ਚੰਡੀਗੜ੍ਹ, 10 ਜਨਵਰੀ (ਖ਼ਬਰ ਖਾਸ ਬਿਊਰੋ)
ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦਾ ਦੇਰ ਰਾਤ ਭੇਦਭਰੀ ਢੰਗ ਨਾਲ ਗੋਲੀ ਲੱਗਣ ਨਾਲ ਦਿਹਾਂਤ ਹੋ ਗਿਆ ਹੈ। ਗੁਰਪ੍ਰੀਤ ਗੋਗੀ ਦੀ ਉਮਰ 57 ਸਾਲ ਦੇ ਸਨ, ਜੋ ਆਪਣੇ ਘਰ ਅੰਦਰ ਹੀ ਲਾਇਸੰਸੀ ਰਿਵਾਲਵਰ ਨਾਲ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ ਸਨ ਤੇ ਤੁਰੰਤ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਮੁੱਖ ਮੰਤਰੀ ਵੱਲੋਂ ਵਿਧਾਇਕ ਗੋਗੀ ਦੇ ਦੇਹਾਂਤ ‘ਤੇ ਅਫਸੋਸ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਦੁਖਦਾਈ ਅਤੇ ਬੇਵਕਤੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਜਿਨ੍ਹਾਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ।
ਮੁੱਖ ਮੰਤਰੀ ਅੱਜ ਇੱਥੇ ਵਿਧਾਇਕ ਦੇ ਸਸਕਾਰ ਵਿੱਚ ਸ਼ਾਮਲ ਹੋਏ। ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਗੋਗੀ ਨੂੰ ਮਿਹਨਤੀ, ਸਮਰਪਿਤ ਅਤੇ ਵਚਨਬੱਧ ਸਾਥੀ ਦੱਸਿਆ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਵੱਡਾ ਨਿੱਜੀ ਘਾਟਾ ਹੈ ਅਤੇ ਆਮ ਆਦਮੀ ਪਾਰਟੀ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ, ਕਿਉਂਕਿ ਗੋਗੀ ਪਾਰਟੀ ਦੇ ਸਮਰਪਿਤ ਸਿਪਾਹੀ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੋਗੀ ਨੇ ਲੋਕਾਂ ਖਾਸ ਕਰਕੇ ਆਪਣੇ ਹਲਕੇ ਦੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਗੋਗੀ ਦੀ ਮੌਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਕਿ ਮਰਹੂਮ ਆਗੂ ਨੇ ‘ਆਪ’ ਅਤੇ ਲੋਕਾਂ ਦੇ ਦਿਲਾਂ ਵਿੱਚ ਵੱਡਾ ਖਲਾਅ ਪੈਦਾ ਕੀਤਾ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਗੋਗੀ ਦੀ ਦੇਹ ‘ਤੇ ਫੁੱਲਮਾਲਾ ਭੇਟ ਕੀਤੀ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਗੋਗੀ ਦਾ 23 ਸਾਲ ਪਹਿਲਾਂ ਕਾਂਗਰਸ ਨਾਲ ਸ਼ੁਰੂ ਹੋਇਆ ਸੀ ਸਿਆਸੀ ਸਫ਼ਰ
