂ ਦੇਖਿਆ ਜਾਂਦਾ ਹੈ।
ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਬਣਾਈਆਂ ਜਾਂਦੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵਿੱਚ ਸਰਪੰਚਾਂ ਤੇ ਪੰਚਾਂ ਦੀ ਵੱਡੀ ਭੂਮਿਕਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਅਤੇ ਖ਼ੁਸ਼ਹਾਲੀ ਦੀ ਗਤੀ ਨੂੰ ਹੋਰ ਹੁਲਾਰਾ ਦੇਣਾ ਲਾਜ਼ਮੀ ਹੈ, ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਤਰੱਕੀ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਸ. ਹਰਜੋਤ ਸਿੰਘ ਬੈਂਸ ਨੇ ਸਰਬਸੰਮਤੀ ਨਾਲ ਚੁਣੀਆਂ 131 ਪੰਚਾਇਤਾਂ ਨੂੰ ਵਧਾਈ ਵੀ ਦਿੱਤੀ।
ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਤੁਸੀਂ ਆਪਣੇ ਪਿੰਡਾਂ ਲਈ ਦਿਨ ਰਾਤ ਕੰਮ ਕਰੋ, ਜਿਸ ਵਿੱਚ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੁਹਾਡਾ ਪੂਰੀ ਤਰ੍ਹਾਂ ਨਾਲ ਸਹਿਯੋਗ ਕਰੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਦਾ ਸਰਵਪੱਖੀ ਵਿਕਾਸ ਹੋਵੇਗਾ, ਪੰਜਾਬ ਸਰਕਾਰ ਵੱਲੋਂ ਤੁਹਾਡੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ, ਗ੍ਰਾਂਟਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਦਾ ਸੱਦਾ ਦਿੰਦਿਆਂ ਪੰਚਾਇਤਾਂ ਨੂੰ ਇਸ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ। ਇਸ ਦੇ ਨਾਲ ਹੀ ਸੈਲਫ਼ ਹੈਲਪ ਗਰੁੱਪਾਂ ਵਰਗੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪਿੰਡਾਂ ਦੇ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਵੀ ਕਿਹਾ।
ਲੋਕ ਸੰਪਰਕ, ਸਕੂਲੀ ਸਿੱਖਿਆ, ਉਚੇਰੀ ਤੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਇਸ ਸਹੁੰ ਚੁੱਕ ਸਮਾਗਮ ਦੇ ਪ੍ਰਬੰਧਾਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਸਾਨੂੰ ਮਾਣ ਹੋਣਾ ਚਾਹੀਦਾ ਹੈ ਕਿ ਰੂਪਨਗਰ ਜ਼ਿਲ੍ਹੇ ਕੋਲ ਇੰਨੇ ਕਾਬਿਲ-ਏ-ਤਾਰੀਫ਼ ਅਧਿਕਾਰੀ ਉਪਲੱਬਧ ਹਨ। ਜਿਨ੍ਹਾਂ ਦਾ ਸਾਨੂੰ ਲਾਭ ਲੈਂਦੇ ਹੋਏ ਵੱਧ ਤੋਂ ਵੱਧ ਕੰਮ ਕਰਵਾਉਣੇ ਚਾਹੀਦੇ ਹਨ।
ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਆਪਣੇ ਸੰਬੋਧਨ ਵਿੱਚ ਸਮੁੱਚੀਆਂ ਪੰਚਾਇਤਾਂ ਨੂੰ ਪੰਚਾਇਤੀ ਚੋਣਾਂ ਦੌਰਾਨ ਦੀ ਧੜੇਬੰਦੀ ਨੂੰ ਭੁੱਲ ਕੇ ਪਿੰਡ ਦੇ ਵਿਕਾਸ ਅਤੇ ਭਲਾਈ ਲਈ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਇੱਕ ਜੁੱਟ ਹੋ ਕੇ ਕੰਮ ਕਰਨ ਲਈ ਆਖਿਆ।
ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਦੀਆਂ ਬਹੁਤ ਸਾਰੀਆਂ ਸਕੀਮਾਂ ਹਨ ਜਿਨ੍ਹਾਂ ਦਾ ਤੁਸੀਂ ਲਾਭ ਲੈ ਸਕਦੇ ਹੋ ਜੋ ਪਿੰਡਾਂ ਵਿੱਚ ਵਿਕਾਸ ਕਰਾਉਣ ਲਈ ਬਣਾਈਆਂ ਗਈਆਂ ਹਨ ਅਤੇ ਮਨਰੇਗਾ ਤੇ ਨਰੇਗਾ ਸਕੀਮ ਤਹਿਤ ਤੁਸੀਂ ਉਨ੍ਹਾਂ ਲੋਕਾਂ ਨੂੰ ਰੁਜ਼ਗਾਰ ਦੇ ਸਕਦੇ ਹੋ ਜਿਨ੍ਹਾਂ ਨੂੰ ਇਸ ਕੰਮ ਦੇ ਲਈ ਰੱਖਿਆ ਗਿਆ ਹੈ ਤੁਸੀਂ ਵੱਧ ਤੋਂ ਵੱਧ ਦਿਹਾੜੀ ਤੁਸੀਂ ਮਨਰੇਗਾ ਵਿੱਚ ਦਿਓ ਤਾਂ ਜੋ ਉਹਨਾਂ ਨੂੰ ਵੱਧ ਤੋਂ ਵੱਧ ਕੰਮ ਕਰਨ ਦਾ ਮੌਕਾ ਮਿਲੇ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਿੰਡਾਂ ਨੂੰ ਸਾਫ ਸੁਥਰਾ ਹਰਿਆ ਭਰਿਆ ਤੇ ਖੂਬਸੂਰਤ ਬਣਾਉਣ ਸਾਨੂੰ ਵੱਧ ਤੋਂ ਵੱਧ ਦਰੱਖਤ ਲਗਾਉਣੇ ਚਾਹੀਦੇ ਹਨ ਤਾਂ ਜੋ ਸੂਬੇ ਨੂੰ ਸੋਹਣਾ ਬਣਾਉਣ ਲਈ ਸ਼ੁਰੂਆਤ ਅਸੀਂ ਪਿੰਡਾਂ ਤੋਂ ਕਰ ਸਕੀਏ।
ਜ਼ਿਲ੍ਹਾ ਪੱਧਰੀ ਇਸ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ, ਸੀਨੀਅਰ ਪੁਲਿਸ ਕਪਤਾਨ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ, ਵਧੀਕ ਡਿਪਟੀ ਕਮਿਸ਼ਨਰ (ਵ) ਸ਼੍ਰੀਮਤੀ ਚੰਦਰਜਯੋਤੀ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਪੁਲਿਸ ਕਪਤਾਨ ਸ. ਰਾਜਪਾਲ ਸਿੰਘ ਹੁੰਦਲ, ਐਸਡੀਐਮ ਰੂਪਨਗਰ ਸ਼੍ਰੀ ਸਚਿਨ ਪਾਠਕ, ਐਸਡੀਐਮ ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ, ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਸ. ਜਸਪ੍ਰੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਧਨਵੰਤ ਸਿੰਘ ਰੰਧਾਵਾ, ਜ਼ਿਲ੍ਹਾ ਲੋਕ ਸੰਪਰਕ ਅਫਸਰ ਸ਼੍ਰੀ ਕਰਨ ਮਹਿਤਾ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਰੂਪਨਗਰ ਸ. ਰਵਿੰਦਰ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਅਨੰਦਪੁਰ ਸਾਹਿਬ ਸ਼੍ਰੀਮਤੀ ਇਸ਼ਾਨ ਚੌਧਰੀ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਚਮਕੌਰ ਸਾਹਿਬ ਸ. ਅਜੈਬ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮੋਰਿੰਡਾ ਸ. ਰਾਜਵਿੰਦਰ ਸਿੰਘ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।