ਸ਼੍ਰੀ ਆਨੰਦਪੁਰ ਸਾਹਿਬ, 14 ਅਗਸਤ (ਖ਼ਬਰ ਖਾਸ ਬਿਊਰੋ)
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਸਮੇਤ ਸਮੁੱਚੀ ਲੀਡਰਸ਼ਿਪ ਨੇ ਵੀਰਵਾਰ ਨੂੰ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਗਿਆਨੀ ਹਰਪ੍ਰੀਤ ਸਿੰਘ ਦੇ ਆਉਣ ਦੀ ਖ਼ਬਰ ਮਿਲਣ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੀਟਿੰਗ ਹਾਲ ਨੂੰ ਜ਼ਿੰਦਾ ਲਗਾ ਦਿੱਤਾ। ਜਿਸ ਕਰਕੇ ਗਿਆਨੀ ਹਰਪ੍ਰੀਤ ਸਿੰਘ ਤੇ ਹੋਰਨਾਂ ਨੂੰ ਕਾਫ਼ੀ ਪਰੇਸ਼ਾਨੀ ਦਾਸਾਹਮਣਾ ਕਰਨਾ ਪਿਆ।
ਗਿਆਨੀ ਹਰਪ੍ਰੀਤ ਸਿੰਘ ਆਪਣੇ ਸਾਥੀਆਂ ਨਾਲ ਅੱਜ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੀਟਿੰਗ ਹਾਲ ਵਿੱਚ ਗਏ, ਪਰ ਹਾਲ ਨੂੰ ਤਾਲਾ ਲੱਗਿਆ ਹੋਇਆ ਸੀ। ਮੀਟਿੰਗ ਹਾਲ ਦਾ ਗੇਟ ਦਿਨ ਵੇਲੇ ਕਦੇ ਵੀ ਬੰਦ ਨਹੀਂ ਹੁੰਦਾ। ਸ਼੍ਰੋਮਣੀ ਕਮੇਟੀ ਦੇ ਗਲਿਆਰੇ ਵਿੱਚ ਨਵੇਂ ਪ੍ਰਧਾਨ ਅਤੇ ਉਹਨਾਂ ਦੇ ਸਾਥੀਆਂ ਨੂੰ ਬੈਠਣ ਲਈ ਜਗ੍ਹਾ ਨਹੀਂ ਦਿੱਤੀ ਗਈ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਬਕਾ ਮੈਂਬਰ ਗੁਰਿੰਦਰ ਸਿੰਘ ਗੋਗੀ ਨੇ ਕਿਹਾ ਕਿ ਉਹਨਾਂ ਨੂੰ ਕਮੇਟੀ ਦੇ ਮੁਲਾਜ਼ਮਾਂ ਨੈ ਬੈਠਣ ਲਈ ਜਗਾ ਦੇਣ ਅਤੇ ਹੋਰ ਸੁਵਿਧਾਵਾਂ ਦੇਣ ਦਾ ਵਾਅਦਾ ਕੀਤਾ ਸੀ, ਪਰ ਅੱਜ ਕਮੇਟੀ ਨੇ ਮੀਟਿੰਗ ਹਾਲ ਨੂੰ ਜ਼ਿੰਦਰਾ ਲਗਾ ਦਿੱਤਾ। ਉਨਾਂ ਕਿਹਾ ਕਿ ਨਰੈਣੂ ਮਹੰਤ ਦੀਆਂ ਰੂਹ ਉਤਰ ਆਈ ਹੈ। ਗੋਗੀ ਨੇ ਕਿਹਾ ਕਿ ਕਮੇਟੀ ਦੇ ਮੁਲਾਜ਼ਮਾਂ ਨੇ ਇਹ ਵੀ ਖ਼ਿਆਲ ਨਹੀਂ ਕੀਤਾ ਕਿ ਅੱਜ ਬਾਰਸ਼ ਹੋ ਰਹੀ ਹੈ। ਉਨਾਂ ਕਿਹਾ ਕਿ ਉਹ ਤਾਂ ਗੁਰੂ ਅੱਗੇ ਅਰਦਾਸ ਕਰਦੇ ਹਨ ਕਿ ਜਲਦੀ ਸੰਸਥਾਵਾ ਪੰਥ ਹਵਾਲੇ ਹੋਣ ਤੇ ਨਰੈਣੂ ਮਹੰਤ ਦੀ ਸੋਚ ਦਾ ਅੰਤ ਹੋਵੇ॥

