ਕਾਂਸ਼ੀ ਰਾਮ ਦੇ ਜ੍ੱਦੀ ਪਿੰਡ  ਖੁਆਸਪੁਰਾ ਵਿਖੇ ਲਾਇਬ੍ਰੇਰੀ ਬਣਾਉਣ ਤੇ ਕਮਿਊਨਟੀ ਹਾਲ ਦੇ ਨਵੀਨੀਕਰਣ ਦਾ ਐਲਾਨ

 

ਰੂਪਨਗਰ, 15 ਮਾਰਚ (ਖ਼ਬਰ ਖਾਸ ਬਿਊਰੋ)

ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਬਹੁਜਨ ਸਮਾਜ ਦੇ ਮਹਾਨ ਆਗੂ ਅਤੇ ਉੱਚ ਕੋਟੀ ਦੇ ਦਲਿਤ ਨੇਤਾ ਮਹਰੂਮ ਸਾਹਿਬ ਸ਼੍ਰੀ ਕਾਂਸ਼ੀ ਰਾਮ ਦੇ 92ਵੇਂ ਜਨਮ ਦਿਵਸ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਖੁਆਸਪੁਰਾ ਵਿਖੇ ਸਥਾਪਿਤ ਉਨ੍ਹਾਂ ਦੇ ਆਦਮ ਬੁੱਤ ‘ਤੇ ਫੁੱਲਮਾਲਾਵਾਂ ਅਰਪਿਤ ਕਰਦੇ ਹੋਏ ਸ਼ਰਧਾ ਅਤੇ ਸਤਿਕਾਰ ਭੇਂਟ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਹਿਬ ਕਾਂਸ਼ੀ ਰਾਮ ਜੀ ਨੇ ਆਪਣੀ ਪੂਰੀ ਜ਼ਿੰਦਗੀ ਸਮਾਜ ਦੇ ਪਿੱਛੜੇ ਅਤੇ ਦੱਬੇ ਕੁਚਲੇ ਵਰਗਾਂ ਦੇ ਹੱਕਾਂ ਲਈ ਸਮਰਪਿਤ ਕੀਤੀ। ਉਨ੍ਹਾਂ ਦੀ ਸੋਚ ਅਤੇ ਸੰਘਰਸ਼ ਨੇ ਦੇਸ਼ ਦੀ ਰਾਜਨੀਤੀ ਅਤੇ ਸਮਾਜਿਕ ਜਾਗਰੂਕਤਾ ਵਿੱਚ ਵੱਡਾ ਬਦਲਾਅ ਲਿਆਂਦਾ। ਉਨ੍ਹਾਂ ਕਿਹਾ ਕਿ ਸਾਹਿਬ ਕਾਂਸ਼ੀ ਰਾਮ ਜੀ ਦੀਆਂ ਸਿੱਖਿਆਵਾਂ ਅਤੇ ਵਿਚਾਰ ਅੱਜ ਵੀ ਸਮਾਜ ਨੂੰ ਬਰਾਬਰੀ, ਨਿਆਂ ਅਤੇ ਆਤਮ-ਸਨਮਾਨ ਦੀ ਰਾਹ ‘ਤੇ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਹਨ।

ਹੋਰ ਪੜ੍ਹੋ 👉  ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ 'ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ਵੀਡੀਐਸ ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਸੌਂਦ

ਵਿੱਤ ਮੰਤਰੀ ਨੇ ਇਸ ਮੌਕੇ ਐਲਾਨ ਕੀਤਾ ਕਿ ਸਾਹਿਬ ਕਾਂਸ਼ੀ ਰਾਮ ਜੀ ਦੀ ਯਾਦ ਨੂੰ ਸਦਾ ਲਈ ਅਮਰ ਬਣਾਉਣ ਦੇ ਉਦੇਸ਼ ਨਾਲ ਉਨ੍ਹਾਂ ਦੇ ਨਾਮ ‘ਤੇ ਇੱਕ ਅਤਿ ਆਧੁਨਿਕ ਲਾਇਬ੍ਰੇਰੀ ਸਥਾਪਿਤ ਕੀਤੀ ਜਾਵੇਗੀ, ਜਿਸ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਸਿੱਖਿਆ ਅਤੇ ਗਿਆਨ ਪ੍ਰਾਪਤ ਕਰਨ ਲਈ ਵਧੀਆ ਸਹੂਲਤਾਂ ਮਿਲਣਗੀਆਂ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਸਾਹਿਬ ਕਾਂਸ਼ੀ ਰਾਮ ਜੀ ਦੇ ਨਾਮ ‘ਤੇ ਬਣੇ ਕਮਿਊਨਟੀ ਹਾਲ ਦਾ ਵੀ ਜਲਦ ਨਵੀਨੀਕਰਣ ਕਰਵਾਇਆ ਜਾਵੇਗਾ ਤਾਂ ਜੋ ਪਿੰਡ ਵਾਸੀਆਂ ਨੂੰ ਸਮਾਜਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਲਈ ਹੋਰ ਸੁਵਿਧਾਵਾਂ ਪ੍ਰਾਪਤ ਹੋ ਸਕਣ।

ਸ. ਚੀਮਾ ਨੇ ਕਿਹਾ ਕਿ ਮਹਾਨ ਆਗੂਆਂ ਦੀ ਸੋਚ ਨੂੰ ਅਮਲ ਵਿੱਚ ਲਿਆਉਣਾ ਹੀ ਉਨ੍ਹਾਂ ਲਈ ਅਸਲ ਸ਼ਰਧਾਂਜਲੀ ਹੈ ਅਤੇ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਨੂੰ ਬਰਾਬਰੀ ਦੇ ਮੌਕੇ ਪ੍ਰਦਾਨ ਕਰਨ ਲਈ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ।

