ਕਟਾਰੂਚੱਕ ਅਤੇ ਡਾ. ਰਵਜੋਤ  ਵੱਲੋਂ ਸਰਕਾਰੀ ਹਸਪਤਾਲ ਕਲਾਨੌਰ ਅਤੇ ਫ਼ਾਇਰ ਬ੍ਰਿਗੇਡ ਦਫ਼ਤਰ ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ, 9 ਮਈ ( ਖ਼ਬਰ ਖਾਸ ਬਿਊਰੋ)

ਭਾਰਤ-ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਸਰਹੱਦੀ ਲੋਕਾਂ ਦੀ ਸੁਰੱਖਿਆ ਅਤੇ ਐਮਰਜੈਂਸੀ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧਾਂ ਤੇ ਹੋਰ ਸਹੂਲਤਾਂ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਸਥਾਨਿਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਅੱਜ ਸਰਕਾਰੀ ਹਸਪਤਾਲ ਕਲਾਨੌਰ ਅਤੇ ਫਾਇਰ ਬ੍ਰਿਗੇਡ ਦਫ਼ਤਰ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਵਿਧਾਇਕ ਸ੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਚੇਅਰਮੈਨ ਸ੍ਰੀ ਰਮਨ ਬਹਿਲ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ੍ਰੀ ਸ਼ਮਸ਼ੇਰ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਐੱਸ.ਐੱਸ.ਪੀ. ਬਟਾਲਾ ਸ੍ਰੀ ਸੋਹੇਲ ਕਾਸਮ ਮੀਰ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਯ, ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਤੋਂ ਇਲਾਵਾ ਸਾਰੇ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।

ਸਭ ਤੋਂ ਪਹਿਲਾਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਸਰਕਾਰੀ ਹਸਪਤਾਲ ਕਲਾਨੌਰ ਦਾ ਦੌਰਾ ਕਰਕੇ ਓਥੇ ਐਮਰਜੈਂਸੀ ਹਾਲਤਾਂ ਦੇ ਮੱਦੇਨਜ਼ਰ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਐੱਸ.ਐੱਮ.ਓ. ਕਲਾਨੌਰ ਨੇ ਦੱਸਿਆ ਕਿ ਸੀ.ਐੱਚ.ਸੀ. ਕਲਾਨੌਰ ਵਿਖੇ 38 ਬੈੱਡ ਦੀ ਸਹੂਲਤ ਉਪਲੱਬਧ ਹੈ ਅਤੇ ਐਮਰਜੈਂਸੀ ਦੀ ਸਾਰੀ ਸਹੂਲਤ ਉਪਲੱਬਧ ਹੈ। ਇਸ ਤੋਂ ਇਲਾਵਾ ਡੇਰਾ ਬਾਬਾ ਨਾਨਕ ਹਸਪਤਾਲ ਵਿੱਚ ਵੀ 50 ਬੈੱਡ ਦੀ ਸਹੂਲਤ ਤੇ ਐਮਰਜੈਂਸੀ ਸਹੂਲਤਾਂ ਮੌਜੂਦ ਹਨ। ਉਨ੍ਹਾਂ ਦੱਸਿਆ ਕਿ ਬਲੱਡ ਬੈਂਕਾਂ ਵਿੱਚ ਲੋੜੀਂਦੀ ਮਾਤਰਾ ਵਿੱਚ ਖ਼ੂਨ ਦੀ ਉਪਲਬਧਤਾ ਮੌਜੂਦ ਹੈ। ਇਸ ਤੋਂ ਬਾਅਦ ਦੋਵਾਂ ਮੰਤਰੀ ਸਾਹਿਬਾਨ ਵੱਲੋਂ ਫਾਇਰ ਬ੍ਰਿਗੇਡ ਦਫ਼ਤਰ ਗੁਰਦਾਸਪੁਰ ਦਾ ਦੌਰਾ ਕਰਕੇ ਓਥੇ ਹੰਗਾਮੀ ਮੌਕੇ ਨਾਲ ਨਜਿੱਠਣ ਲਈ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ ਗਿਆ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਇਸ ਤੋਂ ਬਾਅਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਐਮਰਜੈਂਸੀ ਹਾਲਤਾਂ ਨਾਲ ਨਿਪਟਣ ਲਈ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਲੋਕਾਂ ਦੀ ਸੁਰੱਖਿਆ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਜ਼ਿਲ੍ਹੇ ਵਿੱਚ ਰਾਤ ਸਮੇਂ ਬਲੈਕ-ਆਊਟ ਜਾਰੀ ਹੈ ਅਤੇ ਲੋਕਾਂ ਨੂੰ ਕਿਸੇ ਵੀ ਹੰਗਾਮੀ ਹਾਲਤ ਤੋਂ ਬਚਣ ਲਈ ਮੌਕ ਡਰਿੱਲ ਕਰਵਾਈ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਹੋਰ ਤਿਆਰੀਆਂ ਬਾਰੇ ਵਿਸਥਾਰ ਵਿੱਚ ਦੱਸਿਆ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਪਣੀ ਕੈਬਨਿਟ ਦੇ ਸਾਥੀਆਂ ਦੀ ਵੱਖ-ਵੱਖ ਸਰਹੱਦੀ ਜ਼ਿਲ੍ਹਿਆਂ ਵਿੱਚ ਡਿਊਟੀ ਲਗਾਈ ਹੈ ਅਤੇ ਇਨ੍ਹਾਂ ਹਦਾਇਤਾਂ ਤਹਿਤ ਹੀ ਉਹ ਕਲਾਨੌਰ ਤੇ ਗੁਰਦਾਸਪੁਰ ਦੇ ਲੋਕਾਂ ਕੋਲ ਪਹੁੰਚੇ ਹਨ।

ਸ੍ਰੀ ਕਟਾਰੂਚੱਕ ਨੇ ਕਿਹਾ ਕਿ ਅੱਤਵਾਦ ਦੇ ਖ਼ਿਲਾਫ਼ ਇਸ ਲੜਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ ਅਤੇ ਸਾਨੂੰ ਸਾਡੀ ਭਾਰਤੀ ਫ਼ੌਜ ਅਤੇ ਆਪਣੇ ਵੀਰ ਜਵਾਨਾਂ `ਤੇ ਮਾਣ ਹੈ। ਉਨ੍ਹਾਂ ਕਿਹਾ ਕਿ 140 ਕਰੋੜ ਦੇਸ਼ ਵਾਸੀ ਭਾਰਤੀ ਫ਼ੌਜ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਬਹਾਦਰ ਲੋਕ ਹਮੇਸ਼ਾਂ ਹੀ ਜਵਾਨਾਂ ਦੀ ਹਿੰਮਤ ਅਤੇ ਹੌਸਲੇ ਲਈ ਦੇਸ਼ ਦੀ ਫ਼ੌਜ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇਸ ਯੁੱਧ ਦੀ ਸਥਿਤੀ ਮੌਕੇ ਵੀ ਸਰਹੱਦੀ ਖੇਤਰ ਦੇ ਵਾਸੀਆਂ ਦੇ ਜਜ਼ਬੇ ਨੂੰ ਸਲਾਮ ਹੈ ਜੋ ਭਾਰਤੀ ਫ਼ੌਜ ਦਾ ਸਾਥ ਦੇਣ ਲਈ ਹਮੇਸ਼ਾਂ ਦੀ ਵਾਂਗ ਤਿਆਰ ਬਰ ਤਿਆਰ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਆਪਣੀਆਂ ਨਾ-ਪਾਕ ਹਰਕਤਾਂ ਤੋਂ ਬਾਜ਼ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜੇ ਵੀ ਪਾਕਿਸਤਾਨ ਬਾਜ਼ ਨਾ ਆਇਆ ਤਾਂ ਭਾਰਤ ਵੱਲੋਂ ਇਸ ਦਾ ਮੂੰਹ ਤੋੜ ਜੁਆਬ ਦਿੱਤਾ ਜਾਵੇਗਾ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਸਥਾਨਿਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਕਿਸੇ ਵੀ ਹੰਗਾਮੀ ਸਥਿਤੀ ਦਾ ਸਾਹਮਣਾ ਕਰਨ ਲਈ ਪੰਜਾਬ ਸਰਕਾਰ ਦੀਆਂ ਪੂਰੀਆਂ ਤਿਆਰੀਆਂ ਹਨ ਅਤੇ ਸਾਰੀ ਸਰਕਾਰੀ ਮਸ਼ੀਨਰੀ ਨੂੰ ਅਲਰਟ ‘ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਾਰੀ ਸਥਿਤੀ ਉੱਪਰ ਖ਼ੁਦ ਨਜ਼ਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਪੂਰੀ ਤਰ੍ਹਾਂ ਤਿਆਰ ਹਨ ਅਤੇ ਇਸਦੇ ਨਾਲ ਹੀ ਫਾਇਰ ਬ੍ਰਿਗੇਡ ਸਮੇਤ ਸਾਰੀਆਂ ਐਮਰਜੈਂਸੀ ਸੇਵਾਵਾਂ ਵੀ ਪੂਰੀ ਤਰਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ ਸਰਕਾਰ ਇਸ ਔਖੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਖੜੀ ਹੈ।

Leave a Reply

Your email address will not be published. Required fields are marked *