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰ ਸਿੱਖ ਆਪਣੀ ਨਵੀਂ ਜ਼ਿੰਮੇਵਾਰੀ ਸ਼ੁਰੂ ਕਰਨ ਤੋਂ ਪਹਿਲਾਂ ਵਾਹਿਗੁਰੂ ਅੱਗੇ ਅਰਦਾਸ ਕਰਦਾ ਹੈ। ਉਨ੍ਹਾਂ ਸਮੇਤ ਸਾਰੇ ਸਾਥੀਆਂ ਨੇ ਅੱਜ ਇਸ ਮਕਸਦ ਲਈ ਤਖ਼ਤ ਸਾਹਿਬ ਵਿਖੇ ਸੀਸ ਝੁਕਾਇਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਚੰਡੀਗੜ੍ਹ ਵਿੱਚ ਹੋਈ ਪਾਰਟੀ ਦੀ ਪਹਿਲੀ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਈ ਦਹਾਕੇ ਪਹਿਲਾਂ ਪਾਸ ਕੀਤੇ ਗਏ ਆਨੰਦਪੁਰ ਸਾਹਿਬ ਦੇ ਮਤੇ ਅਤੇ ਅੰਮ੍ਰਿਤਸਰ ਐਲਾਨਨਾਮੇ ਦੀ ਜਾਂਚ ਲਈ ਇੱਕ ਕਮੇਟੀ ਬਣਾਈ ਗਈ ਹੈ।ਇਸਦੀ ਰਿਪੋਰਟ ਆਉਣ ਤੋਂ ਬਾਅਦ ਇਸ ‘ਤੇ ਚਰਚਾ ਕੀਤੀ ਜਾਵੇਗੀ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਰਟੀ ਦਾ ਪੂਰਾ ਢਾਂਚਾ ਜਲਦੀ ਹੀ ਤਿਆਰ ਕੀਤਾ ਜਾ ਰਿਹਾ ਹੈ। ਇਹ ਪਾਰਟੀ ਪੰਥ ਅਤੇ ਪੰਜਾਬ ਨੂੰ ਪੂਰੀ ਤਰ੍ਹਾਂ ਸਮਰਪਿਤ ਹੋਵੇਗੀ। ਪਾਰਟੀ ਆਉਣ ਵਾਲੀਆਂ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਪੂਰੇ ਜੋਸ਼ ਨਾਲ ਹਿੱਸਾ ਲਵੇਗੀ। ਉਨ੍ਹਾਂ ਕਿਹਾ ਕਿ ਦੂਜੀਆਂ ਪਾਰਟੀਆਂ ਨਾਲ ਗੱਠਜੋੜ ਸਬੰਧੀ ਕੋਈ ਵੀ ਫੈਸਲਾ ਪਾਰਟੀ ਦੀ ਸਹਿਮਤੀ ਨਾਲ ਹੀ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਸੜਕੀ ਪ੍ਰੋਜੈਕਟਾਂ ਨੂੰ ਰੱਦ ਕਰਨਾ ਸੂਬਾ ਸਰਕਾਰ ਦੀ ਨਾਕਾਮੀ ਹੈ। ਕੇਂਦਰ ਨੇ ਇਨ੍ਹਾਂ ਪ੍ਰੋਜੈਕਟਾਂ ਲਈ 800 ਕਰੋੜ ਰੁਪਏ ਦੀ ਰਕਮ ਵਾਪਸ ਲੈ ਲਈ, ਇਹ ਸੂਬੇ ਦੀ ਬਦਕਿਸਮਤੀ ਹੈ। ਉਨ੍ਹਾਂ ਨਾਲ ਸੀਨੀਅਰ ਪਾਰਟੀ ਆਗੂ ਇਕਬਾਲ ਸਿੰਘ ਝੂੰਦਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੰਤਾ ਸਿੰਘ ਉਮੈਦਪੁਰੀ, ਬੀਬੀ ਸਤਵਿੰਦਰ ਕੌਰ ਧਾਲੀਵਾਲ, ਸੁੱਚਾ ਸਿੰਘ ਛੋਟੇਪੁਰ, ਗੁਰਿੰਦਰ ਸਿੰਘ ਗੋਗੀ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ, ਹਰਬੰਸ ਸਿੰਘ ਕੰਧੋਲਾ, ਪ੍ਰੀਤਮ ਸਿੰਘ ਸੱਲੋਮਾਜਰਾ ਤੇ ਹੋਰ ਮੌਜੂਦ ਸਨ।