ਅੰਮ੍ਰਿਤਸਰ 21 ਮਈ, (ਖ਼ਬਰ ਖਾਸ ਬਿਊਰੋ)
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਅੱਜ ਬੁੱਧਵਾਰ ਸਵੇਰੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗੀ। ਇਹ ਅਟਕਲਾਂ ਲਾਈਆਂ ਜਾ ਰਹੀਆਂ ਹਨ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਪੇਸ਼ ਹੋ ਕੇ ਸਿੰਘ ਸਾਹਿਬ ਅੱਗੇ ਆਪਣਾ ਪੱਖ ਰੱਖ ਸਕਦੇ ਹਨ। ਅਕਾਲ ਤਖ਼ਤ ਸਾਹਿਬ ਨੇ ਸਿਖ ਸੰਗਤ ਨੂੰ ਗਿਆਨੀ ਰਣਜੀਤ ਸਿੰਘ ਢੱਡਰੀਆ ਵਾਲੇ ਦਾ ਕੋਈ ਦੀਵਾਨ ਨਾ ਲਗਾਉਣ ਦੇ ਹੁਕਮ ਜਾਰੀ ਕੀਤੇ ਹੋਏ ਹਨ। ਇਹ ਗੱਲ ਵੱਖਰੀ ਹੈ ਕਿ ਸਿਖ ਸੰਗਤ ਵਲੋਂ ਗਿਆਨੀ ਰਣਜੀਤ ਸਿੰਘ ਢੱਡਰੀਆ ਵਾਲੇ ਦੀਵਾਨ ਨਿਰੰਤਰ ਲਗਾਏ ਜਾ ਰਹੇ ਹਨ ਅਤੇ ਉਹ ਦੇਸ਼ ਵਿਦੇਸ਼ ਵਿਚ ਸਿੱਖੀ ਦਾ ਪ੍ਰਚਾਰ ਕਰ ਰਹੇ ਹਨ। ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਜਥੇਦਾਰ ਬਣਨ ਉਪਰੰਤ ਭਾਈ ਢੱਡਰੀਆਂ ਵਾਲਿਆਂ ਵਲੋਂ ਹਾਂ ਪੱਖੀ ਰਿਸਪਾਂਸ ਆਇਆ ਸੀ।
ਜਾਣਕਾਰੀ ਅਨੁਸਾਰ 8 ਅਪ੍ਰੈਲ ਨੂੰ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਵਿਚ ਲਏ ਗਏ ਫੈਸਲਿਆ ਅਨੁਸਾਰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਪੰਜ ਪਿਆਰੇ ਗੁਰਪੁਰਵਾਸੀ ਗਿਆਨੀ ਮਲਕੀਤ ਸਿੰਘ ਖੰਡੂਰ ਦਾ ਵਿਸ਼ੇਸ਼ ਸਨਮਾਨ ਸਮਾਗਮ ਵੀ ਹੋਵੇਗਾ।
ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹੋਣ ਵਾਲੇ ਸਮਾਗਮ ਵਿਚ ਗਿਆਨੀ ਹਰਪਾਲ ਸਿੰਘ ਅਤੇ ਗਿਆਨੀ ਮਲਕੀਤ ਸਿੰਘ ਖੰਡੂਰ ਦੀ ਧਰਮ ਪਤਨੀ ਬੀਬੀ ਹਰਜਿੰਦਰ ਕੌਰ ਦਾ ਵਿਸ਼ੇਸ਼ ਸਨਮਾਨ ਕਰਨਗੇ।