ਚੰਡੀਗੜ੍ਹ, 2 ਜੂਨ (ਖਬਰ ਖਾਸ ਬਿਊਰੋ)
ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਜਿਸਨੇ ਪੰਜਾਬ ਦੇ ਕਿਸਾਨਾਂ ਨੂੰ ਉਹਨਾਂ ਦੀਆਂ 23 ਫਸਲਾਂ ਲਈ ਐਮ ਐਸ ਪੀ ਦੇਣ ਦੇ ਵਾਅਦੇ ਕੀਤੇ, ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਉਹਨਾਂ ਦੀਆਂ ਜ਼ਮੀਨਾਂ ਹਥਿਆਉਣਾ ਚਾਹੁੰਦੀ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਰਸ਼ਦੀਪ ਸਿੰਘ ਕਲੇਰ ਨੇਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਆਪ ਸਰਕਾਰ ਨੇ ਇਕ ਨਵੀਂ ਨੀਤੀ ਲਿਆਂਦੀ ਹੈ ਜਿਸ ਤਹਿਤ ਉਹ ਖੇਤੀਬਾੜੀ ਖੇਤਰ ਦੀ ਜ਼ਮੀਨ ਐਕਵਾਇਰ ਕਰ ਕੇ ਇਸਨੂੰ ਬਿਲਡਰਾਂ ਤੇ ਡਵੈਲਪਰਾਂ ਨੂੰ ਵੇਚ ਦੇਵੇਗੀ। ਉਹਨਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਸੋਧੀ ਗਈ ਲੈਂਡ ਪੂਲਿੰਗ ਨੀਤੀ ਦਾ ਲਾਭ ਉਹਨਾਂ ਵਪਾਰੀਆਂ ਨੂੰ ਮਿਲੇਗਾ ਜੋ ਦੇਸ਼ ਦੇ ਅੰਨ ਭੰਡਾਰ ਨੂੰ ਭਰਨ ਵਾਲੇ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ’ਤੇ ਕਲੋਨੀਆਂ ਕੱਟਣੀਆਂ ਚਾਹੁੰਦੇ ਹਨ। ਉਹਨਾਂ ਕਿਹਾ ਕਿ ਨਵੀਂ ਨੀਤੀ ਤਹਿਤ ਅਖੀਰ ਵਿਚ ਸਭ ਤੋਂ ਵੱਡਾ ਨੁਕਸਾਨ ਕਿਸਾਨਾਂ ਦਾ ਹੀ ਹੋਵੇਗਾ।
ਉਹਨਾਂ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਵੇਲੇ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਦਾ ਸਭ ਤੋਂ ਵੱਡਾ ਲਾਭ ਕਿਸਾਨਾਂ ਨੂੰ ਹੋਇਆ ਸੀ ਜਿਸ ਸਦਕਾ ਇਹ ਯਕੀਨੀ ਬਣਾਇਆ ਗਿਆ ਸੀ ਕਿ ਉਹਨਾਂ ਦੀ ਜ਼ਮੀਨ ਐਕਵਾਇਰ ਕਰਨ ਵੇਲੇਨਾ ਸਿਰਫ ਉਹਨਾਂ ਨੂੰ ਵਾਜਬ ਮੁੱਲ ਮਿਲੇ ਬਲਕਿ ਕਿਸਾਨਾਂ ਦਾ ਭਵਿੱਖ ਵੀ ਸੁਰੱਖਿਅਤ ਰਹੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਮੌਜੂਦਾ ਆਪ ਸਰਕਾਰ ਜਿਸਨੇ ਕਿਸਾਨਾਂ ਨੂੰ ਵੱਡੇ-ਵੱਡੇ ਵਾਅਦੇ ਕੀਤੇ ਸਨ, ਹੁਣ ਕੌਡੀਆਂ ਦੇ ਭਾਅ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਕਰਨਾ ਚਾਹੁੰਦੀ ਹੈ।
ਉਹਨਾਂ ਕਿਹਾ ਕਿ ਇਸ ਸੰਕਟ ਦੇ ਵੇਲੇ ਵਿਚ ਅਕਾਲੀ ਦਲ ਕਿਸਾਨਾਂ ਦੇ ਨਾਲ ਖਲੋਤਾ ਹੈ ਅਤੇ ਯਕੀਨੀ ਬਣਾਵੇਗਾ ਕਿ ਉਹਨਾਂ ਦੀਆਂ ਜ਼ਮੀਨਾਂ ਧੱਕੇ ਨਾਲ ਉਹਨਾਂ ਤੋਂ ਨਾ ਖੋਹੀਆਂ ਜਾਣ।