ਹੋਰ ਪੜ੍ਹੋ 👉  ਲੁਧਿਆਣਾ ਚ ਫੁੱਟਬਾਲਰ ਦਾ ਕਤਲ, ਬਠਿੰਡਾ ਵਿੱਚ ਫਿਰੌਤੀ ਲਈ ਗੋਲੀਬਾਰੀ ਨੇ ਕਾਨੂੰਨ ਵਿਵਸਥਾ ਉਤੇ ਉਠਾਏ ਸਵਾਲ

ਇਸ ਮੌਕੇ ਐਸਸੀ ਵਿੰਗ ਦੇ ਪੰਜਾਬ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ. ਗੁਰਪ੍ਰੀਤ ਸਿੰਘ ਜੀਪੀ ਨੇ ਵੀ ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਹਿਬ ਕਾਂਸ਼ੀ ਰਾਮ ਦਲਿਤ, ਪਿਛੜੇ ਅਤੇ ਆਦਿਵਾਸੀ ਹੱਕਾਂ ਦੀ ਲੜਾਈ ਲੜਨ ਵਾਲੇ ਪ੍ਰਮੁੱਖ ਨੇਤਾ ਰਹੇ, ਜਿਨ੍ਹਾਂ ਨੇ ਵੱਖ-ਵੱਖ ਸੰਸਥਾਵਾਂ ਦੀ ਸਥਾਪਨਾ ਕਰਕੇ ਬਹੁਜਨ ਹਿਤਾਂ ਲਈ ਕੰਮ ਕੀਤਾ।

ਹਲਕਾ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਵੀ ਬਾਬੂ ਕਾਂਸ਼ੀ ਰਾਮ ਜੀ ਦੇ ਜਨਮ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਬਾਬੂ ਕਾਂਸ਼ੀ ਰਾਮ ਜੀ ਭਾਰਤ ਰਤਨ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਵਿਚਾਰਾਂ ਤੋਂ ਪ੍ਰਭਾਵਿਤ ਸਨ ਅਤੇ ਉਨ੍ਹਾਂ ਦੇ ਸਮਾਜਿਕ ਨਿਆਂ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਆਪਣੀ ਜ਼ਿੰਦਗੀ ਸਮਰਪਿਤ ਕਰ ਦਿੱਤੀ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿੱਚ ਉਨ੍ਹਾਂ ਨੂੰ ਦੱਬੇ ਕੁੱਚਲੇ ਲੋਕਾਂ ਦੇ ਮਸੀਹੇ ਵਜੋਂ ਯਾਦ ਕੀਤਾ ਜਾਂਦਾ ਹੈ।

ਹੋਰ ਪੜ੍ਹੋ 👉  'ਕੱਟੜ ਇਮਾਨਦਾਰਾ' ਦਾ ਮੁਖੌਟਾ ਅਦਾਲਤ ਵਿੱਚ ਤਾਰ-ਤਾਰ ਹੋਇਆ: ਭਾਜਪਾ

ਇਸ ਮੌਕੇ ਪਿੰਡ ਦੇ ਸਰਪੰਚ ਸ਼੍ਰੀਮਤੀ ਸਰਬਜੀਤ ਕੌਰ ਨੇ ਪਿੰਡ ਲਈ ਅਤਿ ਆਧੁਨਿਕ ਲਾਇਬ੍ਰੇਰੀ ਤੇ ਕਮਿਊਨਟੀ ਹਾਲ ਦੇ ਨਵੀਨੀਕਰਣ ਦੇ ਕੀਤੇ ਐਲਾਨ ਲਈ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ਇਸ ਮੌਕੇ ਐਸਡੀਐਮ ਰੂਪਨਗਰ ਜਸਪ੍ਰੀਤ ਸਿੰਘ, ਡੀਐਸਪੀ ਰਾਜਪਾਲ ਸਿੰਘ ਗਿੱਲ, ਤਹਿਸੀਲਦਾਰ ਹਰਸਿਮਰਨ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਤਿੰਦਰ ਕੌਰ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਬਲਾਕ ਸੰਮਤੀ ਮੈਂਬਰ ਮਲਕੀਤ ਸਿੰਘ ਭੰਗੂ, ਸ਼ਿਵ ਕੁਮਾਰ ਲਾਲਪੁਰਾ, ਭਾਗ ਸਿੰਘ ਮਦਾਨ, ਬਨਵਾਰੀ ਲਾਲ ਮੱਟੂ, ਐਡਵੋਕੇਟ ਕੁਲਜਿੰਦਰ ਸਿੰਘ ਹੈਪੀ, ਸਾਹਿਬ ਕਾਂਸ਼ੀ ਰਾਮ ਦੇ ਭਰਾ ਦਰਬਾਰਾ ਸਿੰਘ, ਬਿਕਰਮਜੀਤ ਸਿੰਘ, ਪੰਚ ਖੁਸ਼ਹਾਲ ਸਿੰਘ, ਪੰਚ ਦਵਿੰਦਰ ਸਿੰਘ, ਪੰਚ ਮਨਜੀਤ ਕੌਰ, ਪੰਚ ਸੁਰਿੰਦਰ ਕੌਰ, ਪੰਚ ਬਲਜੀਤ ਕੌਰ ਅਤੇ ਇਲਾਕੇ ਤੇ ਪਿੰਡ ਤੋਂ ਪਤਵੰਤੇ ਸੱਜਣ ਹਾਜਰ ਸਨ।

Leave a Reply

Your email address will not be published. Required fields are marked *