ਚੰਡੀਗੜ੍ਹ, 10 ਅਕਤੂਬਰ (ਖ਼ਬਰ ਖਾਸ ਬਿਊਰੋ )
ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਡਾ ਨਛੱਤਰ ਪਾਲ ਨੇ ਹਰਿਆਣਾ ਦੇ ਸੀਨੀਅਰ ਪੁਲਿਸ ਅਧਿਕਾਰੀ ਵਾਈ ਪੂਰਨ ਕੁਮਾਰ ਵਲੋਂ ਖੁਦਕਸ਼ੀ ਕਰਨ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਦੇਸ਼ ਵਿਚ ਭਾਜਪਾ ਦੀ ਸਰਕਾਰ ਬਣਨ ਬਾਅਦ ਦਲਿਤ ਵਰਗ ’ਤੇ ਅੱਤਿਆਚਾਰ ਵਿੱਚ ਭਾਰੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਮਿੱਥ ਕੇ ਦਲਿਤਾਂ ਖਿਲਾਫ਼ ਅਤਿਆਚਾਰ ਕੀਤੇ ਜਾ ਰਹੇ ਹਨ।
ਸੁਪਰੀਮ ਕੋਰਟ ਦੇ ਜਸਟਿਸ ਉਤੇ ਜੁੱਤੀ ਸੁੱਟਣਾ ਵੀ ਇਸੇ ਮਾਨਸਿਕਤਾ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਏਡੀਜੀਪੀ ਦੇ ਅਹੁੱਦੇ ’ਤੇ ਤਾਇਨਾਤ ਪੁਲਿਸ ਅਧਿਕਾਰੀ ਅਤੇ ਚੀਫ ਜਸਟਿਸ ’ਤੇ ਜੁੱਤੀ ਸੁੱਟਣ ਦੀ ਘਟਨਾਂ ਨੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਮਨੂੰਵਾਦੀ ਲੋਕਾਂ ਦੇ ਮਨਾਂ ਵਿਚੋ ਜਾਤਪਾਤ ਦਾ ਕੀੜ੍ਹਾ ਨਿਕਲ ਨਹੀ ਰਿਹਾ। ਉਨ੍ਹਾਂ ਕਿਹਾ ਕਿ ਵੱਡੇ ਅਹੁੱਦੇ ’ਤੇ ਬੈਠੇ ਲੋਕਾਂ, ਅਫਸਰਾਂ ਨੂੰ ਜਦੋ ਮਾਨਸਿਕ ਤੌਰ ’ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ ਤਾਂ ਆਮ ਲੋਕਾਂ ਦਾ ਕੀ ਹਾਲ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਘਟਨਾਵਾਂ ਦੇਸ਼ ਦੇ ਕਾਨੂੰਨ ਅਤੇ ਸੰਵਿਧਾਨ ਦਾ ਅਪਮਾਨ ਹਨ। ਉਨ੍ਹਾਂ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਤੋ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਜੁਡੀਸ਼ੀਅਲ ਸ਼ਕਤੀਆਂ ਦੇਣ ਦੀ ਮੰਗ ਕੀਤੀ ਤਾਂ ਜੋ ਦਲਿਤ ਵਰਗ ਨੂੰ ਨਿਆਂ ਦੇਣ ਵਿਚ ਹੋਰ ਤੇਜ਼ੀ ਲਿਆਂਦੀ ਜਾ ਸਕੇ।
ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਰਾਜ ਵਿਚ ਦਲਿਤਾਂ ਨੂੰ ਜਨਤਕ ਤੌਰ ਤੇ ਜ਼ਲੀਲ ਕਰਨਾ, ਕੁੱਟਮਾਰ ਅਤੇ ਕਤਲ ਵਰਗੀਆਂ ਘਟਨਾਵਾਂ ਆਮ ਹਨ।
ਡਾ ਨਛੱਤਰ ਪਾਲ ਨੇ ਕਿਹਾ ਕਿ ਦੇਸ਼ ਵਿਚ ਵੱਡੇ ਅਹੁੱਦੇ ’ਤੇ ਤਾਇਨਾਤ ਅਫ਼ਸਰਾਂ ਨਾਲ ਵੀ ਭੇਦਭਾਵ ਕੀਤਾ ਜਾਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਡਿਪਟੀ ਕਮਿਸ਼ਰਨਾਂ, ਐੱਸ.ਐੱਸ.ਪੀ ਸਮੇਤ ਹੋਰਨਾਂ ਅਹੁੱਦਿਆਂ ’ਤੇ ਵੀ ਦਲਿਤ ਵਰਗ ਨਾਲ ਸਬੰਧਤ ਅਧਿਕਾਰੀਆਂ ਦੀ ਤਾਇਨਾਤੀ ਹੋਣੀ ਚਾਹੀਦੀ ਹੈ।