ਚੰਡੀਗੜ੍ਹ, 13 ਜੂਨ (ਖ਼ਬਰ ਖਾਸ ਬਿਊਰੋ)
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਘਰੇਲੂ, ਖੇਤੀ ਅਤੇ ਉਦਯੋਗਿਕ ਖੇਤਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਖੋਖਲੇ ਦਾਅਵੇ ਕਰਨ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਬਿਜਲੀ ਦੇ ਅਣਐਲਾਨੇ ਲੰਬੇ ਕੱਟ ਖਪਤਕਾਰਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ ਜਦਕਿ ‘ਆਪ’ ਸਰਕਾਰ ਅਜੇ ਵੀ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਖੋਖਲੇ ਦਾਅਵੇ ਕਰਨ ਤੋਂ ਗੁਰੇਜ਼ ਨਹੀਂ ਕਰਦੀ। ਬਾਜਵਾ ਨੇ ਕਿਹਾ ਕਿ ਸੂਬੇ ਦੇ ਜ਼ਿਆਦਾਤਰ ਹਿੱਸਿਆਂ ‘ਚ ਝੋਨੇ ਦੀ ਲਵਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਵਾਰ-ਵਾਰ ਬਿਜਲੀ ਬੰਦ ਹੋਣ ਕਾਰਨ ਕਿਸਾਨ ਭਾਰੀ ਦਬਾਅ ‘ਚ ਹਨ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਸੂਬੇ ਦੇ ਕੁਝ ਹਿੱਸਿਆਂ ਵਿੱਚ ਤਾਪਮਾਨ ਪਹਿਲਾਂ ਹੀ 44 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਕੁਝ ਖ਼ਬਰਾਂ ਦੱਸਦੀਆਂ ਹਨ ਕਿ ਮੋਹਾਲੀ ਵਰਗੇ ਪੰਜਾਬ ਦੇ ਵੱਡੇ ਸ਼ਹਿਰਾਂ ਦੇ ਵਸਨੀਕਾਂ ਦੀ ਵਾਰ-ਵਾਰ ਲੋਡ ਸ਼ੈਡਿੰਗ ਕਾਰਨ ਰਾਤ ਦੀ ਨੀਂਦ ਅਤੇ ਦਿਨ ਦਾ ਚੈਨ ਗ਼ਾਇਬ ਹੋ ਗਿਆ ਹੈ। ਛੋਟੇ ਕਸਬਿਆਂ ਅਤੇ ਪੇਂਡੂ ਖੇਤਰਾਂ ਵਿੱਚ ਸਥਿਤੀ ਹੋਰ ਵੀ ਬਦਤਰ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ‘ਆਪ’ ਸਰਕਾਰ ਕਾਰਨ ਪੈਦਾ ਹੋਈ ਆਰਥਿਕ ਗੜਬੜੀ ਕਾਰਨ ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਹੈ। ਪੀ.ਐਸ.ਪੀ.ਸੀ.ਐਲ. ਨੇ ਲੋੜੀਂਦੇ ਮਿਆਰ ਅਨੁਸਾਰ ਮੁਰੰਮਤ ਦਾ ਕੰਮ ਨਹੀਂ ਕੀਤਾ ਹੈ। ਇਸ ਤੋਂ ਇਲਾਵਾ ਮੁਰੰਮਤ ਦੇ ਕੰਮ ਲਈ ਕਰਮਚਾਰੀਆਂ ਦੀ ਕਾਫ਼ੀ ਘਾਟ ਹੈ।
ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਉਨ੍ਹਾਂ ਸਾਰੇ ਖੇਤਰਾਂ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ ਜਿਨ੍ਹਾਂ ਵਿੱਚ ਸੁਧਾਰ ਕਰਨ ਦਾ ਵਾਅਦਾ ਕੀਤਾ ਗਿਆ ਸੀ। ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਦੇ ਅਣਗਹਿਲੀ ਅਤੇ ਉਦਾਸੀਨ ਰਵੱਈਏ ਕਾਰਨ ਪੰਜਾਬ ਦੇ ਲੋਕ ਦੁਖੀ ਹਨ।