ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਮੈਂਬਰਾਂ ਨੂੰ ਲਾਈ ਇਹ ਸਜ਼ਾ

ਅੰਮ੍ਰਿਤਸਰ ਸਾਹਿਬ 2  ਦਸੰਬਰ (ਖ਼ਬਰ ਖਾਸ ਬਿਊਰੋ)

ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਮੈਂਬਰਾਂ ਨੂੰ ਵੀ ਧਾਰਮਿਕ ਸਜ਼ਾ ਲਗਾਈ ਹੈ। ਸ੍ਰੋਮਣੀ ਕਮੇਟੀ ਦੇ  ਮੈਂਬਰਾਂ ਦਾ  ਕਸੂਰ ਹੈ ਕਿ ਡੇਰਾ ਮੁਖੀ ਨੂੰ ਮਾਫ਼ੀ ਦੇਣ ਸਮੇਂ ਦਿੱਤੇ ਗਏ ਇਸ਼ਤਿਹਾਰਾਂ ਦਾ ਇਹਨਾਂ ਨੇ ਵਿਰੋਧ ਨਹੀਂ ਕੀਤਾ।

ਪੰਜ ਸਿੰਘ ਸਾਹਿਬਾਨ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ, ਤਖਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਕੇਸਗੜ ਸਾਹਿਬ ਦੇ ਜਥੇਦਾਰ ਸੁਲਤਾਨ ਸਿੰਘ, ਦਰਬਾਰ ਸਾਹਿਬ ਦੇ ਗ੍ਰੰਥੀ ਗੁਰਮਿੰਦਰ ਸਿੰਘ ਅਤੇ ਬਲਜੀਤ ਸਿੰਘ ਨੇ ਸ੍ਰੋਮਣੀ ਕਮੇਟੀ ਮੈਂਬਰਾਂ ਨੂੰ ਵੀ ਦੋਸ਼ੀ ਠਹਿਰਾਇਆ ਹੈ।

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਅੰਤ੍ਰਿਗ ਕਮੇਟੀ ਮੈਂਬਰਾਂ  ਰਘੁਜੀਤ ਸਿੰਘ, ਕੇਵਲ ਸਿੰਘ ਬਾਦਲ, ਰਾਮਪਾਲ ਸਿੰਘ ਬਹਿਣੀਵਾਲ, ਰਾਜਿੰਦਰ ਸਿੰਘ ਮਹਿਤਾ, ਗੁਰਬਚਨ ਸਿੰਘ ਕਰਮੂਵਾਲ ਤੇ ਸੁਰਜੀਤ ਸਿੰਘ ਗੜੀ ਨੂੰ ਦੋਸ਼ੀ ਪਾਇਆ ਹੈ ਕਿ ਇਹਨਾਂ ਨੇ ਡੇਰਾ ਮੁਖੀ ਨੂੰ ਮਾਫ਼ੀ ਦੇਣ ਦੇ ਫੈਸਲੇ ਨੂੰ ਸਹੀ ਠਹਿਰਾਉਣ ਲਈ ਦਿੱਤੇ ਇਸ਼ਤਿਹਾਰਾਂ ਦਾ ਵਿਰੋਧ ਨਹੀਂ ਕੀਤਾ। ਇਹਨਾਂ ਮੈਂਬਰਾਂ ਨੂੰ 500-500 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਖਿਮਾ ਜਾਚਨਾ ਦੀ ਅਰਦਾਸ ਕਰਵਾਉਣ ਦਾ ਆਦੇਸ਼ ਦਿੱਤਾ ਗਿਆ ਹੈ।

ਇਹਨਾਂ ਤੋ ਵਸੂਲੀ ਜਾਵੇਗੀ ਵਿਆਜ ਸਮੇਤ ਰਾਸ਼ੀ

ਸਿੰਘ ਸਾਹਿਬਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੀ ਤਤਕਾਲੀ ਕਾਰਜਕਾਰਨੀ ਦੀ ਤਰਫੋਂ ਕਰੀਬ 86 ਲੱਖ ਰੁਪਏ ਤੋਂ ਵੱਧ ਦੀ ਇਸ਼ਤਿਹਾਰਬਾਜ਼ੀ ਦਾ ਸਾਰਾ ਖਰਚਾ ਸੁਖਬੀਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੋਂ ਵਿਆਜ ਸਮੇਤ ਵਸੂਲਣ ਦੇ ਹੁਕਮ ਦਿੱਤੇ ਹਨ। ਜਿਹਨਾਂ ਅਕਾਲੀ ਆਗੂਆਂ ਤੋਂ ਵਿਆਜ਼ ਸਮੇਤ ਇਸ਼ਤਿਹਾਰ ਦੀ ਰਾਸ਼ੀ ਵਸੂਲੀ ਜਾਣੀ ਹੈ, ਉਹਨਾਂ ਵਿਚ ਸੁਖਬੀਰ ਸਿੰਘ ਬਾਦਲ, ਸੁਖਦੇਵ ਸਿੰਘ ਢੀਂਡਸਾ, ਸੁੱਚਾ ਸਿੰਘ ਲੰਗਾਹ, ਹੀਰਾ ਸਿੰਘ ਗਾਬੜੀਆ, ਬਲਵਿੰਦਰ ਸਿੰਘ ਭੂੰਦੜ, ਗੁਲਜ਼ਾਰ ਸਿੰਘ ਰਾਣੀਕੇ ਤੇ ਡਾ ਦਲਜੀਤ ਸਿੰਘ ਚੀਮਾ ਦਾ ਨਾਮ ਸ਼ਾਮਲ ਹੈ।

Leave a Reply

Your email address will not be published. Required fields are marked *