ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

ਚੰਡੀਗੜ੍ਹ 13 ਜੂਨ (ਖ਼ਬਰ ਖਾਸ ਬਿਊਰੋ)
ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਐਸ.ਡੀ.ਐਮ. ਦਫ਼ਤਰ, ਜ਼ਿਲ੍ਹਾ ਰਾਏਕੋਟ, ਲੁਧਿਆਣਾ ਵਿਖੇ ਤਾਇਨਾਤ ਸਟੈਨੋ ਜਤਿੰਦਰ ਸਿੰਘ ਨੂੰ 24,06,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਸੁਖਾਣਾ, ਤਹਿਸੀਲ ਰਾਏਕੋਟ, ਜ਼ਿਲ੍ਹਾ ਲੁਧਿਆਣਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਹੋਰ ਪੜ੍ਹੋ 👉  ਜੈਨ ਨੇ ਕਿਹਾ ਕਿਸਾਨਾਂ ਨੂੰ ਸਮਝਾਓ ਤਾਂ ਆਪ ਦੇ ਵਿਧਾਇਕ ਬੋਲੇ, ਸਾਨੂੰ ਲੈਂਡ ਪੂਲਿੰਗ ਦੀ ਜਾਣਕਾਰੀ ਨਹੀਂ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਐਸ.ਡੀ.ਐਮ. ਰਾਏਕੋਟ ਅਤੇ ਉਸ ਦਾ ਸਟੈਨੋ ਜਤਿੰਦਰ ਸਿੰਘ, ਵਾਸੀ  ਪਿੰਡ ਨੂਰਪੁਰਾ, ਤਹਿਸੀਲ ਜਗਰਾਉਂ, ਆਮ ਲੋਕਾਂ ਦੇ ਸਰਕਾਰੀ ਕੰਮ ਕਰਨ ਬਦਲੇ ਲੋਕਾਂ ਤੋਂ ਮੋਟੀ ਰਕਮ ਵਸੂਲ ਰਹੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਸਟੈਨੋ ਜਤਿੰਦਰ ਸਿੰਘ ਤੋਂ ਪੁੱਛਗਿੱਛ ਕੀਤੀ ਅਤੇ ਉਸ ਦੇ ਦਫ਼ਤਰ ਦੀ ਤਲਾਸ਼ੀ ਦੌਰਾਨ ਇੱਕ ਅਲਮਾਰੀ ‘ਚੋਂ 24 ਲੱਖ 6 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਹੋਈ। ਮੁਲਜ਼ਮ ਇਸ ਨਕਦੀ ਦੇ ਵੇਰਵੇ ਦੱਸਣ ਵਿੱਚ ਅਸਫ਼ਲ ਰਿਹਾ ਅਤੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ।ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਹੋਰ ਪੜ੍ਹੋ 👉  ਗੁਰੂਆਂ ਦੀ ਸੋਚ ਦੇ ਅਧਾਰ 'ਤੇ ਲੋਕਾਂ ਦੀ ਲਾਮਬੰਦੀ ਆਖਰੀ ਸਾਹ ਤੱਕ ਜਾਰੀ ਰਹੇਗੀ - ਗੜ੍ਹੀ

Leave a Reply

Your email address will not be published. Required fields are marked *