ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ

ਦਿੜ੍ਹਬਾ, 1 ਜੂਨ (ਖ਼ਬਰ ਖਾਸ ਬਿਊਰੋ)

ਹਲਕਾ ਦਿੜ੍ਹਬਾ ਵਿੱਚ ਅੱਜ ਉਦੋਂ ਵਿਕਾਸ ਦੀ ਲਹਿਰ ਦੇਖਣ ਨੂੰ ਮਿਲੀ ਜਦੋਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਲਗਭਗ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਿਆ। ਇਸੇ ਤਰ੍ਹਾਂ ਉਨ੍ਹਾਂ ਹਲਕੇ ਦੇ ਪਿੰਡ ਜਨਾਲ ਵਿੱਚ ਵੀ ਲਗਭਗ 2.20 ਕਰੋੜ ਰੁਪਏ ਦੀ ਲਾਗਤ ਵਾਲੇ 17 ਕਿਲੋਮੀਟਰ ਲੰਬੇ ਨਹਿਰੀ ਪਾਣੀ ਪਾਈਪਲਾਈਨ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ।

ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਣ ਪਿੱਛੋਂ ਕੈਬਨਿਟ ਮੰਤਰੀ ਨੇ ਦੱਸਿਆ ਕਿ 500 ਵਿਅਕਤੀਆਂ ਦੀ ਸਮਰੱਥਾ ਵਾਲੇ ਇਸ ਕਮਿਊਨਿਟੀ ਹਾਲ ਦਾ ਕੰਮ 6 ਮਹੀਨਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਲੜੀ ਤਹਿਤ ਹਲਕੇ ਵਿੱਚ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ ਅਤੇ ਲੋਕਾਂ ਦੀਆਂ ਸਾਰੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਣਾ ਯਕੀਨੀ ਬਣਾਇਆ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਕਮਿਊਨਿਟੀ ਹਾਲ ਦੇ ਬਣਨ ਨਾਲ ਦਿੜ੍ਹਬਾ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਅਤੇ ਗਰੀਬ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋ ਜਾਵੇਗੀ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

ਕੈਬਨਿਟ ਮੰਤਰੀ ਨੇ ਜੋਰ ਦੇ ਕੇ ਕਿਹਾ ਕਿ ਇਸ ਹਾਲ ਦਾ ਵੱਡੀ ਗਿਣਤੀ ਲੋਕਾਂ ਨੂੰ ਫਾਇਦਾ ਹੋਵੇਗਾ, ਖਾਸਕਰ ਕੇ ਗ਼ਰੀਬ ਤੇ ਮੱਧਵਰਗੀ ਪਰਿਵਾਰ ਆਪਣੇ ਖੁਸ਼ੀ ਤੇ ਗਮੀ ਸਬੰਧੀ ਸਮਾਗਮ ਬਹੁਤ ਸੌਖਿਆਂ ਇੱਥੇ ਕਰ ਸਕਣਗੇ। ਉਨ੍ਹਾਂ ਕਿਹਾ ਕਿ ਗਰੀਬ ਤੇ ਮੱਧ ਵਰਗੀ ਪਰਿਵਾਰ ਜਦੋਂ ਆਪਣੇ ਸਮਾਗਮ ਕਰਜ਼ਾ ਚੁੱਕ ਕੇ ਮਹਿੰਗੇ ਪੈਲੇਸਾਂ ਵਿੱਚ ਕਰਦੇ ਹਨ ਤਾਂ ਕਰਜ਼ੇ ਦੇ ਬੋਝ ਹੇਠ ਦੱਬੇ ਜਾਂਦੇ ਹਨ ਤੇ ਕਈ-ਕਈ ਸਾਲ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਨਹੀਂ ਹੁੰਦੀਆਂ, ਪਰ ਇਹ ਕਮਿਊਨਿਟੀ ਹਾਲ ਲੋਕਾਂ ਲਈ ਮਦਦਗਾਰ ਸਿੱਧ ਹੋਵੇਗਾ ਤੇ ਉਨ੍ਹਾਂ ਨੂੰ ਕਰਜ਼ੇ ਤੋਂ ਵੀ ਬਚਾਏਗਾ। ਸ. ਚੀਮਾ ਨੇ ਇਹ ਵੀ ਦੱਸਿਆ ਕਿ ਦਿੜ੍ਹਬਾ ਵਿਖੇ ਗੁਰਦੁਆਰਾ ਸਾਹਿਬ ਵਾਲੇ ਤਿੰਨ ਗੇਟਾਂ ਸਬੰਧੀ ਪੈਸੇ ਜਾਰੀ ਕਰ ਦਿੱਤੇ ਗਏ ਹਨ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਹਰੇਕ ਖੇਤ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੇ ਕੀਤੇ ਜਾ ਰਹੇ ਪੰਜਾਬ ਸਰਕਾਰ ਦੇ ਉਪਰਾਲਿਆਂ ਤਹਿਤ ਵਿਧਾਨ ਸਭਾ ਹਲਕਾ, ਦਿੜ੍ਹਬਾ ਦੇ ਪਿੰਡ ਜਨਾਲ ਵਿਖੇ ਕਰੀਬ 2 ਕਰੋੜ 20 ਲੱਖ ਰੁਪਏ ਦੀ ਲਾਗਤ ਪਾਈ ਜਾਣ ਵਾਲੀ 17 ਕਿਲੋਮੀਟਰ ਲੰਬੀ ਨਹਿਰੀ ਪਾਣੀ ਦੀ ਪਾਈਪ ਲਾਈਨ ਦਾ ਨੀਂਹ ਪੱਥਰ ਵੀ ਰੱਖਿਆ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਸ. ਚੀਮਾ ਨੇ ਕਿਹਾ ਕਿ ਇਸ ਪਾਈਪ ਲਾਈਨ ਦੇ ਮੁਕੰਮਲ ਹੋਣ ਨਾਲ ਕਰੀਬ 850 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਪੰਜਾਬ ਦੇ ਨਹਿਰੀ ਪਾਣੀ ਦੀ ਇਕ-ਇਕ ਬੂੰਦ ਕਿਸਾਨਾਂ ਦੇ ਖੇਤਾਂ ਤੱਕ ਪੁੱਜਦੀ ਕੀਤੀ ਜਾਵੇ। ਇਸ ਸਦਕਾ ਜਿੱਥੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ, ਉੱਥੇ ਕਿਸਾਨਾਂ ਦੇ ਪੈਸੇ ਦੀ ਬੱਚਤ ਹੋਵੇਗੀ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੋਵੇਗਾ।

ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਹਲਕੇ ਦੇ ਵੱਡੀ ਗਿਣਤੀ ਪਿੰਡਾਂ ਵਿੱਚ ਨਹਿਰੀ ਪਾਣੀ ਦੀਆਂ ਪਾਈਪਲਾਈਨਾਂ ਪਾਉਣ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ, ਜਿਸ ਨਾਲ ਹਲਕਾ ਦਿੜ੍ਹਬਾ ਦੇ ਵੱਡੇ ਖੇਤਰ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ ਅਤੇ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਘਟੇਗੀ। ਧਰਤੀ ਹੇਠਲਾ ਪਾਣੀ ਬਚਾਉਣ ਦੇ ਮੱਦੇਨਜ਼ਰ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ। ਹਲਕੇ ਵਿੱਚ ਸਿੱਧੀ ਬਿਜਾਈ ਵਾਲੇ ਖੇਤਰ ਵਿੱਚ ਪਿਛਲੇ ਸਾਲ ਵੀ ਵਾਧਾ ਹੋਇਆ ਸੀ ਤੇ ਇਸ ਸਾਲ ਹੋਰ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਕੋਲ ਪਾਣੀ ਹੀ ਨਾ ਬਚਿਆ ਤਾਂ ਸੂਬੇ ਵਿੱਚ ਖੇਤੀ ਕਰਨੀ ਸੰਭਵ ਹੀ ਨਹੀਂ ਹੋਣੀ। ਸਰਕਾਰ ਵੱਲੋਂ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਸਹਾਈ ਸਿੱਧ ਹੋਣਗੇ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਕੈਬਨਿਟ ਮੰਤਰੀ ਨੇ ਕਿਹਾ ਕਿ ਹਲਕਾ ਦਿੜ੍ਹਬਾ ਦੇ ਪਿੰਡਾਂ ਦੇ ਵਿਕਾਸ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਉਹ ਤਨਦੇਹੀ ਨਾਲ ਕੰਮ ਕਰਦੇ ਹੋਏ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਨੂੰ ਆਪਣੀ ਨਿਗਰਾਨੀ ਹੇਠ ਪੂਰਾ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਦਿੜ੍ਹਬਾ ਸੂਬੇ ਭਰ ਵਿੱਚ ਮਿਸਾਲ ਬਣ ਕੇ ਉੱਭਰ ਰਿਹਾ ਹੈ।

ਇਸ ਮੌਕੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ, ਨਗਰ ਪੰਚਾਇਤ ਦਿੜ੍ਹਬਾ ਦੇ ਪ੍ਰਧਾਨ ਮਨਿੰਦਰ ਸਿੰਘ, ਐੱਸ.ਡੀ.ਐੱਮ. ਦਿੜ੍ਹਬਾ ਰਾਜੇਸ਼ ਕੁਮਾਰ ਸ਼ਰਮਾ, ਡੀ.ਐਸ.ਪੀ. ਦਿੜ੍ਹਬਾ ਡਾ. ਰੁਪਿੰਦਰ ਕੌਰ ਬਾਜਵਾ, ਐਸ.ਡੀ.ਓ. ਲੋਕ ਨਿਰਮਾਣ ਦਲਜੀਤ ਸਿੰਘ, ਜੇ. ਈ. ਜੀਵਨਜੋਤ ਸਿੰਘ, ਅਜੈ ਸਿੰਗਲਾ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਸੁਨੀਲ ਬਾਂਸਲ, ਮੰਗਤ ਰਾਏ (ਸ਼ੈਲਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ), ਸਮੂਹ ਕੌਂਸਲਰ, ਹਰਪ੍ਰੀਤ ਸਿੰਘ ਸਰਪੰਚ, ਮਨਦੀਪ ਸਿੰਘ, ਗੁਰਤੇਜ ਸਿੰਘ, ਰਾਜ ਸਿੰਘ, ਨਵਦੀਪ ਕੌਰ, ਹਰਬਿਆਸ ਸਿੰਘ, ਹਰਪ੍ਰੀਤ ਕੌਰ, ਹਰਪਿੰਦਰ ਕੌਰ, ਸਿਮਰਜੀਤ ਸਿੰਘ, ਹਰਬੰਸ ਕੌਰ (ਸਾਰੇ ਪੰਚਾਇਤ ਮੈਂਬਰ) ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *