ਚੰਡੀਗੜ੍ਹ 19 ਨਵੰਬਰ, (ਖ਼ਬਰ ਖਾਸ ਬਿਊਰੋ)
ਔਰਤਾਂ ਪ੍ਰਤੀ ਭੱਦੀ ਸ਼ਬਦਾਵਲੀ ਵਰਤਣ ਵਾਲੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਨੂੰ ਵੂਮੈਨ ਕਮਿਸ਼ਨ ਕੋਲ ਪੇਸ਼ ਹੋਏ ਬਗੈਰ ਆਪਣੀ ਵਿਵਾਦਿਤ ਟਿੱਪਣੀ ਲਈ ਮੁਆਫੀ ਮੰਗ ਲਈ ਹੈ।ਚੰਨੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੇ ਸ਼ਬਦਾਂ ਨਾਲ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਉਹ ਮੁਆਫੀ ਮੰਗਦੇ ਹਨ। ਵੂਮੈਨ ਕਮਿਸ਼ਨ ਨੇ ਚੰਨੀ ਨੂੰ ਮੰਗਲਵਾਰ ਨੂੰ ਆਪਣਾ ਪੱਖ ਰੱਖਣ ਲਈ ਕਮਿਸ਼ਨ ਅੱਗੇ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਸੀ।
ਵੂਮੈਨ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇਸ ਪੱਤਰਕਾਰ ਨਾਲ ਗੱਲਬਾਤ ਕਰਦਿਆ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੇ ਮਾਫ਼ੀ ਮੰਗ ਲਈ ਹੈ। ਇਸ ਬਾਰੇ ਉਨਾਂ ਨੂੰ ਮੀਡੀਆ ਵਿਚ ਚੱਲ ਰਹੀਆਂ ਖ਼ਬਰਾਂ ਤੋਂ ਪਤਾ ਲੱਗਿਆ ਹੈ, ਪਰ ਉਹ ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ। ਗਿੱਲ ਨੇ ਇਹ ਵੀ ਦੱਸਿਆ ਕਿ ਹੁਣ ਤਕ ਕਿਸੇ ਨੇ ਵੀ ਜਲੰਧਰ ਦੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਖਿਲਾਫ਼ ਕਮਿਸ਼ਨ ਨੂੰ ਕੋਈ ਸ਼ਿਕਾਇਤ ਨਹੀਂ ਕੀਤੀ। ਇਕ ਸਵਾਲ ਦੇ ਜਵਾਬ ਵਿਚ ਉਨਾਂ ਕਿਹਾ ਕਿ ਉਹ ਕਾਨੂੰਨੀ ਮਾਹਿਰਾ ਨਾਲ ਸਲਾਹ ਕਰਨ ਬਾਅਦ ਅਗਲੀ ਕਾਰਵਾਈ ਕਰਨਗੇ।
ਇੱਥੇ ਦੱਸਿਆ ਜਾਂਦਾ ਹੈ ਕਿ ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਚੋਣ ਪ੍ਰਚਾਰ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਔਰਤਾਂ ਬਾਰੇ ਭੱਦੀ ਟਿੱਪਣੀ ਕੀਤੀ ਸੀ। ਇਸ ਸਬੰਧੀ ਸਿਆਸੀ ਪਾਰਟੀਆਂ ਦੇ ਆਗੂਆ ਨੇ ਚੰਨੀ ‘ਤੇ ਸ਼ਬਦੀ ਹਮਲਾ ਕੀਤਾ । ਚੰਨੀ ਦੀ ਔਰਤਾਂ ਪ੍ਰਤੀ ਕੀਤੀ ਗਈ ਟਿਪਣੀ ਵਾਲੀ ਵੀਡਿਓ ਵਾਇਰਲ ਹੋਣ ਬਾਅਦ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਚੰਨੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਮੰਗਲਵਾਰ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ।
ਚੰਨੀ ਨੇ ਮੰਗਲਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦਿਆ ਕਿਹਾ ਕਿ ਉਨ੍ਹਾਂ ਨੂੰ ਕੋਈ ਨੋਟਿਸ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਸ਼ਬਦਾਂ ਨਾਲ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਉਹ ਮੁਆਫੀ ਮੰਗਦੇ ਹਨ। ਜਦਕਿ ਗਿੱਲ ਨੇ ਕਿਹਾ ਕਿ ਇਹ ਨੋਟਿਸ ਕੱਲ੍ਹ ਹੀ ਜਾਰੀ ਕੀਤਾ ਗਿਆ ਸੀ। ਉਨ੍ਹਾਂ ਚਰਨਜੀਤ ਸਿੰਘ ਚੰਨੀ ਨੂੰ ਈਮੇਲ ਰਾਹੀਂ ਨੋਟਿਸ ਭੇਜਿਆ ਹੈ।
ਚੰਨੀ ਨੂੰ ਪਹਿਲਾਂ ਵੀ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੌਰਾਨ ਵੂਮੈਨ ਕਮਿਸ਼ਨ ਨੇ ਦੋ ਵਾਰ ਨੋਟਿਸ ਜਾਰੀ ਕੀਤਾ ਸੀ। ਉਹਨਾਂ ਇਕ ਮਹਿਲਾ ਆਈਏਐਸ ਅਧਿਕਾਰੀ ਨੂੰ ਫੋਨ ਉਤੇ ਮੈਸੇਜ ਭੇਜੇ ਸਨ, ਜਿਸ ਬਾਰੇ ਉਕਤ ਮਹਿਲਾ ਅਧਿਕਾਰੀ ਨੇ ਉਸ ਵੇਲੇ ਮਾਮਲਾ ਸਰਕਾਰ ਦੇ ਧਿਆਨ ਵਿਚ ਲਿਆਂਦਾ ਸੀ। ਉਸ ਵੇਲੇ ਚੰਨੀ ਦਾ ਮੀ ਟੂ ਦਾ ਮਾਮਲਾ ਸੁਰਖੀਆ ਵਿਚ ਰਿਹਾ ਸੀ।