ਚੰਡੀਗੜ੍ਹ, 25 ਅਗਸਤ (ਖ਼ਬਰ ਖਾਸ ਬਿਊਰੋ)
ਕਾਂਗਰਸ ਵਰਕਰਾਂ ਅਤੇ ਆਗੂਆਂ ਨੇ ਅੱਜ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਵਿਰੁੱਧ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ‘ਸਾਮ, ਦਾਮ, ਦੰਡ ਭੇਦ…’ ਦੀ ਵਰਤੋਂ ਕਰਨ ਸਬੰਧੀ ਟਿੱਪਣੀਆਂ ਬਾਰੇ ਰਸਮੀ ਤੌਰ ਤੇ ਸ਼ਿਕਾਇਤਾਂ ਦਰਜ ਕਰਵਾਈਆਂ।
ਪਾਰਟੀ ਦੇ ਬੁਲਾਰੇ ਨੇ ਅੱਜ ਇੱਥੇ ਕਿਹਾ ਕਿ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਪਾਰਟੀ ਵਰਕਰਾਂ ਨੇ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਹਨ ਅਤੇ ਹਰੇਕ ਜ਼ਿਲ੍ਹੇ/ਕਮਿਸ਼ਨਰੇਟ ਦੇ ਹਰੇਕ ਐਸ.ਐਸ.ਪੀ/ਕਮਿਸ਼ਨਰ ਤੋਂ ‘ਆਪ’ ਆਗੂ ਵਿਰੁੱਧ ਪੁਲਿਸ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।
ਸੂਬਾ ਕਾਂਗਰਸ ਦੇ ਬੁਲਾਰੇ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਿਸੋਦੀਆ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਕੀਤੀ ਆਪਣੀ ਟਿੱਪਣੀ ਰਾਹੀਂ ਆਪਣੇ ਪਾਰਟੀ ਵਰਕਰਾਂ ਨੂੰ ਹਿੰਸਾ ਸਮੇਤ ਸਾਰੇ ਤਰੀਕਿਆਂ ਦੀ ਵਰਤੋਂ ਕਰਨ ਲਈ ਉਕਸਾਇਆ ਹੈ, ਜਿਸਦਾ ਹਿੰਸਾ ਤੋਂ ਇਲਾਵਾ ਕੋਈ ਹੋਰ ਮਤਲਬ ਨਹੀਂ ਹੈ।
ਬੁਲਾਰੇ ਨੇ ਕਿਹਾ ਕਿ ਗੈਂਗਸਟਰਾਂ ਵੱਲੋਂ ਹੱਤਿਆਵਾਂ ਅਤੇ ਆਏ ਦਿਨ ਫਿਰੌਤੀ ਮੰਗਣ ਸਬੰਧੀ ਕਾਲਾਂ ਆਉਣ ਦੀਆਂ ਵੱਧ ਰਹੀਆਂ ਘਟਨਾਵਾਂ ਕਾਰਨ ਪੰਜਾਬ ਦੇ ਲੋਕ ਪਹਿਲਾਂ ਹੀ ਡਰ ਦੇ ਮਾਹੌਲ ਵਿੱਚ ਜੀਅ ਰਹੇ ਹਨ। ਜਦਕਿ ਹੁਣ ਸਿਸੋਦੀਆ ਨੇ ਚੋਣਾਂ ਜਿੱਤਣ ਲਈ ਹਿੰਸਾ ਦੀ ਵਰਤੋਂ ਦਾ ਸੁਝਾਅ ਦੇ ਕੇ ਡਰ ਨੂੰ ਹੋਰ ਵਧਾ ਦਿੱਤਾ ਹੈ। ਜਿਸ ਬਾਰੇ ਪਾਰਟੀ ਨੇ ਚੇਤਾਵਨੀ ਦਿੱਤੀ ਹੈ ਕਿ ਇਸਨੂੰ ਕੋਈ ਵੀ ਪੰਜਾਬੀ ਬਰਦਾਸ਼ਤ ਨਹੀਂ ਕਰੇਗਾ।
ਇਸ ਦੌਰਾਨ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਸਮੇਤ ਸਾਰੇ ਕਮਿਸ਼ਨਰੇਟਾਂ ਅਤੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਵਿੱਚ ਸ਼ਿਕਾਇਤਾਂ ਦਰਜ ਕਾਰਵਾਈਆਂ ਗਈਆਂ।