ਗੁਰਪ੍ਰੀਤ ਗੋਗੀ ਨੇ ਆਪਣਾ ਸਿਆਸੀ ਸਫ਼ਰ ਕਾਂਗਰਸ ਨਾਲ ਸ਼ੁਰੂ ਕੀਤਾ ਸੀ, ਜਿੱਥੋਂ 3 ਵਾਰ ਲਗਾਤਾਰ ਕੌਂਸਲਰ ਰਹਿਣ ਤੋਂ ਬਾਅਦ ਉਨ੍ਹਾਂ ਨੂੰ ਕਾਂਗਰਸ ਵੱਲੋਂ ਜ਼ਿਲ੍ਹਾ ਪ੍ਰਧਾਨ ਦਾ ਅਹੁਦਾ ਵੀ ਦਿੱਤਾ ਗਿਆ। ਸਾਲ 2017 ਵਿੱਚ ਜਦੋਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੀ ਤਾਂ ਉਸ ਵੇਲੇ ਗੁਰਪ੍ਰੀਤ ਗੋਗੀ ਨੂੰ ਇੰਡਸਟਰੀ ਦਾ ਚੇਅਰਮੈਨ ਬਣਾਇਆ ਗਿਆ।
ਸਾਲ 2022 ਵਿੱਚ ਜਦੋਂ ਕਾਂਗਰਸ ਵੱਲੋਂ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ, ਉਸ ਤੋਂ ਬਾਅਦ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਹੀ ਗੁਰਪ੍ਰੀਤ ਗੋਗੀ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫ਼ੈਸਲਾ ਲਿਆ। ਇਸ ਤੋਂ ਬਾਅਦ ਸਾਲ 2022 ਵਿੱਚ ਉਨ੍ਹਾਂ ਨੇ ਲੁਧਿਆਣਾ ਦੇ ਪੱਛਮੀ ਹਲਕੇ ਤੋਂ ਚੋਣ ਲੜੀ ਅਤੇ ਉਹ ਜੇਤੂ ਰਹੇ। ਉਨ੍ਹਾਂ ਨੂੰ 40 ਹਜ਼ਾਰ ਤੋਂ ਵੱਧ ਵੋਟਾਂ ਪਈਆਂ ਸਨ। ਗੋਗੀ ਵੱਲੋਂ ਕਾਂਗਰਸ ਦੇ ਕੈਬਨਿਟ ਮੰਤਰੀ ਰਹੇ ਭਾਰਤ ਭੂਸ਼ਣ ਆਸ਼ੂ ਨੂੰ ਹਰਾਇਆ ਗਿਆ ਸੀ। ਇੰਨਾਂ ਹੀ ਨਹੀਂ, ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ ਇੰਦਰ ਗਰੇਵਾਲ ਅਤੇ ਭਾਜਪਾ ਦੇ ਵਿਕਰਮ ਸੰਧੂ ਨੂੰ ਹਰਾ ਕੇ ਗੁਰਪ੍ਰੀਤ ਗੋਗੀ ਆਮ ਆਦਮੀ ਪਾਰਟੀ ਤੋਂ ਵਿਧਾਇਕ ਬਣੇ।
ਗੁਰਪ੍ਰੀਤ ਗੋਗੀ ਅਕਸਰ ਹੀ ਆਪਣੇ ਬੇਬਾਕ ਅੰਦਾਜ਼ ਲਈ ਜਾਣੇ ਜਾਂਦੇ ਰਹੇ। ਉਨ੍ਹਾਂ ਵੱਲੋਂ ਆਪਣੀ ਹੀ ਸਰਕਾਰ ਦੇ ਖਿਲਾਫ ਜਾ ਕੇ ਬੁੱਢੇ ਨਾਲੇ ਲਈ ਰੱਖਿਆ ਨਹੀਂ ਪੱਥਰ ਵੀ ਤੋੜਿਆ ਗਿਆ,ਇਸ ਕਾਰਣ ਉਹ ਕਾਫੀ ਸੁਰਖੀਆਂ ਵਿੱਚ ਰਹੇ।ਬੀਤੇ ਦਿਨ ਵੀ ਉਨ੍ਹਾਂ ਨੇ ਬੁੱਢੇ ਨਾਲੇ ਦੀ ਸਫ਼ਾਈ ਨੂੰ ਲੈ ਕੇ ਵਾਤਾਵਰਨ ਪ੍ਰੇਮੀ ਬਲਵੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕੀਤੀ ਸੀ
ਗੁਰਪ੍ਰੀਤ ਗੋਗੀ ਲਗਭਗ 23 ਸਾਲ ਕਾਂਗਰਸ ਵਿੱਚ ਰਹੇ ਸੀ। ਹਾਲ ਹੀ ਵਿੱਚ ਹੋਈਆਂ ਨਗਰ ਨਿਗਮ ਚੋਣਾਂ 2024 ਵਿੱਚ ਪਤਨੀ ਡਾਕਟਰ ਸੁਖਚੈਨ ਕੌਰ ਵਾਰਡ ਨੰਬਰ 61 ਤੋਂ ਮਹਿਜ਼ 86 ਵੋਟਾਂ ਤੋਂ ਹਾਰ ਗਏ ਸਨ।