ਚੰਡੀਗੜ੍ਹ, 5 ਅਪ੍ਰੈਲ (ਖ਼ਬਰ ਖਾਸ ਬਿਊਰੋ)
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਦੀ MSP ’ਤੇ ਖਰੀਦ ਦੀ ਕਾਨੂੰਨੀ ਗਾਰੰਟੀ ਤੇ ਹੋਰਨਾਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਕਾਰ ਚੱਲ ਰਹੀ ਗੱਲਬਾਤ ਜਾਰੀ ਰਹੇਗੀ। ਉਨ੍ਹਾਂ ਨੇ ਇਹ ਪ੍ਰਗਟਾਵਾ ਸੋਸ਼ਲ ਮੀਡੀਆ ’ਤੇ ਕੀਤਾ। ਕੇਂਦਰੀ ਮੰਤਰੀ ਨੇ ਕਿਸਾਨਾਂ ਨੂੰ 4 ਮਈ ਨੂੰ ਮੁਲਾਕਾਤ ਦਾ ਸੱਦਾ ਦਿੱਤਾ ਹੈ।
ਚੌਹਾਨ ਨੇ ਕਿਹਾ, ‘‘ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿੱਚਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਚੱਲ ਰਹੀ ਗੱਲਬਾਤ ਜਾਰੀ ਰਹੇਗੀ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਹੁਣ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਆ ਚੁੱਕੇ ਹਨ। ਉਮੀਦ ਹੈ ਕਿ ਉਹ ਜਲਦ ਹੀ ਸਿਹਤਯਾਬ ਹੋਣਗੇ।’’ ਇਸ ਦੇ ਨਾਲ ਹੀ ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਆਪਣਾ ਮਰਨ ਖਤਮ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਮੀਟਿੰਗ ਲਈ ਪਹਿਲਾਂ ਹੀ ਤੈਅ ਕੀਤੀ ਤਾਰੀ ਅਨੁਸਾਰ 4 ਮਈ ਨੂੰ ਸਵੇਰੇ 11 ਵਜੇ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਕਾਰ ਗੱਲਬਾਤ ਲਈ ਮੁੜ ਮੁਲਾਕਾਤ ਕੀਤੀ ਜਾਵੇਗੀ।