ਇਸ ਮਹੀਨੇ ਦੇ ਅੰਤ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਬਣਾਉਣ ਦੇ ਹੁਕਮ

ਚੰਡੀਗੜ੍ਹ, 5 ਅਪ੍ਰੈਲ (ਖ਼ਬਰ ਖਾਸ  ਬਿਊਰੋ)

ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਪ੍ਰੈਲ 2025 ਦੇ ਆਖ਼ੀਰ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ (ਐਮ.ਸੀਜ਼) ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਦਾ ਕੰਮ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ।

ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ (ਪੀ.ਐਸ.ਈ.ਜੀ.ਐਸ.) ਦੇ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕਾਂ ਨੂੰ ਆਨਲਾਈਨ ਸੇਵਾਵਾਂ ਮੁਹੱਈਆ ਕਰਵਾਉਣ ਵਾਸਤੇ ਕੁੱਲ 43,321 ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼. ਦੀਆਂ ਆਨਲਾਈਨ ਆਈ.ਡੀਜ਼. ਬਣਾਈਆਂ ਜਾ ਚੁੱਕੀਆਂ ਹਨ ਤਾਂ ਜੋ ਉਹ ਅਰਜ਼ੀਆਂ ਅਤੇ ਸਰਟੀਫਿਕੇਟਾਂ ਦੀ ਆਨਲਾਈਨ ਤਸਦੀਕ ਕਰ ਸਕਣ। ਇਹ ਸਿਸਟਮ ਲਾਗੂ ਹੋਣ ਨਾਲ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਇਨ੍ਹਾਂ ਸਥਾਨਕ ਨੁਮਾਇੰਦਿਆਂ ਕੋਲ ਵਾਰ ਵਾਰ ਗੇੜੇ ਲਗਾਉਣ ਤੋਂ ਛੁਟਕਾਰਾ ਮਿਲੇਗਾ।

ਹੋਰ ਪੜ੍ਹੋ 👉  ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਫ਼ਰਦ, ਕੇਜਰੀਵਾਲ ਤੇ ਭਗਵੰਤ ਮਾਨ ਨੇ ਦੱਸਿਆ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਨੂੰ ਦੱਸਿਆ ਇਨਕਲਾਬੀ ਕਦਮ

ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼. ਦੀਆਂ 41,000 (ਲਗਭਗ 95 ਫ਼ੀਸਦ) ਤੋਂ ਵੱਧ ਆਨਲਾਈਨ ਲੌਗਇਨ ਆਈ.ਡੀਜ਼. ਪਹਿਲਾਂ ਹੀ ਤਿਆਰ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਮੰਤਰੀ ਨੂੰ ਭਰੋਸਾ ਦਿੱਤਾ ਕਿ ਸੂਬੇ ਦੇ ਸਾਰੇ ਸਥਾਨਕ ਪ੍ਰਤੀਨਿਧੀਆਂ ਦੀਆਂ ਲਾਗਇਨ ਆਈ.ਡੀਜ਼. ਇਸ ਮਹੀਨੇ ਦੇ ਆਖੀਰ ਤੱਕ ਬਣਾ ਦਿੱਤੀਆਂ ਜਾਣਗੀਆਂ ।

ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਸਾਰੇ ਨਾਗਰਿਕਾਂ ਲਈ ਵਧੇਰੇ ਪਹੁੰਚਯੋਗ ਬਣਾਉਂਦਿਆਂ ਸੂਬਾ ਸਰਕਾਰ ਨੇ ਡੋਰਸਟੈਪ ਡਿਲੀਵਰੀ ਫੀਸ 120 ਰੁਪਏ ਤੋਂ ਘਟਾ ਕੇ 50 ਰੁਪਏ ਕਰ ਦਿੱਤੀ ਹੈ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਸ ਕਦਮ ਤਹਿਤ ਸੂਬੇ ਦੇ ਵਸਨੀਕ ਹੈਲਪਲਾਈਨ ਨੰਬਰ-1076 ‘ਤੇ ਕਾਲ ਕਰਕੇ ਘਰ ਬੈਠੇ 406 ਸੇਵਾਵਾਂ ਦਾ ਲਾਹਾ ਲੈ ਸਕਦੇ ਹਨ। ਡਿਲੀਵਰੀ ਫੀਸ ਵਿੱਚ ਕਟੌਤੀ ਕਰਨ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕਮਜ਼ੋਰ ਵਿੱਤੀ ਹਾਲਾਤ ਵਾਲੇ ਨਾਗਰਿਕ ਵੀ ਇਨ੍ਹਾਂ ਸੇਵਾਵਾਂ ਦਾ ਲਾਭ ਉਠਾ ਸਕਣ।

ਹੋਰ ਪੜ੍ਹੋ 👉  ਸਿਹਤ ਮੰਤਰੀ ਨੇ 46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਨੂੰ ਦਿਖਾਈ ਝੰਡੀ

ਪੰਜਾਬ ਸਰਕਾਰ ਦੀ ਆਪਣੇ ਨਾਗਰਿਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਅਤੇ ਉਹਨਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਕਈ ਪਹਿਲੂਆਂ ‘ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ ਅਤੇ ਨਵੀਨਤਾਕਾਰੀ ਆਈ.ਟੀ. ਅਤੇ ਈ-ਗਵਰਨੈਂਸ ਹੱਲ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਪ੍ਰਸ਼ਾਸਨ ਵਿੱਚ ਵਧੇਰੇ ਸੁਧਾਰ ਅਤੇ ਪਾਰਦਰਸ਼ੀ ਸੇਵਾ ਪ੍ਰਦਾਨ ਕਰਨ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਬੋਰਡ ਨੇ ਕਈ ਮੁੱਖ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਵੀ ਕੀਤੀ, ਜਿਨ੍ਹਾਂ ਵਿੱਚ ਈ-ਸੇਵਾ, ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ.), ਸੂਚਨਾ ਦਾ ਅਧਿਕਾਰ (ਆਰ.ਟੀ.ਆਈ.) ਪੋਰਟਲ, ਐਮ-ਸੇਵਾ, ਸਟੇਟ ਐਡਮਿਸ਼ਨ ਪੋਰਟਲ, ਕੁਨੈਕਟ ਪੋਰਟਲ ਅਤੇ ਵਿਜ਼ਟਰ ਪਾਸ ਪ੍ਰਬੰਧਨ ਪ੍ਰਣਾਲੀ ਸ਼ਾਮਲ ਹਨ।

ਹੋਰ ਪੜ੍ਹੋ 👉  ਜੇਕਰ ਮੋਦੀ ਸਰਕਾਰ ਨੇ ਚੰਗਾ ਕੰਮ ਕੀਤਾ ਹੁੰਦਾ ਤਾਂ ਮੇਲਾਨੀਆ ਟਰੰਪ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਦੇਖਣ ਨਹੀਂ ਜਾਂਦੀ - ਚੀਮਾ

ਇਸ ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਸ੍ਰੀ ਘਨਸ਼ਿਆਮ ਥੋਰੀ, ਡਾਇਰੈਕਟਰ ਸੁਚੱਜਾ ਪ੍ਰਸ਼ਾਸਨ ਸ੍ਰੀ ਗਿਰੀਸ਼ ਦਿਆਲਨ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਦੀਪਤੀ ਉੱਪਲ, ਰਾਜ ਟਰਾਂਸਪੋਰਟ ਕਮਿਸ਼ਨਰ ਜਸਪ੍ਰੀਤ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *