ਕਾਂਗਰਸ ਦੀ ਕਪਤਾਨੀ ਸੰਭਾਲਣ ਉਤੇ ਪਰਗਟ ਨੇ ਮੁੱਖ ਮੰਤਰੀ ਦੀ ਡੀ ਵਿਚ ਵੜਕੇ ਕੀਤਾ ਪਹਿਲਾ ਗੋਲ,

ਚੰਡੀਗੜ੍ਹ, 13 ਅਕਤੂਬਰ (ਖ਼ਬਰ ਖਾਸ ਬਿਊਰੋ)

ਪੰਜਾਬ ,ਦੇ ਪ੍ਰਧਾਨ ਪਰਗਟ ਸਿੰਘ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੋਧ (ਐੱਸਆਈਆਰ) ਨੂੰ ਲੈ ਕੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਪੰਜਾਬ ਵਿੱਚ 13 ਲੱਖ ਤੋਂ ਵੱਧ ਵੋਟਾਂ ਕੱਟੇ ਜਾਣ ’ਤੇ ਗੰਭੀਰ ਸਵਾਲ ਉਠਾਏ। ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਯੋਗ ਵੋਟਰਾਂ ਦੇ ਨਾਂ ਸੂਚੀ ਵਿੱਚੋਂ ਹਟਾਏ ਗਏ ਹਨ, ਤਾਂ ਇਹ ਉਨ੍ਹਾਂ ਦੇ ਲੋਕਤੰਤਰੀ ਹੱਕਾਂ ਨਾਲ ਜੁੜਿਆ ਗੰਭੀਰ ਮਾਮਲਾ ਹੈ।

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕਿੰਨੇ ਵੋਟਰਾਂ ਦੇ ਨਾਂ ਸੂਚੀ ਵਿੱਚੋਂ ਹਟਾਏ ਗਏ ਹਨ, ਇਸ ਦੇ ਕੀ ਕਾਰਨ ਹਨ ਅਤੇ ਯੋਗ ਵੋਟਰਾਂ ਦੇ ਹੱਕਾਂ ਦੀ ਰਾਖੀ ਲਈ ਕੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵੋਟ ਦਾ ਅਧਿਕਾਰ ਲੋਕਤੰਤਰ ਦੀ ਨੀਂਹ ਹੈ ਅਤੇ ਇਸ ਨਾਲ ਕਿਸੇ ਵੀ ਤਰ੍ਹਾਂ ਦਾ ਅਨਿਆਂ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ’ਤੇ ਲਗਾਤਾਰ ਸਵਾਲ ਉਠਾਉਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਨਾਲ ਜੁੜੇ ਹਰ ਸ਼ੱਕ ਅਤੇ ਇਤਰਾਜ਼ ਦਾ ਨਿਰਪੱਖ ਢੰਗ ਨਾਲ ਨਿਪਟਾਰਾ ਹੋਣਾ ਚਾਹੀਦਾ ਹੈ, ਤਾਂ ਜੋ ਕੋਈ ਵੀ ਯੋਗ ਨਾਗਰਿਕ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਲੋਕਤੰਤਰ ਵਿੱਚ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ ਉਦੋਂ ਹੀ ਕਾਇਮ ਰਹਿ ਸਕਦੀ ਹੈ, ਜਦੋਂ ਹਰ ਯੋਗ ਵੋਟਰ ਨੂੰ ਆਪਣੀ ਵੋਟ ਪਾਉਣ ਦਾ ਪੂਰਾ ਹੱਕ ਮਿਲੇ।

ਹੋਰ ਪੜ੍ਹੋ 👉  ਸਤਿਕਾਰ (ਸੋਧ) ਐਕਟ 2026 ਬਾਰੇ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਸਪੱਸ਼ਟ ਕਰੇ: ਮਾਹਰ ਕਮੇਟੀ

ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓਐੱਸਡੀ ਮਨਜੀਤ ਸਿੰਘ ਸਿੱਧੂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ’ਤੇ ਪਰਗਟ ਸਿੰਘ ਨੇ ਕਿਹਾ ਕਿ ਸਿੱਧੂ ਨੇ ਆਮ
ਆਦਮੀ ਪਾਰਟੀ ਨੂੰ ਖੜ੍ਹਾ ਕਰਨ ਵਿੱਚ ਭੂਮਿਕਾ ਨਿਭਾਈ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਅਤੇ ਤਜਰਬੇ ਦਾ ਸਵਾਗਤ ਕਰਦੀ ਹੈ। ਪਰਗਟ ਸਿੰਘ ਅਨੁਸਾਰ, ਮਨਜੀਤ ਸਿੰਘ ਸਿੱਧੂ ਲੰਮੇ ਸਮੇਂ ਤੋਂ ਅਜਿਹੀ ਸਿਆਸਤ ਦੀ ਉਮੀਦ ਕਰ ਰਹੇ ਸਨ, ਜਿਸ ਵਿੱਚ ਸਦਭਾਵਨਾ, ਲੋਕ ਹਿੱਤ ਅਤੇ ਪੰਜਾਬ ਦੇ ਭਵਿੱਖ ਨੂੰ ਤਰਜੀਹ ਦਿੱਤੀ ਜਾਵੇ।

ਪਰਗਟ ਸਿੰਘ ਨੇ ਕਿਹਾ ਕਿ ਕੌਮੀ ਸਿਆਸਤ ਵਿੱਚ ਰਾਹੁਲ ਗਾਂਧੀ ਨੌਜਵਾਨਾਂ, ਖ਼ਾਸ ਕਰਕੇ ਜੈਨ-ਜ਼ੀ ਦੀਆਂ ਇੱਛਾਵਾਂ ਅਤੇ ਭਾਵਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਨਫ਼ਰਤ ਅਤੇ ਟਕਰਾਅ ਦੀ ਬਜਾਏ ਆਪਸੀ ਸਤਿਕਾਰ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਲੋਕਾਂ ਦੇ ਮੁੱਦਿਆਂ ’ਤੇ ਆਧਾਰਿਤ ਸਿਆਸਤ ਦੀ ਲੋੜ ਹੈ। ਉਨ੍ਹਾਂ ਅਨੁਸਾਰ, ਇਸੇ ਤਰ੍ਹਾਂ ਦੀ ਸਿਆਸੀ ਸੋਚ ਅਤੇ ਪੰਜਾਬ ਦੇ ਬਿਹਤਰ ਭਵਿੱਖ ਦੀ ਉਮੀਦ ਨੇ ਮਨਜੀਤ ਸਿੰਘ ਸਿੱਧੂ ਨੂੰ ਕਾਂਗਰਸ ਨਾਲ ਜੁੜਨ ਲਈ ਪ੍ਰੇਰਿਤ ਕੀਤਾ।

ਹੋਰ ਪੜ੍ਹੋ 👉  ਲੁਧਿਆਣਾ ਚ ਫੁੱਟਬਾਲਰ ਦਾ ਕਤਲ, ਬਠਿੰਡਾ ਵਿੱਚ ਫਿਰੌਤੀ ਲਈ ਗੋਲੀਬਾਰੀ ਨੇ ਕਾਨੂੰਨ ਵਿਵਸਥਾ ਉਤੇ ਉਠਾਏ ਸਵਾਲ

ਪਰਗਟ ਸਿੰਘ ਨੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਦਿਨ-ਦਿਹਾੜੇ ਹੋ ਰਹੀਆਂ ਹੱਤਿਆਵਾਂ ’ਤੇ ਵੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਅਜਿਹਾ ਮਾਹੌਲ ਬਣ ਰਿਹਾ ਹੈ, ਜਿੱਥੇ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਸਰਕਾਰ ’ਤੇ ਪੁਲਿਸ ਪ੍ਰਬੰਧ ਦੀ ਬੇਲੋੜੀ ਵਰਤੋਂ ਅਤੇ ਨਾਗਰਿਕਾਂ ਦੀ ਸੁਰੱਖਿਆ ਦੀ ਅਣਦੇਖੀ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਕਾਨੂੰਨ ਵਿਵਸਥਾ ਦਾ ਮਕਸਦ ਲੋਕਾਂ ਵਿੱਚ ਭਰੋਸਾ ਪੈਦਾ ਕਰਨਾ ਹੋਣਾ ਚਾਹੀਦਾ ਹੈ।

ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਦਾ ਜ਼ਿਕਰ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਿਰਫ਼ ਐਲਾਨਾਂ ਅਤੇ ਪ੍ਰਚਾਰ ਨਾਲ ਨਸ਼ਿਆਂ ਦੀ ਸਮੱਸਿਆ ਦਾ ਹੱਲ ਨਹੀਂ ਹੋਵੇਗਾ। ਸਰਕਾਰ ਨੂੰ ਨਸ਼ਿਆਂ ਦੀ ਸਪਲਾਈ ਅਤੇ ਤਸਕਰੀ ਦੇ ਨੈੱਟਵਰਕ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕਰਨ ਦੇ ਨਾਲ-ਨਾਲ ਉਨ੍ਹਾਂ ਲੋਕਾਂ ਦੀ ਸੁਰੱਖਿਆ ਵੀ ਯਕੀਨੀ ਬਣਾਉਣੀ ਚਾਹੀਦੀ ਹੈ, ਜੋ ਨਸ਼ਿਆਂ ਵਿਰੁੱਧ ਆਵਾਜ਼ ਉਠਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਝੋਟਾ ਹੱਤਿਆ ਮਾਮਲੇ ਵਿੱਚ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਸੂਬੇ ਵਿੱਚ ਕਾਨੂੰਨ ਦਾ ਰਾਜ ਕਾਇਮ ਕਰਨ ਲਈ ਠੋਸ ਕਦਮ ਚੁੱਕੇ ਜਾਣ।

ਹੋਰ ਪੜ੍ਹੋ 👉  ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ 'ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ਵੀਡੀਐਸ ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਸੌਂਦ

ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਅਜਿਹੀ ਸਰਕਾਰ ਅਤੇ ਪ੍ਰਸ਼ਾਸਨ ਦੀ ਲੋੜ ਹੈ, ਜੋ ਨਾਗਰਿਕਾਂ ਦੇ ਹੱਕਾਂ ਦੀ ਰਾਖੀ ਕਰੇ, ਨੌਜਵਾਨਾਂ ਨੂੰ ਉਮੀਦ ਦੇਵੇ ਅਤੇ ਕਾਨੂੰਨ ਦਾ ਰਾਜ ਯਕੀਨੀ ਬਣਾਏ। ਕਾਂਗਰਸ ਪਾਰਟੀ ਵੋਟਰਾਂ ਦੇ ਹੱਕਾਂ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨਾਲ ਜੁੜੇ ਮੁੱਦਿਆਂ ਨੂੰ ਪੂਰੀ ਮਜ਼ਬੂਤੀ ਨਾਲ ਉਠਾਉਂਦੀ ਰਹੇਗੀ।

ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਕਾਂਗਰਸੀ ਆਗੂ ਰਣਦੀਪ ਨਾਭਾ, ਕੁਸ਼ਲਦੀਪ ਸਿੰਘ ਢਿੱਲੋਂ, ਹਰਦੇਵ ਸਿੰਘ ਲਾਡੀ, ਸੁਖਬਿੰਦਰ ਸਿੰਘ ਸਰਕਾਰੀਆ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਭਗਵਾਨਪਾਲ ਸਿੰਘ ਸੱਚਰ ਵੀ ਮੌਜੂਦ ਸਨ।

Leave a Reply

Your email address will not be published. Required fields are marked *