ਅੰਮ੍ਰਿਤਸਰ 20 ਦਸੰਬਰ (ਖ਼ਬਰ ਖਾਸ ਬਿਊਰੋ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ ਕੀਤੀ। ਅਕਾਲੀ ਆਗੂਆਂ ਵਲੋਂ ਵਾਰ ਵਾਰ ਜਥੇਦਾਰ ਸਾਹਿਬਾਨ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਨੇ ਪੰਥਕ ਹਲਕਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਪਿਛਲੇ ਦਿਨ ਸ਼੍ਰੀ ਫਤਿਹਗੜ ਸਾਹਿਬ ਵਿਖੇ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਦਲ ਦੇ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੀਟਿੰਗ ਕੀਤੀ ਸੀ। ਹਾਲਾਂਕਿ ਅਕਾਲੀ ਆਗੂ ਇਹਨਾਂ ਮੀਟਿੰਗਾਂ ਨੂੰ ਰੂਟੀਨ ਦੀਆਂ ਮੀਟਿੰਗਾਂ ਦੱਸਦੇ ਹਨ, ਪਰ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਬਾਅਦ ਵਾਰ ਵਾਰ ਕੀਤੀਆ ਜਾ ਰਹੀਆਂ ਮੀਟਿੰਗਾਂ ਕਈ ਚਰਚਾਵਾਂ ਨੂੰ ਜਨਮ ਦੇ ਰਹੀਆਂ ਹਨ।
ਸੂਤਰਾਂ ਅਨੁਸਾਰ ਮੀਟਿੰਗ ਵਿਚ ਅਕਾਲੀ ਆਗੂਆਂ ਨੇ ਜਥੇਦਾਰ ਸਾਹਿਬਾਨ ਨੂੰ ਤਨਖਾਹੀਆ ਐਲਾਨੇ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਵਿਚ ਜ਼ਲਦੀ ਫੈਸਲਾ ਲੈਣ ਦੀ ਬੇਨਤੀ ਕੀਤੀ। ਅਕਾਲੀ ਆਗੂਆਂ ਨੇ ਜਥੇਦਾਰ ਸਾਹਿਬਾਨ ਨੂੰ ਸੁਖਬੀਰ ਬਾਦਲ ਦੇ ਅਸਤੀਫ਼ਾ ਦੇਣ ਬਾਅਦ ਹੋਰਨਾਂ ਆਗੂਆਂ ਵਲੋਂ ਅਸਤੀਫ਼ਾ ਦੇਣ ਅਤੇ ਅਕਾਲੀ ਦਲ ਦੀ ਮੌਜੂਦਾ ਸਥਿਤੀ ਦਾ ਖਿਆਲ ਰੱਖਣ ਦਾ ਵਾਸਤਾ ਵੀ ਪਾਇਆ। ਅਕਾਲੀ ਆਗੂਆਂ ਨੇ ਸੁਖਬੀਰ ਬਾਦਲ ਨੂੰ ਜ਼ਲਦੀ ਧਾਰਮਿਕ ਸਜ਼ਾ ਲਗਾਉਣ ਦੀ ਬੇਨਤੀ ਕੀਤੀ। ਸੂਤਰਾਂ ਅਨੁਸਾਰ ਜਥੇਦਾਰ ਸਾਹਿਬਾਨ ਨੇ ਸਪਸ਼ਟ ਜਵਾਬ ਦਿੱਤਾ ਕਿ ਉਹ ਪੰਥਕ ਅਤੇ ਅਕਾਲ ਤਖ਼ਤ ਸਾਹਿਬ ਦੀ ਪਰੰਪਰਾ, ਮਰਿਆਦਾ ਮੁਤਾਬਿਕ ਹੀ ਫੈਸਲਾ ਲੈਣਗੇ। ਇਹ ਵੀ ਦੱਸਿਆ ਜਾਂਦਾ ਹੈ ਕਿ ਜਥੇਦਾਰ ਸਾਹਿਬਾਨ ਨੇ ਤਿੰਨ ਜਥੇਦਾਰਾਂ ਵਲੋਂ ਸਮੂਹਿਕ ਰੂਪ ਵਿਚ ਅਸਤੀਫਾ ਦੇਣ ਦੀ ਗੱਲ ਵੀ ਦੁਹਰਾਈ। ਇਸਤੋ ਬਾਅਦ ਅਕਾਲੀ ਆਗੂਆਂ ਨੇ ਜਥੇਦਾਰ ਸਾਹਿਬਾਨ ਨੂੰ ਸੇਵਾ ’ਤੇ ਬਣੇ ਰਹਿਣ ਦੀ ਬੇਨਤੀ ਕੀਤੀ।
ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਸਧਾਰਨ ਮੀਟਿੰਗ ਸੀ। ਅਜਿਹੀਆਂ ਮੀਟਿੰਗਾਂ ਪਹਿਲਾਂ ਵੀ ਹੁੰਦੀਆਂ ਰਹੀਆਂ ਹਨ ਅਤੇ ਭਵਿੱਖ ਵਿਚ ਵੀ ਹੋਣੀਆਂ ਚਾਹੀਦੀਆਂ ਹਨ ਤੇ ਇਹ ਸਿਲਸਿਲਾ ਜਾਰੀ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਥਕ ਹਿੱਤਾਂ ਬਾਰੇ ਬਹੁਤ ਕੁਝ ਵਿਚਾਰ ਕਰਨ ਵਾਲਾ ਹੁੰਦਾ ਹੈ । ਪੰਥਕ ਹਲਕਿਆਂ ਵਿਚ ਜਥੇਦਾਰਾਂ ਵਲੋਂ ਅਸਤੀਫੇ ਦੀਆਂ ਚਰਚਾਵਾਂ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਅਜਿਹੀ ਕੋਈ ਗੱਲ ਨਹੀਂ ਹੋਈ। ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਬੰਧੀ ਫ਼ੈਸਲਾ ਪੰਜ ਸਿੰਘ ਸਾਹਿਬਾਨ ਦੀ ਅਗਲੀ ਬੈਠਕ ਵਿਚ ਲਿਆ ਜਾ ਸਕਦਾ ਹੈ।
ਉਧਰ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਅੰਮ੍ਰਿਤਸਰ ਆਏ ਸਨ। ਇਸੀ ਦੌਰਾਨ ਉਨ੍ਹਾਂ ਦੀ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਦੀ ਇੱਛਾ ਪੈਦਾ ਹੋ ਗਈ। ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰਨੀ ਦੀ ਮਿਆਦ 15 ਦਸੰਬਰ ਨੂੰ ਖ਼ਤਮ ਹੋ ਰਹੀ ਹੈ, ਜਲਦੀ ਹੀ ਡੈਲੀਗੇਟ ਦੀ ਭਰਤੀ ਸ਼ੁਰੂ ਕੀਤੀ ਜਾਵੇਗੀ।
ਵਰਨਣਯੋਗ ਹੈ ਕਿ ਬਲਵਿੰਦਰ ਸਿੰਘ ਭੂੰਦੜ ਨੇ ਸ੍ਰੀ ਫਤਿਹਗੜ ਸਾਹਿਬ ਵਿਖੇ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੀਟਿੰਗ ਵੇਲੇ ਨੀ ਫਤਿਹਗੜ ਸਾਹਿਬ ਮੱਥਾ ਟੇਕਣ ਆਉਣ ਦੀ ਗੱਲ ਕਹੀ ਸੀ। ਅਕਾਲੀ ਆਗੂਆਂ ਵਲੋਂ ਜਥੇਦਾਰ ਸਾਹਿਬਾਨ ਨਾਲ ਵਾਰ ਵਾਰ ਮੀਟਿੰਗਾਂ ਕਰਨੀਆਂ ਅਤੇ ਇਹਨਾਂ ਮੀਟਿੰਗਾਂ ਨੂੰ ਸਧਾਰਨ ਮੀਟਿੰਗ ਕਹਿਣ ਦੀ ਗੱਲ ਪੰਥਕ ਹਲਕਿਆਂ ਨੂੰ ਹਜ਼ਮ ਨਹੀਂ ਹੋ ਰਹੀ।