ਸਾਬਕਾ ਮੰਤਰੀ ਸੋਹਣ ਸਿੰਘ ਠੰਢਲ ਮੁੜ ਅਕਾਲੀ ਦਲ ’ਚ ਸ਼ਾਮਲ

ਲੁਧਿਆਣਾ, 5 ਜੂਨ (ਖ਼ਬਰ ਖਾਸ ਬਿਊਰੋ)

ਸ੍ਰੋਮਣੀ ਅਕਾਲੀ ਦਲ ਨੂੰ ਦੋਆਬਾ ਇਲਾਕੇ ਅਤੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿਚ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਸਾਬਕਾ ਮੰਤਰੀ ਸਰਦਾਰ ਸੋਹਣ ਸਿੰਘ ਠੰਢਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ।

ਸਰਦਾਰ ਠੰਢਲ ਨੂੰ ਮੁੜ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਲੋਕ ਇਹ ਮਹਿਸੂਸ ਕਰ ਰਹੇ ਹਨ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਆਮ ਆਦਮੀ ਪਾਰਟੀ (ਆਪ) ਸਰਕਾਰ ਵੇਲੇ ਚਲ ਰਹੇ ਵਿਆਪਕ ਭ੍ਰਿਸ਼ਟਾਚਾਰ ਤੇ ਗੈਂਗਸਟਰਵਾਦ ਨਾਲ ਨਜਿੱਠ ਸਕਦਾ ਹੈ ਤੇ ਮੁੜ ਸੂਬੇ ਨੂੰ ਸ਼ਾਂਤੀ ਤੇ ਵਿਕਾਸ ਦੇ ਰਾਹ ’ਤੇ ਲੈ ਕੇ ਜਾ ਸਕਦਾ ਹੈ। ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਸਰਦਾਰ ਠੰਢਲ ਨੇ ਮੁੜ ਪਾਰਟੀ ਵਿਚ ਵਾਪਸੀ ਦਾ ਫੈਸਲਾ ਕੀਤਾ ਹੈ ਅਤੇ ਇਹੀ ਕਾਰਣ ਹੈ ਕਿ ਆਉਂਦੇ ਦਿਨਾਂ ਵਿਚ ਹੋਰ ਸਿਆਸੀ ਪਾਰਟੀਆਂ ਦੇ ਆਗੂ ਵੀ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣਗੇ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਇਸ ਮੌਕੇ ਸੰਬੋਧਨ ਕਰਦਿਆਂ ਸਰਦਾਰ ਸੋਹਣ ਸਿੰਘ ਠੰਢਲ ਨੇ ਕਿਹਾ ਕਿ ਉਹਨਾਂ ਆਪਣੇ ਹਲਕੇ ਦੇ ਕੁਝ ਮਸਲਿਆਂ ਕਾਰਣ ਪਾਰਟੀ ਛੱਡੀ ਸੀ ਪਰ ਦਿਲੋਂ ਮੈਂ ਹਮੇਸ਼ਾ ਅਕਾਲੀ ਦਲ ਦੇ ਨੇੜੇ ਰਿਹਾ। ਉਹਨਾਂ ਕਿਹਾ ਕਿ ਮੈਂ ਕਦੇ ਵੀ ਅਕਾਲੀ ਦਲ ਦੀ ਨਿੰਦਾ ਨਹੀਂ ਕੀਤੀ ਅਤੇ ਪਾਰਟੀ ਨੇ ਵੀ ਮੈਨੂੰ ਹਮੇਸ਼ਾ ਮਾਣ ਸਤਿਕਾਰ ਦਿੱਤਾ।

ਉਹਨਾਂ ਕਿਹਾ ਕਿ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿਚ ਆਪ ਸਰਕਾਰ ਨੂੰ ਮੂੰਹ ਤੋੜ ਜਵਾਬ ਦੇਣ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਸਰਦਾਰ ਪਰਉਪਕਾਰ ਸਿੰਘ ਘੁੰਮਣ ਸਭ ਤੋਂ ਚੰਗੇ ਉਮੀਦਵਾਰ ਹਨ ਤੇ ਉਹਨਾਂ ਨੂੰ ਵਿਸ਼ਵਾਸ ਹੈ ਕਿ ਲੋਕ ਦਿਲੋਂ ਉਹਨਾਂ ਦੀ ਹਮਾਇਤ ਕਰਨਗੇ।

