ਚੰਡੀਗੜ੍ਹ 19 ਨਵੰਬਰ (ਖ਼ਬਰ ਖਾਸ ਬਿਊਰੋ)
ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿਚ ਫਾਂਸੀ ਦੀ ਸਜ਼ਾ ਭੁਗਤ ਰਹੇ ਪਟਿਆਲਾ ਜੇਲ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਤਿੰਨ ਘੰਟੇ ਦੀ ਪੈਰੋਲ ਦਿੱਤੀ ਹੈ। ਰਾਜੋਆਣਾ ਦੇ ਭਰਾ ਦੀ ਬੁੱਧਵਾਰ ਨੂੰ ਅੰਤਿਮ ਅਰਦਾਸ ਹੈ ਅਤੇ ਹਾਈਕੋਰਟ ਨੇ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਪੈਰੋਲ ਦੇ ਦਿੱਤੀ ਹੈ। ਲੰਬੇ ਅਰਸੇ ਬਾਅਦ ਬਲਵੰਤ ਸਿੰਘ ਰਾਜੋਆਣਾ ਪਹਿਲੀ ਵਾਰ ਪੈਰੋਲ ਮਿਲੀ ਹੈ।
ਰਾਜੋਆਣਾ ਨੇ ਹਾਈਕੋਰਟ ਵਿਚ ਦਾਇਰ ਕੀਤੀ ਪਟੀਸ਼ਨ ਵਿਚ ਕਿਹਾ ਕਿ ਉਸ ਦਾ ਭਰਾ ਕੁਲਵੰਤ ਸਿੰਘ ਰਾਜੋਆਣਾ ਦੀ 14 ਨਵੰਬਰ ਨੂੰ ਮੌਤ ਹੋ ਗਈ ਸੀ, ਉਸ ਦੀ 20 ਨਵੰਬਰ ਨੂੰ ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਦੇ ਮੰਜੀ ਸਾਹਿਬ ਗੁਰਦੁਆਰੇ ਵਿਚ ਅੰਤਿਮ ਅਰਦਾਸ ਹੋਣੀ ਹੈ ਅਤੇ ਉਹ ਆਪਣੇ ਭਾਈ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣਾ ਚਾਹੁੰਦਾ ਹੈ। ਰਾਜੋਆਣਾ ਨੇ ਕਿਹਾ ਕਿ ਉਸਨੇ ਪਹਿਲਾਂ ਪਟਿਆਲਾ ਜੇਲ੍ਹ ਦੇ ਜੇਲ੍ਹ ਸੁਪਰਡੈਂਟ ਕੋਲ ਪੈਰੋਲ ਲਈ ਅਰਜ਼ੀ ਦਿੱਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ।
ਰਾਜੋਆਣਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ ਉਸ ਨੂੰ ਆਰਜ਼ੀ ਪੈਰੋਲ ਦਿੱਤੀ ਜਾਵੇ ਤਾਂ ਜੋ ਉਹ ਆਪਣੇ ਭਰਾ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋ ਸਕੇ। ਪਟੀਸ਼ਨਰ ਨੇ ਅਦਾਲਤ ਨੂੰ ਦੱਸਿਆ ਗਿਆ ਕਿ 12 ਨਵੰਬਰ ਤੱਕ ਉਹ 28 ਸਾਲ, 9 ਮਹੀਨੇ ਅਤੇ 14 ਦਿਨ ਦੀ ਹਿਰਾਸਤ ਵਿੱਚ ਸੀ। 31 ਜੁਲਾਈ 2007 ਨੂੰ ਚੰਡੀਗੜ੍ਹ ਦੀ ਇੱਕ ਅਦਾਲਤ ਨੇ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਸੀ।
31 ਅਗਸਤ 1995 ਨੂੰ ਚੰਡੀਗੜ੍ਹ ਵਿੱਚ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਹੋਏ ਧਮਾਕੇ ਵਿੱਚ ਸੂਬੇ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਅਤੇ 16 ਹੋਰਾਂ ਦੀ ਮੌਤ ਹੋ ਗਈ ਸੀ। ਇਸ ਕੇਸ ਵਿੱਚ ਬਲਵੰਤ ਸਿੰਘ ਰਾਜੋਆਣਾ ਨੂੰ ਜੁਲਾਈ 2007 ਵਿੱਚ ਵਿਸ਼ੇਸ਼ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਸੀ। ਬਲਵੰਤ ਸਿੰਘ ਰਾਜੋਆਣਾ ਨੇ ਫਾਂਸੀ ਦੀ ਸਜ਼ਾ ਮੁਆਫੀ ਅਤੇ ਰਿਹਾਈ ਲਈ ਇਕ ਵਾਰ ਫਿਰ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ, ਜਿਸ ‘ਤੇ ਬੀਤੇ ਦਿਨੀਂ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਦੇ ਸਕੱਤਰ ਨੂੰ ਹੁਕਮ ਜਾਰੀ ਕੀਤੇ ਸਨ।
ਰਾਜੋਆਣਾ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਰਹਿਮ ਦੀ ਅਪੀਲ ਦੇ ਨਿਪਟਾਰੇ ਵਿੱਚ ਦੇਰੀ ਦਾ ਦੋਸ਼ ਲਾਉਂਦਿਆਂ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਅਤੇ ਰਿਹਾਈ ਦੇ ਹੁਕਮ ਦੇਣ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਜਨਵਰੀ 2022 ‘ਚ ਹਾਈਕੋਰਟ ਨੇ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਭੋਗ ਅਤੇ ਅੰਤਿਮ ਅਰਦਾਸ ‘ਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਸੀ, ਜਿਸ ਦੇ ਆਧਾਰ ‘ਤੇ ਰਾਜੋਆਣਾ ਨੂੰ ਹੁਣ ਮੁੜ ਭੋਗ ਅਤੇ ਅਰਦਾਸ ‘ਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸੁਰੱਖਿਆ ਦੇ ਪੂਰੇ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਹਨ।