ਚੰਡੀਗੜ੍ਹ 9 ਮਾਰਚ, (ਖ਼ਬਰ ਖਾਸ ਬਿਊਰੋ)
ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਦਲ ਦੇ ਕੁਝ ਆਗੂਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ ਬਿਆਨਾਬਾਜੀ ਦਾ ਗੰਭੀਰ ਨੋਟਿਸ ਲਿਆ ਹੈ। ਅੱਜ ਚੰਡੀਗੜ੍ਹ ਵਿਚ ਹੋਈ ਪਾਰਟੀ ਦੀ ਪਾਰਲੀਮਾਨੀ ਬੋਰਡ ਦੀ ਮੀਟਿੰਗ ਵਿਚ ਵਿਚਾਰ ਵਟਾਂਦਰਾ ਕੀਤਾ ਗਿਆ।ਮੀਟਿੰਗ ਵਿਚ ਗੁਲਜ਼ਾਰ ਸਿੰਘ ਰਣੀਕੇ, ਜਨਮੇਜਾ ਸਿੰਘ ਸੇਖੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ ਤੇ ਡਾ. ਦਲਜੀਤ ਸਿੰਘ ਚੀਮਾ ਨੇ ਸ਼ਮੂਲੀਅਤ ਕੀਤੀ।
ਉਹਨਾਂ ਕਿਹਾ ਕਿ ਅਨੁਸ਼ਾਸਨਹੀਣਤਾ ਕਿਸੇ ਵੀ ਤਰੀਕੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਹਨਾਂ ਕਿਹਾ ਕਿ ਹਰ ਕਿਸੇ ਨੂੰ ਪਾਰਟੀ ਫੋਰਮ ’ਤੇ ਆਪਣੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਹੈ ਪਰ ਕਿਸੇ ਨੂੰ ਵੀ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਕੋਈ ਵੀ ਪਾਰਟੀ ਤੋਂ ਉਪਰ ਨਹੀਂ ਹੈ।
ਉਹਨਾਂ ਕਿਹਾ ਕਿ ਅਜਿਹੇ ਸਾਰੇ ਪਾਰਟੀ ਵਿਰੋਧੀ ਬਿਆਨ ਤੇ ਵੀਡੀਓਜ਼ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੂੰ ਭੇਜੇ ਜਾ ਰਹੇ ਹਨ ਤੇ ਇਹਨਾਂ ਸਭ ਨੂੰ ਕਾਰਣ ਦੱਸੋ ਨੋਟਿਸ ਜਾਰੀ ਕੀਤੇ ਜਾਣਗੇ। ਉਹਨਾਂ ਕਿਹਾ ਕਿ ਇਹਨਾਂ ਦੇ ਜਵਾਬ ਨੂੰ ਵੇਖਦਿਆਂ ਮੈਰਿਟ ਦੇ ਆਧਾਰ ’ਤੇ ਇਹਨਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।