ਚੰਡੀਗੜ੍ਹ 31 ਜੁਲਾਈ (ਖ਼ਬਰ ਖਾਸ ਬਿਊਰੋ)
ਵਿਧਾਇਕ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਪਦਮਸ਼੍ਰੀ ਪਰਗਟ ਸਿੰਘ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਸਮਾਗਮ ਲਈ ਬੇਰੁਜ਼ਗਾਰ ਨੌਜਵਾਨਾਂ ਨੂੰ ਘਰਾਂ ਤੋਂ ਚੁੱਕ ਕੇ ਗ੍ਰਿਫ਼ਤਾਰ ਕਰਨ ਅਤੇ ਹਿਰਾਸਤ ਵਿੱਚ ਲੈਣ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਦਾ ਅਸਲੀ ਚਿਹਰਾ ਹੈ। ਵਿਰੋਧ ਪ੍ਰਦਰਸ਼ਨ ਤੋਂ ਪੈਦਾ ਹੋਈ ਪਾਰਟੀ ਹੁਣ ਸੱਤਾ ਵਿੱਚ ਆਉਣ ਤੋਂ ਬਾਅਦ ਪੁਲਿਸ ਦੀ ਪੂਰੀ ਤਰ੍ਹਾਂ ਦੁਰਵਰਤੋਂ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਣਾ ਚਾਹੀਦਾ ਹੈ ਕਿ ਕੀ ਇਹ ਲੋਕਤੰਤਰ ਹੈ? ਕੀ ਇਹੀ ਬਦਲਾਅ ਹੈ?
ਪਰਗਟ ਸਿੰਘ ਨੇ ਕਿਹਾ ਕਿ ਇਨ੍ਹਾਂ ਬੀ.ਐੱਡ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਇਸ ਲਈ ਚੁੱਕਿਆ ਗਿਆ ਕਿਉਂਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸੁਨਾਮ ਆਉਣ ਵਾਲੇ ਸਨ।
ਸ਼ਹੀਦਾਂ ਦੀ ਧਰਤੀ ‘ਤੇ ਪੈਰ ਰੱਖਣ ਤੋਂ ਪਹਿਲਾਂ ਹੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਨੌਜਵਾਨਾਂ ਅਤੇ ਕਿਸਾਨਾਂ ਨੂੰ ਘਰਾਂ ਵਿੱਚ ਨਜ਼ਰਬੰਦ ਕਰਕੇ ਤਾਨਾਸ਼ਾਹੀ ਦਾ ਸਬੂਤ ਦੇ ਦਿੱਤਾ ਹੈ। ਕੇਜਰੀਵਾਲ ਨੂੰ ਅਜਿਹਾ ਕਰਨ ਤੋਂ ਪਹਿਲਾਂ ਪੰਜਾਬ ਦਾ ਇਤਿਹਾਸ ਚੰਗੀ ਤਰ੍ਹਾਂ ਪੜ੍ਹਨਾ ਚਾਹੀਦਾ ਹੈ। ਉਹ ਪੰਜਾਬ ਦੇ ਨੌਜਵਾਨਾਂ ਨੂੰ ਇਸ ਤਰ੍ਹਾਂ ਡਰਾ ਨਹੀਂ ਸਕਦਾ। ਪੰਜਾਬੀ ਜਾਣਦੇ ਹਨ ਕਿ ਆਪਣੇ ਹੱਕ ਕਿਵੇਂ ਲੈਣੇ ਹਨ। ਦਿੱਲੀ ਦੀਆਂ ਚਾਲਾਂ ਪੰਜਾਬ ਵਿੱਚ ਕੰਮ ਨਹੀਂ ਕਰਨਗੀਆਂ। ਪੰਜਾਬ ਦੇ ਲੋਕ ਅਜਿਹੀ ਦਲੇਰੀ ਦਾ ਜਵਾਬ ਜ਼ਰੂਰ ਦੇਣਗੇ। ਪੰਜਾਬ ਪੁਲਿਸ ਨੂੰ ਹਥਿਆਰ ਵਜੋਂ ਵਰਤਣਾ ਸਸਤੀ ਰਾਜਨੀਤੀ ਹੈ, ਜੋ ਸਫਲ ਨਹੀਂ ਹੋਵੇਗੀ।
ਪਰਗਟ ਸਿੰਘ ਨੇ ਕਿਹਾ ਕਿ ਚੋਣਾਂ ਜਿੱਤਣ ਤੋਂ ਬਾਅਦ ਪੰਜਾਬ ਸਰਕਾਰ ਨੇ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ। ਪਿਛਲੇ ਸਾਢੇ ਤਿੰਨ ਸਾਲਾਂ ਵਿੱਚ ਇੱਕ ਵੀ ਭਰਤੀ ਨਹੀਂ ਕੀਤੀ ਗਈ ਹੈ ਅਤੇ ਹੁਣ ਉਹ ਇਨ੍ਹਾਂ ਬੇਰੁਜ਼ਗਾਰ ਨੌਜਵਾਨਾਂ ਦੇ ਵਿਰੋਧ ਤੋਂ ਡਰਦੇ ਹਨ।
ਪੰਜਾਬ ਪੁਲਿਸ ਨੇ ਦੇਰ ਰਾਤ ਇਨ੍ਹਾਂ ਯੂਨੀਅਨ ਆਗੂਆਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਤਾਂ ਜੋ ਉਹ ਅਰਵਿੰਦਰ ਕੇਜਰੀਵਾਲ ਦੇ ਪ੍ਰੋਗਰਾਮ ਵਿੱਚ ਸ਼ਾਂਤੀਪੂਰਵਕ ਵਿਰੋਧ ਕਰਨ ਲਈ ਪ੍ਰੋਗਰਾਮ ਵਾਲੀ ਥਾਂ ‘ਤੇ ਨਾ ਪਹੁੰਚ ਸਕਣ। ਕੀ ਇਹ ਲੋਕਤੰਤਰ ਹੈ?