ਅਕਾਲੀ ਦਲ ਦਾ ਫੈਸਲਾ-ਕਾਹਲੋਂ ਦੀ ਮੈਂਬਰਸ਼ਿੱਪ ਰੱਦ, ਬੀਬੀ ਹਰਜਿੰਦਰ ਕੌਰ ਦੀ ਬਹਾਲ

ਚੰਡੀਗੜ 15 ਮਈ ( ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਅੱਜ ਦੋ ਫੈਸਲੇ ਲਏ  ਹਨ। ਪਾਰਟੀ ਵਿਰੋਧੀ ਕਾਰਵਾਈਆਂ ਕਾਰਨ ਪਿਛਲੇ ਦਿਨ ਦਲ ਵਿਚੋ ਬਾਹਰ ਕੱਢੀ ਬੀਬੀ ਹਰਜਿੰਦਰ ਕੌਰ ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰਸ਼ਿਪ ਬਹਾਲ ਕਰ ਦਿੱਤੀ ਗਈ ਜਦਕਿ ਦੂਜੇ ਪਾਸੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋ ਦੇ ਬੇਟੇ ਰਵੀਕਰਨ ਸਿੰਘ ਕਾਹਲੋ ਨੂੰ ਪਾਰਟੀ ਵਿਚੋਂ  ਕੱਢ ਦਿੱਤਾ ਗਿਆ ਹੈ। ਕਾਹਲੋਂ ‘ਤੇ ਪਾਰਟੀ ਵਿਰੋਧੀ ਗਤੀਵਿਧੀਆ ਕਰਨ ਦਾ ਦੋਸ਼ ਹੈ। ਪਾਰਟੀ ਦੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਆਪਣੇ ਐਕਸ ਅਕਾਉਂਟ ਤੇ ਜਾਣਕਾਰੀ ਦਿੱਤੀ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿਰੋਧੀ ਗਤੀਵਿਧੀਆ ਕਾਰਨ ਡੇਰਾ ਬਾਬਾ ਨਾਨਕ ਵਿਧਾਨ ਸਭਾ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ਼ ਕਰਕੇ ਪਾਰਟੀ ਵਿਚੋਂ ਕੱਢ ਦਿਤਾ ਹੈ।ਉਨਾਂ ਕਿਹਾ ਕਿ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬਾਦਲ ਨੇ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਿਆਂ ਨੂੰ ਬਰਦਾਸ਼ਤ ਨਹੀ ਕੀਤਾ ਜਾ ਸਕਦਾ। 