ਇਸ ਤੋਂ ਪਹਿਲਾਂ ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਆਪ ਸਰਕਾਰ ਨੇ ਕਿਵੇਂ ਪੰਜਾਬ ਨੂੰ ਬਰਬਾਦ ਕੀਤਾ। ਉਹਨਾਂ ਕਿਹਾ ਕਿ ਸੂਬੇ ਵਿਚ ਅਸੁਰੱਖਿਆ ਦੀ ਭਾਵਨਾ ਹੈ ਤੇ ਰੋਜ਼ਾਨਾ ਕਤਲੇਆਮ ਹੋ ਰਹੇ ਹਨ ਤੇ ਫਿਰੌਤੀਆਂ ਵਸੂਲੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਲੁਧਿਆਣਾ ਦੇ ਲੋਕਾਂ ਨੇ ਵੀ ਵੇਖਿਆ ਹੈ ਕਿ ਕਿਵੇਂ ਪਿਛਲੇ 8 ਸਾਲਾਂ ਵਿਚ ਕਾਂਗਰਸ ਤੇ ਆਪ ਸਰਕਾਰਾਂ ਦੇ ਰਾਜ ਵਿਚ ਵਿਕਾਸ ਕਾਰਜ ਠੱਪ ਹੋ ਗਏ ਹਨ। ਉਹਨਾਂ ਕਿਹਾ ਕਿ ਕਿਸਾਨਾਂ ਵਿਚ ਵੀ ਰੋਸ ਹੈ ਕਿ ਆਪ ਸਰਕਾਰ ਜ਼ਬਰੀ ਉਹਨਾਂ ਕੋਲੋਂ 24 ਹਜ਼ਾਰ ਏਕੜ ਜ਼ਮੀਨ ਐਕਵਾਇਰ ਕਰਨਾ ਚਾਹੁੰਦੀ ਹੈ ਤੇ ਇਸਦਾ ਮਕਸਦ ਸਿਰਫ ਆਪ ਦੇ ਖ਼ਜ਼ਾਨੇ ਭਰਨਾ ਹੈ। ਉਹਨਾਂ ਕਿਹਾ ਕਿ ਅਸੀਂ ਇਕ ਇੰਚ ਵੀ ਜ਼ਮੀਨ ਐਕਵਾਇਰ ਨਹੀਂ ਕਰਨ ਦਿਆਂਗੇ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਨੂੰ ਮਜ਼ਬੂਤ ਕਰਨ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੀ ਵਾਗਡੋਰ ਅਰਵਿੰਦ ਕੇਜਰੀਵਾਲ ਤੇ ਉਸਦੀ ਜੁੰਡਲੀ ਹੱਥ ਸੌਂਪਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਪੰਜਾਬ ਵਿਚ ਅਜਿਹਾ ਪਹਿਲਾਂ ਕਦੇ ਵੇਖਣ ਨੂੰ ਨਹੀਂ ਮਿਲਿਆ ਕਿ ਇੰਨਾ ਮੁੱਖ ਮੰਤਰੀ ਹੋਵੇ ਜੋ ਆਪਣੇ ਅਹੁਦਿਆਂ ਦੀਆਂ ਸਹੂਲਤਾਂ ਲੈ ਕੇ ਹੀ ਖੁਸ਼ ਹੈ ਤੇ ਉਸਨੇ ਸੂਬੇ ਦੀ ਸੱਤਾ ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਨੂੰ ਸੌਂਪ ਦਿੱਤੀ ਹੈ। ਉਹਨਾਂ ਕਿਹਾ ਕਿ ਇਹ ਮੁੱਖ ਮੰਤਰੀ ਖਿਲਾਫ ਕਾਰਵਾਈ ਦਾ ਢੁਕਵਾਂ ਕੇਸ ਬਣਦਾ ਹੈ ਕਿਉਂਕਿ ਉਹਨਾਂ ਨੇ ਦਿੱਲੀ ਦੀ ਜੁੰਡਲੀ ਨੂੰ ਸਰਕਾਰੀ ਫਾਈਲਾਂ ਦੇ ਕੇ ਚੁੱਕੇ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਦੀ ਉਲੰਘਣਾ ਕੀਤੀ ਹੈ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਸਰਦਾਰ ਬਾਦਲ ਨੇ ਲੁਧਿਆਣਾ ਪੱਛਮੀ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਲੀਹਾਂ ਤੋਂ ਉਪਰ ਉਠ ਕੇ ਸਰਦਾਰ ਪਰਉਪਕਾਰ ਸਿੰਘ ਘੁੰਮਣ ਦੀ ਉਮੀਦਵਾਰੀ ਦੀ ਹਮਾਇਤ ਕਰਨ। ਉਹਨਾਂ ਕਿਹਾ ਕਿ ਸਰਕਾਰ ਘੁੰਮਣ ਦੀ ਚੋਣ ਸਦਕਾ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਰਾਹ ਪੱਧਰਾ ਹੋਵੇਗਾ ਤੇ ਸੂਬੇ ਨੂੰ ਮੁੜ ਵਿਕਾਸ ਦੀ ਲੀਹ ’ਤੇ ਪਾਇਆ ਜਾ ਸਕੇਗਾ। ਇਸ ਨਾਲ ਗੈਂਗਸਟਰਵਾਦ ਅਤੇ ਫਿਰੌਤੀਆਂ ਵਸੂਲਣ ਦਾ ਕੰਮ ਵੀ ਬੰਦ ਹੋ ਜਾਵੇਗਾ।

ਇਸ ਮੌਕੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਮਹੇਸ਼ਇੰਦਰ ਸਿੰਘ ਗਰੇਵਾਲ, ਭੁਪਿੰਦਰ ਸਿੰਘ ਭਿੰਦਾ,ਸ਼ਰਨਜੀਤ ਢਿੱਲੋਂ, ਰਣਜੀਤ ਢਿੱਲੋਂ, ਪਰਉਪਕਾਰ ਸਿੰਘ ਘੁੰਮਣ, ਵੀ ਹਾਜ਼ਰ ਸਨ।

ਬਾਅਦ ਵਿਚ ਪਾਰਟੀ ਪ੍ਰਧਾਨ ਨੇ ਪਾਰਟੀ ਵਰਕਰਾਂ ਨਾਲ ਬੂਥ ਵਾਈਜ਼ ਮੀਟਿੰਗਾਂ ਕੀਤੀਆਂ ਅਤੇ ਚੋਣ ਪ੍ਰਚਾਰ ਮੁਹਿੰਮ ਦੀ ਸਮੀਖਿਆ ਕੀਤੀ।

Leave a Reply

Your email address will not be published. Required fields are marked *