ਸਿਰਸਾ, 21 ਮਾਰਚ (ਖਬ਼ਰ ਖਾਸ ਬਿਊਰੋ) :
ਪੁਲੀਸ ਨੇ ਦੋ ਨੌਜਵਾਨਾਂ ਨੂੰ 4.256 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜ਼ਿਲ੍ਹਾ ਪੁਲੀਸ ਸੁਪਰਡੈਂਟ ਵਿਕਰਾਂਤ ਭੂਸ਼ਣ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਅਭਿਸ਼ੇਕ ਪੁੱਤਰ ਜੈ ਸਿੰਘ ਵਾਸੀ ਨੈਵਾਲੀ ਢਾਣੀ ਚਤਰਗੜ੍ਹ ਪੱਟੀ, ਸਿਰਸਾ ਅਤੇ ਪ੍ਰਦੀਪ ਪੁੱਤਰ ਗੁਰਚੰਦ, ਵਾਸੀ ਨਰੂਆਣਾ ਬਠਿੰਡਾ ਵਜੋਂ ਹੋਈ ਹੈ। ਐਸਪੀ ਨੇ ਕਿਹਾ ਕਿ ਸਿਰਸਾ ਦੇ ਜ਼ਿਲ੍ਹਾ ਬਣਨ ਤੋਂ ਬਾਅਦ ਪਿਛਲੇ 50 ਸਾਲਾਂ ਵਿੱਚ ਪਹਿਲੀ ਵਾਰ ਸਿਰਸਾ ਪੁਲੀਸ ਵੱਲੋਂ ਇੰਨੀ ਵੱਡੀ ਮਾਤਰਾ ਵਿੱਚ ਹੈਰੋਇਨ (ਚਿੱਟਾ) ਬਰਾਮਦ ਕੀਤੀ ਗਈ ਹੈ।
ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸਿਰਸਾ ਸ਼ਹਿਰ ਦੇ ਚਤਰਗੜ੍ਹ ਪੱਟੀ ਇਲਾਕੇ ਵਿੱਚ ਪੁਲੀਸ ਵੱਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਕਾਰ (ਨੰ. ਪੀਬੀ 03 ਬੀਐਚ 3710) ਸਵਾਰ ਦੋ ਨੌਜਵਾਨਾਂ ਨੇ ਪੁਲੀਸ ਨੂੰ ਦੇਖ ਕੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਪੁਲੀਸ ਨੇ ਦੋਵਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਗਜ਼ਟਿਡ ਅਧਿਕਾਰੀ ਦੀ ਹਾਜ਼ਰੀ ਵਿੱਚ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕਬਜ਼ੇ ਵਿੱਚੋਂ 25 ਕਰੋੜ ਰੁਪਏ ਮੁੱਲ ਦੀ 4.256 ਕਿਲੋ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਖ਼ਿਲਾਫ਼ ਸ਼ਹਿਰ ਦੇ ਸਿਵਲ ਲਾਈਨਜ਼ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਐਸਪੀ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਨੌਜਵਾਨਾਂ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਹੈਰੋਇਨ ਪੰਜਾਬ ਤੋਂ ਖਰੀਦੀ ਸੀ ਅਤੇ ਇਸ ਨੂੰ ਸਿਰਸਾ ਅਤੇ ਨੇੜਲੇ ਇਲਾਕਿਆਂ ਵਿੱਚ ਸਪਲਾਈ ਕੀਤਾ ਜਾਣਾ ਸੀ। ਪੁਲੀਸ ਸੁਪਰਡੈਂਟ ਨੇ ਦੱਸਿਆ ਕਿ ਜਾਂਚ ਦੌਰਾਨ ਬਰਾਮਦ ਕੀਤੀ ਗਈ ਹੈਰੋਇਨ ਵਿੱਚੋਂ ਪਾਕਿਸਤਾਨੀ ਕਰੰਸੀ ਦਾ ਇੱਕ ਨੋਟ ਵੀ ਮਿਲਿਆ ਹੈ, ਇਸ ਲਈ ਇਸ ਦੇ ਪਾਕਿਸਤਾਨ ਨਾਲ ਸਬੰਧ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ, ਜਿਸ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਨੌਜਵਾਨਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ।