ਚੰਡੀਗੜ੍ਹ, 14 ਜਨਵਰੀ (ਖ਼ਬਰ ਖਾਸ ਬਿਊਰੋ)
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਝੂਠ ਦਾ ਪ੍ਰਤੀਕ ਕਰਾਰ ਦਿੰਦਿਆਂ ਕਿਹਾ ਕਿ ਕੇਜਰੀਵਾਲ ਨੇ ਸਿਆਸੀ ਫਾਇਦਾ ਲੈਣ ਲਈ ਆਪਣੇ ਸਿਆਸੀ ਗੁਰੂ ਅੰਨਾ ਹਜ਼ਾਰੇ ਨੂੰ ਵਰਤਿਆ ਹੈ। ਕਾਂਗਰਸ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ ਕਿਹਾ ਕਿ ਅੰਨਾ ਹਜ਼ਾਰੇ ਨੇ ਇਕ ਵਾਰ ਕਿਹਾ ਸੀ ਕਿ ਉਹ ਕੇਜਰੀਵਾਲ ਨੂੰ ਸ਼ਰਾਬ ਤੋਂ ਫੰਡ ਠੱਗਣ ਦਾ ਸੁਪਨਾ ਵੀ ਨਹੀਂ ਦੇਖ ਸਕਦੇ।
ਬਾਜਵਾ ਨੇ ਦਿੱਲੀ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਨੂੰ ਸੱਤਾ ਤੋਂ ਬਾਹਰ ਕਰਨ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਨੂੰ ਚੁਣਨ, ਜੋ ਦਿੱਲੀ ਦੇ ਲੋਕਾਂ ਲਈ ਇਕੋ ਇਕ ਅਤੇ ਸਭ ਤੋਂ ਵਧੀਆ ਵਿਕਲਪ ਹੈ।ਬਾਜਵਾ ਨੇ ਦਿੱਲੀ ਚੋਣਾਂ ਲਈ ਪ੍ਰਚਾਰ ਕਰਨ ਲਈ ਪੰਜਾਬ ਅਤੇ ਪੰਜਾਬੀਆਂ ਨੂੰ ਅਸਥਿਰ ਛੱਡਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵੀ ਆਲੋਚਨਾ ਕੀਤੀ।
ਉਨ੍ਹਾਂ ਕਿਹਾ ਕਿ ਨੀਰੋ ਬੰਸਰੀ ਵਜਾ ਰਿਹਾ ਹੈ ਜਦਕਿ ਪੰਜਾਬ ਸੜ ਰਿਹਾ ਹੈ। ਬਾਜਵਾ ਨੇ ਕਿਹਾ ਕਿ ਸਰਹੱਦੀ ਇਲਾਕਿਆਂ ‘ਚ ਹੋਏ ਧਮਾਕਿਆਂ ਨਾਲ ਪੰਜਾਬ ਹਿੱਲ ਗਿਆ ਹੈ ਅਤੇ ਮੁੱਖ ਮੰਤਰੀ ਪਹਿਲਾਂ ਕ੍ਰਿਕਟ ਮੈਚ ਦੇਖਣ ਲਈ ਆਸਟ੍ਰੇਲੀਆ ਰਵਾਨਾ ਹੋਏ ਸਨ ਅਤੇ ਹੁਣ ਉਹ ਦਿੱਲੀ ਚੋਣਾਂ ਦੇ ਪ੍ਰਚਾਰ ‘ਚ ਰੁੱਝੇ ਹੋਏ ਹਨ।
ਬਾਜਵਾ ਨੇ ਸਰਹੱਦੀ ਪੱਟੀ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਪੂਰੀ ਤਰ੍ਹਾਂ ਅਸਮਰੱਥ ਰਹਿਣ ਲਈ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਅਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੇ ਪੰਜਾਬ ਸਰਕਾਰ ਦੋਵਾਂ ਨੂੰ ਜ਼ਿੰਮੇਵਾਰ ਠਹਿਰਾਇਆ।
ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕੋਲ ਪੰਜਾਬ ਦੇ ਗ੍ਰਹਿ ਵਿਭਾਗ ਦੀ ਅਸਮਰੱਥਾ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਇਸ ਨੇ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਵਿਚ ਸਹਾਇਤਾ ਕਰਨ ਵਾਲੇ ਬਰਖਾਸਤ ਡੀਐਸਪੀ ਗੁਰਸ਼ੇਰ ਸਿੰਘ ਦਾ ਅਜੇ ਤੱਕ ਪੁਲਿਸ ਨੂੰ ਪਤਾ ਨਹੀਂ ਲੱਗ ਸਕਿਆ ਕਿ ਉਹ ਕਿਸੇ ਏਅਰਪੋਰਟ ਰਾਹੀਂ ਵਿਦੇਸ਼ ਗਿਆ ਹੈ। ਜਦਕਿ ਉਸਦਾ ਲੁਕਆਊਟ ਨੋਟਿਸ ਵੀ ਜਾਰੀ ਕੀਤਾ ਹੋਇਆ ਸੀ।
ਉਨ੍ਹਾਂ ਕਿਹਾ ਕਿ ਜਦੋਂ ਤੋਂ ‘ਆਪ’ ਨੇ ਸੂਬੇ ‘ਚ ਸੱਤਾ ਸੰਭਾਲੀ ਹੈ, ਪੰਜਾਬੀਆਂ ਵਿੱਚ ਸੁਰੱਖਿਆ ਦੀ ਭਾਵਨਾ ਖਤਮ ਹੋ ਗਈ ਹੈ। ਪੁੰਜਾਬ ਵਿੱਚ ਨਾ ਤਾਂ ਕੀਮਤੀ ਜਾਨਾਂ ਅਤੇ ਨਾ ਹੀ ਜਾਇਦਾਦ ਸੁਰੱਖਿਅਤ ਹੈ। ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬੀਆਂ ਨੂੰ ਰੱਬ ਦੇ ਰਹਿਮ ‘ਤੇ ਛੱਡ ਦਿੱਤਾ ਹੈ।