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

 ਪਾਰਟੀ ਦੇ ਜਨਰਲ ਸਕੱਤਰ  ਬਲਵਿੰਦਰ ਸਿੰਘ ਭੂੰਦੜ ਨੇ ਇਕ ਬਿਆਨ ਵਿਚ ਕਿਹਾ ਕਿ ਕੇਸ ਦੇ ਸਾਰੇ ਤੱਥਾਂ ਦੀ ਪੜਚੋਲ ਕਰਨ ਤੋਂ ਬਾਅਦ ਇਹ ਸਾਹਮਣੇ ਆਇਆ ਹੈ ਕਿ ਬੀਬੀ ਹਰਜਿੰਦਰ ਕੌਰ ਸਵੇਰ ਦੀ ਸੈਰ ਵੇਲੇ ਭਾਜਪਾ ਦੇ ਉਮੀਦਵਾਰ ਨੂੰ ਮਿਲ ਗਏ ਸੀ।
ਸਾਰੇ ਮਾਮਲੇ ਦੀ ਘੋਖ ਤੋਂ ਬਾਅਦ ਇਹ ਵੀ ਸਾਹਮਣੇ ਆਇਆ ਕਿ ਬੀਬੀ ਹਰਜਿੰਦਰ ਕੌਰ ਨੇ ਭਾਜਪਾ ਲਈ ਕੋਈ ਪ੍ਰਚਾਰ ਨਹੀਂ ਕੀਤਾ ਤੇ ਨਾ ਹੀ ਭਾਜਪਾ ਦੀ ਕਿਸੇ ਸਟੇਜ ’ਤੇ ਗਏ।ਇਸ ਲਈ ਫੈਸਲਾ ਕੀਤਾ ਗਿਆ ਕਿ ਪਾਰਟੀ ਦੇ ਪਹਿਲਾਂ ਲਏ ਫੈਸਲੇ ਦੀ ਮੁੜ ਸਮੀਖਿਆ ਕੀਤੀ ਜਾਵੇ ਅਤੇ ਬੀਬੀ ਹਰਜਿੰਦਰ ਕੌਰ ਦੀ ਬਰਖ਼ਾਸਤਗੀ ਦਾ ਫੈਸਲਾ ਵਾਪਸ ਲਿਆ ਜਾਵੇ।
ਭੂੰਦੜ ਨੇ ਕਿਹਾ ਕਿ ਪਾਰਟੀ ਦੀ ਕਾਰਵਾਈ ਮਗਰੋਂ ਬੀਬੀ ਹਰਜਿੰਦਰ ਕੌਰ ਵੱਡੀ ਗਿਣਤੀ ਵਿਚ ਲੋਕਾਂ ਨੂੰ ਨਾਲ ਲੈ ਕੇ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੂੰ ਮਿਲੇ ਅਤੇ ਲੋਕਾਂ ਨੇ ਬੀਬੀ ਜੀ ਵੱਲੋਂ ਪਾਰਟੀ ਦੇ ਨਾਲ-ਨਾਲ ਕੌਮ ਦੀ ਕੀਤੀ ਜਾ ਰਹੀ ਸੇਵਾ ਤੋਂ ਜਾਣੂ ਕਰਵਾਇਆ। ਪਾਰਟੀ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਬੀਬੀ ਜੀ ਨੇ ਕਿਸਾਨ ਮੋਰਚੇ ਦੇ ਨਾਲ-ਨਾਲ ਬੰਦੀ ਸਿੰਘਾਂ ਦੀ ਰਿਹਾਈ ਦੀ ਮੁਹਿੰਮ ਵਿਚ ਵੀ ਭਾਗ ਲਿਆ ਤੇ ਆਪਣੀ ਸਮਾਜ ਸੇਵਾ, ਧਾਰਮਿਕ ਸੇਵਾ ਤੇ ਸਿਆਸੀ ਗਤੀਵਿਧੀਆਂ ਨਾਲ ਚੰਡੀਗੜ੍ਹ ਵਿਚ ਅਕਾਲੀ ਦਲ ਦਾ ਨਾਂ ਬਣਾਇਆ। ਬੀਬੀ ਜੀ ਨੇ ਵੀ ਇਹ ਸਪਸ਼ਟ ਕੀਤਾ ਕਿ ਉਹ ਅਕਾਲੀ ਸਨ ਅਤੇ ਹਮੇਸ਼ਾ ਰਹਿਣਗੇ ਤੇ ਹਮੇਸ਼ਾ ਅਕਾਲੀ ਸਿਧਾਂਤ ਉਹਨਾਂ ਦਾ ਮਾਰਗ ਦਰਸ਼ਨ ਕਰਦੇ ਰਹਿਣਗੇ।
ਭੂੰਦੜ ਨੇ ਕਿਹਾ ਕਿ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਸਾਰੇ ਮਾਮਲੇ ਤੋਂ ਜਾਣੂ ਕਰਵਾਇਆ ਗਿਆ ਤੇ ਇਹ ਵੀ ਦੱਸਿਆ ਗਿਆ ਕਿ ਬੀਬੀ ਜੀ ਨੇ ਪੰਥਕ ਕਦਰਾਂ ਕੀਮਤਾਂ ਅਨੁਸਾਰ ਹੀ ਜੀਵਨ ਜੀਵਿਆ ਹੈ। ਬੀਬੀ ਜੀ ਦਾ ਸਮਾਜ ਸੇਵਾ ਵਿਚ ਵੀ ਵੱਡਾ ਰਿਕਾਰਡ ਹੈ ਤੇ ਉਹਨਾਂ ਦਾ ਪੰਥਕ ਕਦਰਾਂ ਕੀਮਤਾਂ ਨੂੰ ਦੁਨੀਆਂ ਭਰ ਵਿਚ ਪ੍ਰਚਾਰਨ ਵਿਚ ਵੀ ਵੱਡਾ ਨਾਂ ਹੈ। ਉਹ ਹਮੇਸ਼ਾ ਨਿਮਰਤਾ ਤੇ ਸਾਦਗੀ ਨਾਲ ਉੱਚਾ ਸੁੱਚਾ ਜੀਵਨ ਬਤੀਤ ਕਰਦੇ ਹਨ। ਉਹਨਾਂ ਕਿਹਾ ਕਿ ਇਸ ਅਨੁਸਾਰ ਹੀ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਵਿਚ ਮੁੜ ਬਹਾਲ ਕੀਤਾ ਗਿਆ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

Leave a Reply

Your email address will not be published. Required fields are marked *