ਅੰਮ੍ਰਿਤਸਰ ਦੇ ਪ੍ਰਦੀਪ ਸਿੰਘ ਦਾ ਮ੍ਰਿਤਕ ਦੇਹ ਦੁਬਈ ਤੋਂ ਭਾਰਤ ਲਿਆਂਦੀ ਗਈ

ਅੰਮ੍ਰਿਤਸਰ 30 ਅਪਰੈਲ (ਖਾਸ ਖਬਰ ਬਿਊਰੋ)

ਪੂਰੀ ਦੁਨੀਆਂ ਅੰਦਰ ਰੱਬੀ ਫਰਿਸ਼ਤੇ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜਗਦੇਵ ਕਲਾਂ (ਹਾਲ ਵਾਸੀ ਮੀਰਾਂਕੋਟ ਚੌਂਕ) ਨਾਲ ਸਬੰਧਿਤ 27 ਸਾਲਾ ਪ੍ਰਦੀਪ ਸਿੰਘ ਪੁੱਤਰ ਬਲਦੇਵ ਸਿੰਘ ਦਾ ਮ੍ਰਿਤਕ ਦੇਹ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚੀ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਮਾਪਿਆਂ ਦਾ ਇਕਲੌਤਾ ਪੁੱਤ ਪ੍ਰਦੀਪ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਤੇ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਕਰੀਬ 6 ਮਹੀਨੇ ਪਹਿਲਾਂ ਹੀ ਦੁਬਈ ਆਇਆ ਸੀ। ਉਨ੍ਹਾਂ ਦੱਸਿਆ ਕਿ ਦੁਬਈ ਸਥਿਤ ਭਾਰਤੀ ਦੂਤਾਵਾਸ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਦੱਸਿਆ ਸੀ ਕਿ  ਦੁਬਈ ‘ਚ 10 ਅਪ੍ਰੈਲ ਨੂੰ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਲੱਗੀ ਭਿਆਨਕ ਅੱਗ ‘ਚ ਬਹੁਤ ਬੁਰੀ ਤਰ੍ਹਾਂ ਝੁਲਸ ਜਾਣ ਕਾਰਨ ਪਿੰਡ ਜਗਦੇਵ ਕਲਾਂ ਨਾਲ ਸੰਬੰਧਿਤ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਜਿਸ ਉਪਰੰਤ ਉਨ੍ਹਾਂ ਆਪਣੀ ਅੰਮ੍ਰਿਤਸਰ ਟੀਮ ਨੂੰ ਪ੍ਰਦੀਪ ਦੇ ਪਰਿਵਾਰ ਕੋਲ ਭੇਜ ਕੇ ਉਨ੍ਹਾਂ ਨਾਲ ਵਾਪਰੀ ਅਣਹੋਣੀ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਭਾਰਤੀ ਦੂਤਾਵਾਸ ਦੇ ਸਹਿਯੋਗ ਸਦਕਾ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਰਾਹੀਂ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਪ੍ਰਦੀਪ ਦਾ ਮਿਤ੍ਰਕ ਸਰੀਰ ਅੰਮ੍ਰਿਤਸਰ ਹਵਾਈ ਅੱਡੇ ਤੇ ਪਹੁੰਚਾਉਣ ਉਪਰੰਤ ਉਨ੍ਹਾਂ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਤੱਕ ਭੇਜਿਆ ਗਿਆ ਹੈ।

ਹੋਰ ਪੜ੍ਹੋ 👉  ਫੀਲਡ ਮੁਲਾਜ਼ਮ ਮੁੱਖ ਕਾਰਜਕਾਰੀ ਅਫਸਰ ਸੀਵਰੇਜ ਬੋਰਡ ਖਿਲਾਫ ਚੰਡੀਗੜ੍ਹ ਵਿਖੇ ਦੇਣਗੇ ਰੋਸ ਧਰਨਾਂ

ਡਾ.ਉਬਰਾਏ ਨੇ ਦੱਸਿਆ ਕਿ ਹਵਾਈ ਅੱਡੇ ’ਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਖਜ਼ਾਨਚੀ ਨਵਜੀਤ ਘਈ ਤੇ ਉਪ ਪ੍ਰਧਾਨ ਹਰਜਿੰਦਰ ਹੇਰ ਵੱਲੋਂ ਪੀੜਤ ਪਰਿਵਾਰ ਦੀ ਦੱਸੀ ਗਈ ਆਰਥਿਕ ਹਾਲਤ ਮੁਤਾਬਿਕ ਉਨ੍ਹਾਂ ਵੱਲੋਂ ਪ੍ਰਦੀਪ ਦੀ ਵੱਡੀ ਭੈਣ ਦੇ ਵਿਆਹ ਲਈ 2 ਲੱਖ ਰੁਪਏ ਜਦ ਕਿ ਬੇਵੱਸ ਪਿਤਾ ਨੂੰ ਘਰ ਦੇ ਗੁਜ਼ਾਰੇ ਲਈ 2500 ਰੁਪਏ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰਦੀਪ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਉਸ ਦੀ ਕੰਪਨੀ ਵੱਲੋਂ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਟਰੱਸਟ ਵੱਲੋਂ ਡਾ.ਉਬਰਾਏ ਦੀ ਸਰਪ੍ਰਸਤੀ ਹੇਠ ਹੁਣ ਤੱਕ 411 ਦੇ ਕਰੀਬ ਬਦਨਸੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

ਹੋਰ ਪੜ੍ਹੋ 👉  ’ਯੁੱਧ ਨਸ਼ਿਆਂ ਵਿਰੁੱਧ’ ਪੁਲਿਸ ਵੱਲੋਂ 117 ਨਸ਼ਾ ਤਸਕਰ ਗ੍ਰਿਫ਼ਤਾਰ; 7.5 ਕਿਲੋ ਹੈਰੋਇਨ ਅਤੇ 39 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਇਸ ਦੌਰਾਨ ਹਵਾਈ ਅੱਡੇ ’ਤੇ ਪ੍ਰਦੀਪ ਸਿੰਘ ਦੀ ਮ੍ਰਿਤਕ ਦੇਹ ਲੈਣ ਪਹੁੰਚੇ ਪਿਤਾ ਬਲਦੇਵ ਸਿੰਘ, ਮਾਮਾ ਹਰਜੀਤ ਸਿੰਘ ਤੇ ਰਣਜੀਤ ਸਿੰਘ, ਨਾਨਾ ਜਸਬੀਰ ਸਿੰਘ ਤੇ ਭਰਾ ਮਾਨਵਦੀਪ ਸਿੰਘ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ  ਇਸ ਔਖੀ ਘੜੀ ਵੇਲੇ ਕੀਤੀ ਗਈ ਇਸ ਵੱਡੀ ਮਦਦ ਲਈ ਉਨ੍ਹਾਂ ਦਾ ਪਰਿਵਾਰ ਹਮੇਸ਼ਾਂ ਹੀ ਡਾ.ਉਬਰਾਏ ਦਾ ਰਿਣੀ ਰਹੇਗਾ।

Leave a Reply

Your email address will not be published. Required fields are marked *