ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:25 ਅਕਤੂਬਰ ਨੂੰ ਮੁੱਖ ਮੰਤਰੀ ਸਮੇਤ ਸਮੁੱਚੀ ਕੈਬਨਿਟ ਰਹੇਗੀ ਹਾਜ਼ਰ

ਚੰਡੀਗੜ੍ਹ, 22 ਅਕਤੂਬਰ (ਖ਼ਬਰ ਖਾਸ ਬਿਊਰੋ)

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਵੱਡੇ ਪੱਧਰ ਉੱਤੇ ਮਨਾਉਣ ਲਈ ਲੜੀਵਾਰ ਸਮਾਗਮ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਨਵੀਂ ਦਿੱਲੀ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਨੌਵੇਂ ਪਾਤਸ਼ਾਹ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਮੌਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਦੇ ਸਾਰੇ ਮੰਤਰੀ ਅਤੇ ਹੋਰ ਉੱਚ ਅਧਿਕਾਰੀ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਦੌਰਾਨ ਮੁੱਖ ਮੰਤਰੀ ਭਗੰਵਤ ਸਿੰਘ ਮਾਨ ਵੱਲੋਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਅਸਥਾਨਾਂ ਉੱਤੇ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।

ਹੋਰ ਪੜ੍ਹੋ 👉  ਪੰਜਾਬ ਵਿੱਚ 21 ਸਰਕਾਰੀ ਕਾਲਜਾਂ ਨੂੰ ਨਵੇਂ ਪ੍ਰਿੰਸੀਪਲ ਮਿਲੇ

ਸੌਂਦ ਨੇ ਅੱਗੇ ਦੱਸਿਆ ਕਿ 25 ਅਕਤੂਬਰ ਦੀ ਸ਼ਾਮ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਵਿਸ਼ਾਲ ਕੀਰਤਨ ਦਰਬਾਰ ਦੀ ਵਿਵਸਥਾ ਕੀਤੀ ਜਾਵੇਗੀ ਅਤੇ ਗੁਰੂ ਸਾਹਿਬ ਦੇ ਜੀਵਨ, ਉਪਦੇਸ਼ ਤੇ ਫਲਸਫੇ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੇ ਮਹੀਨੇ ਦੌਰਾਨ ਵੱਡੇ ਪੱਧਰ ਉੱਤੇ ਸਮਾਗਮ ਕਰਵਾਏ ਜਾਣਗੇ।

ਉਨ੍ਹਾਂ ਕਿਹਾ ਕਿ ਇਸ ਇਤਹਿਾਸਕ ਮੌਕੇ ਉੱਤੇ ਪੰਜਾਬ ਸਰਕਾਰ ਵੱਲੋਂ ਖਾਲਸੇ ਦੀ ਪਵਿੱਤਰ ਧਰਤੀ ਸ੍ਰੀ ਆਨੰਦਪੁਰ ਸਾਹਿਬ ਦੀ ਕਾਇਆ ਕਲਪ ਲਈ ਵੱਡੇ ਕਾਰਜ ਆਰੰਭ ਦਿੱਤੇ ਗਏ ਹਨ ਅਤੇ ਬੀਤੇ ਦਿਨੀਂ ਭਾਈ ਜੈਤਾ ਜੀ ਦੀ ਯਾਦਗਾਰ ਵਿੱਚ ਇਤਿਹਾਸ ਨੂੰ ਰੂਪਮਾਨ ਕਰਦੀਆਂ ਪੰਜ ਗੈਲਰੀਆਂ ਮਨੁੱਖਤਾ ਨੂੰ ਸਮਰਪਿਤ ਕੀਤੀਆਂ ਗਈਆਂ ਹਨ। ਇਸ ਯਾਦਗਾਰ ਦਾ ਕੁੱਲ ਖੇਤਰ 5 ਏਕੜ ਹੈ। ਇਸ ਵਿੱਚੋਂ ਕਵਰਡ ਖੇਤਰ ਤਕਰੀਬਨ 2 ਏਕੜ ਹੈ ਅਤੇ ਕੰਸਟ੍ਰਕਸ਼ਨ ਖੇਤਰ 3200 ਵਰਗ ਫੁੱਟ ਹੈ।

ਹੋਰ ਪੜ੍ਹੋ 👉  ਮੀਡੀਆ ਦੀ ਚੁਣੌਤੀਆਂ ਅਤੇ ਪੱਤਰਕਾਰਾਂ ਦੀਆਂ ਮੰਗਾਂ ਬਾਰੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਫ਼ੈਸਲਾ

ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦੀ ਸਮਾਗਮਾਂ ਦੇ ਹਿੱਸੇ ਵਜੋਂ 19 ਨਵੰਬਰ ਤੋਂ 22 ਨੰਬਰ ਤੱਕ 4 ਨਗਰ ਕੀਰਤਨ ਸਜਾਏ ਜਾਣਗੇ, ਜਿਸ ਦੀ ਸ਼ੁਰੂਆਤ ਸ੍ਰੀਨਗਰ ਤੋਂ ਹੋਵੇਗੀ।

Leave a Reply

Your email address will not be published. Required fields are marked *