ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸਹੀਦੀ ਦਿਵਸ ਮਨਾਉਣ ਦੀ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 19 ਮਈ (ਖ਼ਬਰ ਖਾਸ ਬਿਊਰੋ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਮੰਤਰੀ ਸਮੂਹ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸਹੀਦੀ ਦਿਵਸ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਸੂਬਾ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇੱਥੇ ਆਪਣੇ ਸਰਕਾਰੀ ਨਿਵਾਸ ਸਥਾਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸਹੀਦੀ ਦਿਵਸ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਲੜੀਵਾਰ ਸਮਾਗਮ ਕਰਵਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਗੁਰੂ ਸਾਹਿਬ ਦੇ ਜੀਵਨ ਅਤੇ ਫ਼ਲਸਫ਼ੇ ‘ਤੇ ਖੋਜ ਕਾਰਜਾਂ ਲਈ ਪੰਜਾਬੀ ਯੂਨੀਵਰਸਿਟੀ (ਪਟਿਆਲਾ) ਵਿੱਚ ਚੇਅਰ ਸਥਾਪਤ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਦੇ ਇਤਿਹਾਸ ਨੂੰ ਬਿਆਨਦਾ ਕਿਤਾਬਚਾ ਜਾਰੀ ਕਰਨ ਦੇ ਨਾਲ-ਨਾਲ ਗੁਰੂ ਸਾਹਿਬ ਦੀ ਬਾਣੀ ‘ਤੇ ਵੀ ਬੁੱਕਲੈੱਟ (ਕਿਤਾਬਚਾ) ਜਾਰੀ ਕੀਤੀ ਜਾਵੇਗੀ।

ਹੋਰ ਪੜ੍ਹੋ 👉  4.5 ਕਿਲੋਗ੍ਰਾਮ ਹੈਰੋਇਨ, 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ, ਦੋ ਗ੍ਰਿਫ਼ਤਾਰ

ਮੁੱਖ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਅੰਡਰ-17 ਫੁੱਟਬਾਲ ਟੂਰਨਾਮੈਂਟ ਦੇ ਨਾਲ-ਨਾਲ ਰਾਜ ਭਰ ਵਿੱਚ ਵਿਸਵ ਸਾਂਤੀ ਸੰਮੇਲਨ ਅਤੇ ਵਿਸਵ ਅੰਤਰ-ਧਰਮ ਸੰਮੇਲਨ ਕਰਵਾਉਣ ਦੀ ਵੀ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬੇਮਿਸਾਲ ਅਤੇ ਵਿਲੱਖਣ ਕੁਰਬਾਨੀ, ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸਾ ਪ੍ਰੇਰਨਾ ਸਰੋਤ ਰਹੇਗੀ, ਨੂੰ ਸਿਜਦਾ ਕਰਨ ਲਈ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿੱਚ ਸੈਮੀਨਾਰ ਵੀ ਕਰਵਾਏ ਜਾਣਗੇ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੇ ਨਾਲ-ਨਾਲ ਰਾਜ ਭਰ ਵਿੱਚ ਹੋਰ ਲੜੀਵਾਰ ਸਮਾਗਮਾਂ ਦਾ ਆਯੋਜਨ ਕੀਤਾ ਜਾਵੇਗਾ ਅਤੇ ਗੁਰੂ ਸਾਹਿਬ ਦੀਆਂ ਚਰਨ-ਛੋਹ ਪ੍ਰਾਪਤ ਥਾਵਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਖੇਡ, ਉਚੇਰੀ ਸਿੱਖਿਆ, ਸੈਰ-ਸਪਾਟਾ ਅਤੇ ਸੱਭਿਆਚਾਰ, ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਹੋਰਨਾਂ ਵਿਭਾਗਾਂ ਨਾਲ ਤਾਲਮੇਲ ਜ਼ਰੀਏ ਗੁਰੂ ਸਾਹਿਬ ਦੇ ਸ਼ਹੀਦੀ ਦਿਵਸ ਦੀ ਯਾਦ ਵਿੱਚ ਸੈਮੀਨਾਰ, ਕਾਨਫਰੰਸਾਂ, ਕੀਰਤਨ ਦਰਬਾਰ, ਲਾਈਟ ਐਂਡ ਸਾਊਂਡ ਸੋਅ, ਕਿਤਾਬਾਂ ਪ੍ਰਕਾਸ਼ਿਤ ਕਰਨ ਅਤੇ ਹੋਰ ਬਹੁਤ ਸਾਰੇ ਪ੍ਰੋਗਰਾਮ ਉਤਸਾਹ ਨਾਲ ਕਰਵਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ, ਜੋ ਵਿਸਵ ਭਰ ਵਿੱਚ ਮਨੁੱਖੀ ਅਧਿਕਾਰਾਂ ਦੇ ਪਹਿਲੇ ਸਮਰਥਕ ਸਨ, ਦੀ ਸ਼ਾਨਾਮੱਤੀ ਵਿਰਾਸਤ ਨੂੰ ਸਦੀਵੀ ਰੱਖਣ ਲਈ ਜੰਮੂ ਤੋਂ ਦਿੱਲੀ ਵਾਇਆ ਬਾਬਾ ਬਕਾਲਾ ਅਤੇ ਸ੍ਰੀ ਅਨੰਦਪੁਰ ਸਾਹਿਬ ਤੱਕ ਯਾਤਰਾ ਕੱਢੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਰੂਪਨਗਰ, ਮਾਨਸਾ, ਬਠਿੰਡਾ, ਪਟਿਆਲਾ, ਜਲੰਧਰ, ਸੰਗਰੂਰ, ਐਸਬੀਐਸ ਨਗਰ, ਤਰਨਤਾਰਨ, ਸ੍ਰੀ ਫਤਿਹਗੜ੍ਹ ਸਾਹਿਬ, ਬਰਨਾਲਾ, ਸ੍ਰੀ ਮੁਕਤਸਰ ਸਾਹਿਬ, ਅੰਮ੍ਰਿਤਸਰ, ਐਸ.ਏ.ਐਸ.ਨਗਰ ਸਮੇਤ ਜ਼ਿਲਿ੍ਹਆਂ ਵਿੱਚ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ 63 ਥਾਵਾਂ ’ਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦਿੱਤਾ ਜਾਵੇਗਾ।

ਹੋਰ ਪੜ੍ਹੋ 👉  ਗੁਰੂ ਸਾਹਿਬ ਦੇ ਸਤਾਬਦੀ ਸਮਾਗਮਾਂ ’ਚ ਲੋਕ ਸ਼ਾਮਲ ਹੋਣ, ਧਾਮੀ ਸਾਹਿਬ ਵਿਸ਼ੇਸ਼ ਧਿਰ ਦਾ ਆਗੂ ਨਾ ਬਣਨ -ਸੰਧਵਾਂ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਪਵਿੱਤਰ ਸਥਾਨਾਂ ਦੀ ਇਤਿਹਾਸਕ ਮਹੱਤਤਾ ਨੂੰ ਉਜਾਗਰ ਕਰਦਿਆਂ ਬਾਖੂਬੀ ਢੰਗ ਨਾਲ ਸਜਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਇਲਾਵਾ ਸੂਬਾ ਸਰਕਾਰ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਫਲਸਫੇ ‘ਤੇ ਯਾਦਗਾਰੀ ਡਾਕ ਟਿਕਟ ਜਾਰੀ ਕਰਨ ਲਈ ਭਾਰਤ ਸਰਕਾਰ ਨੂੰ ਅਪੀਲ ਵੀ ਕਰੇਗੀ। ਉਨ੍ਹਾਂ ਕਿਹਾ ਕਿ ਗੁਰੂ ਜੀ, ਜਿਨ੍ਹਾਂ ਨੂੰ ‘ਹਿੰਦ ਦੀ ਚਾਦਰ‘ ਵਜੋਂ ਜਾਣਿਆ ਜਾਂਦਾ ਹੈ, ਧਰਮ ਦੇ ਰਖਵਾਲੇ ਅਤੇ ਧਾਰਮਿਕ ਆਜਾਦੀ ਦੇ ਯੋਧੇ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੀ ਲੋਕਾਈ ਲਈ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਬੇਹੱਦ ਜਰੂਰੀ ਹੈ, ਜਿਸ ਨਾਲ ਫਿਰਕੂ ਸਦਭਾਵਨਾ, ਸਾਂਤੀ, ਕੌਮੀ ਏਕਤਾ ਅਤੇ ਆਪਸੀ ਸਹਿਯੋਗ ਦੇ ਬੰਧਨ ਮਜਬੂਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਹਿੰਦੂ ਧਰਮ ਨੂੰ ਮੁਗਲਾਂ ਦੇ ਜੁਲਮ ਤੋਂ ਬਚਾਉਣ ਲਈ ਧਰਮ ਦੀ ਰੱਖਿਆ ਵਾਸਤੇ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਭਲਾਈ ਲਈ ਅਨਿਆਂ, ਜੁਲਮ ਅਤੇ ਅੱਤਿਆਚਾਰ ਵਿਰੁੱਧ ਲੜਦਿਆਂ ਗੁਰੂ ਸਾਹਿਬ ਵੱਲੋਂ ਦਿੱਤੀ ਮਹਾਨ ਕੁਰਬਾਨੀ ਸਮੁੱਚੀ ਲੋਕਾਈ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹੀ ਹੈ।
———

ਹੋਰ ਪੜ੍ਹੋ 👉  ਸਰਕਾਰੀ ਸਕੂਲਾਂ ਦੇ 600 ਵਿਦਿਆਰਥੀਆਂ ਦੀ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪ ਵਿੱਚ ਜੇ.ਈ.ਈ ਅਤੇ ਨੀਟ ਕੋਚਿੰਗ ਲਈ ਚੋਣ

Leave a Reply

Your email address will not be published. Required fields are marked *